ਅਕਾਲੀ ਦਲ ਦੇ ਵਫ਼ਦ ਵੱਲੋਂ ਪੀੜਤ ਕਿਸਾਨ ਪਰਿਵਾਰਾਂ ਨਾਲ ਮੁਲਾਕਾਤ

0


ਟ੍ਰਿਬਿਊਨ ਿਨਊਜ਼ ਸਰਵਿਸ

ਚੰਡੀਗੜ੍ਹ, 8 ਅਕਤੂਬਰ

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੰਗ ਕੀਤੀ ਕਿ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਨੂੰ ਤੁਰੰਤ ਬਰਖ਼ਾਸਤ ਕਰਕੇ ਉਸ ਦੇ ਪੁੱਤਰ ਅਸ਼ੀਸ਼ ਮਿਸ਼ਰਾ ਨੂੰ ਗ੍ਰਿਫ਼ਤਾਰ ਕੀਤਾ ਜਾਵੇ। ਅਕਾਲੀ ਦਲ ਦੇ ਵਫ਼ਦ ਸਮੇਤ ਪੀੜਤ ਪਰਿਵਾਰਾਂ ਨੂੰ ਮਿਲਣ ਪਹੁੰਚੀ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਇਹ ਕਾਰਾ ਬਦਲਾਖੋਰੀ ਦੀ ਭਾਵਨਾ ਨਾਲ ਕੀਤਾ ਗਿਆ ਕਿਉਂਕਿ ਮੁਲਜ਼ਮ ਦੇ ਪਿਤਾ ਅਜੈ ਮਿਸ਼ਰਾ ਨੇ ਕਿਸਾਨਾਂ ਨੂੰ ਚਿਤਾਵਨੀ ਦਿੱਤੀ ਸੀ ਕਿ ਉਹ ਕੋਈ ਰੋਸ ਪ੍ਰਦਰਸ਼ਨ ਨਾ ਕਰਨ ਨਹੀਂ ਤਾਂ ਨਤੀਜੇ ਭੁਗਤਣੇ ਪੈਣਗੇ। ਉਨ੍ਹਾਂ ਕਿਹਾ ਕਿ ਕਿਸਾਨਾਂ ਦਾ ਪ੍ਰਦਰਸ਼ਨ ਸ਼ਾਂਤਮਈ ਸੀ ਪਰ ਮੰਤਰੀ ਦੇ ਪੁੱਤਰ ਨੇ ਹਿੰਸਾ ਕੀਤੀ। ਹਰਸਿਮਰਤ ਬਾਦਲ ਨੇ ਕਿਹਾ ਕਿ ਕੇਂਦਰ ਤੇ ਯੂਪੀ ਸਰਕਾਰ ਇਸ ਘਿਨੌਣੇ ਕੇਸ ਵਿਚ ਕੋਈ ਕਾਰਵਾਈ ਨਹੀਂ ਕਰ ਰਹੀ ਹਾਲਾਂਕਿ ਸਪੱਸ਼ਟ ਸਬੂਤ ਮੌਜੂਦ ਹਨ। ਉਨ੍ਹਾਂ ਕਿਹਾ ਕਿ ਵੀਡੀਓ ਫੁਟੇਜ ਤੇ ਗਵਾਹ ਵੀ ਮੌਜੂਦ ਹਨ। ਸਾਬਕਾ ਕੇਂਦਰੀ ਮੰਤਰੀ ਬਾਦਲ ਨੇ ਕਿਹਾ ਕਿ ਇਸੇ ਤਰ੍ਹਾਂ ਇਕ ਹੋਰ ਵੀਡੀਓ ਕੇਂਦਰੀ ਗ੍ਰਹਿ ਰਾਜ ਮੰਤਰੀ ਮਿਸ਼ਰਾ ਦੇ ਘਰ ਦੀ ਸਾਹਮਣੇ ਆਈ ਹੈ ਜਿਸ ਵਿਚ ਉਹ ਕਿਸਾਨਾਂ ਨੂੰ ਧਮਕਾ ਰਹੇ ਹਨ ਤੇ ਹਿੰਸਾ ਭੜਕਾ ਰਹੇ ਹਨ। ਅਕਾਲੀ ਦਲ ਦੇ ਵਫ਼ਦ ਨੇ ਅੱਜ ਉਨ੍ਹਾਂ ਚਾਰ ਕਿਸਾਨਾਂ ਤੇ ਪੱਤਰਕਾਰ ਦੀ ਰਿਹਾਇਸ਼ ’ਤੇ ਵੀ ਦੁੱਖ ਸਾਂਝਾ ਕੀਤਾ ਜਿਨ੍ਹਾਂ ਨੂੰ ਭਾਜਪਾ ਦੇ ਮੰਤਰੀ ਦੇ ਪੁੱਤਰ ਨੇ ਆਪਣੀ ਗੱਡੀ ਹੇਠ ਦਰੜ ਦਿੱਤਾ ਸੀ। ਵਫ਼ਦ ਨੇ ਚੌਖਰਾ ਪਿੰਡ ਵਿਚ ਲਵਪ੍ਰੀਤ ਸਿੰਘ, ਨਾਮਧਾਰਪੁਰ ਵਿਚ ਨਛੱਤਰ ਸਿੰਘ, ਵਣਜਾਰਨ ਟਾਪਾ ਵਿਚ ਦਲਜੀਤ ਸਿੰਘ, ਮੋਹਰਨੀਆ ਵਿਚ ਗੁਰਵਿੰਦਰ ਸਿੰਘ ਤੇ ਨਿਗਾਸਨ ਪਿੰਡ ਵਿਚ ਪੱਤਰਕਾਰ ਰਮਨ ਕਸ਼ਯਪ ਦੀ ਰਿਹਾਇਸ਼ ’ਤੇ ਜਾ ਕੇ ਦੁੱਖ ਸਾਂਝਾ ਕੀਤਾ। ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਹਰ ਪੀੜਤ ਪਰਿਵਾਰ ਨੂੰ 5-5 ਲੱਖ ਰੁਪਏ ਦਾ ਚੈੱਕ ਸੌਂਪਿਆ ਤੇ ਭਰੋਸਾ ਦੁਆਇਆ ਕਿ ਸ਼੍ਰੋਮਣੀ ਕਮੇਟੀ ਉਨ੍ਹਾਂ ਦੇ ਬੱਚਿਆਂ ਦੀ ਪੜ੍ਹਾਈ ਦਾ ਖ਼ਰਚ ਚੁੱਕੇਗੀ। ਪੀੜਤ ਪਰਿਵਾਰਾਂ ਨੂੰ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਲਿਆਂਦਾ ‘ਪ੍ਰਸ਼ਾਦ’ ਤੇ ‘ਸਿਰੋਪਾ’ ਵੀ ਭੇਟ ਕੀਤਾ ਗਿਆ। ਪਰਿਵਾਰਾਂ ਨੇ ਅਕਾਲੀ ਦਲ ਦੇ ਵਫ਼ਦ ਨੂੰ ਦੱਸਿਆ ਕਿ ਕਥਿਤ ਦੋਸ਼ੀ ਸਥਾਨਕ ਸਨ ਜਿਨ੍ਹਾਂ ਦੀ ਸ਼ਨਾਖ਼ਤ ਹੋ ਚੁੱਕੀ ਹੈ ਪਰ ਹਾਲੇ ਤੱਕ ਉਹ ਗ੍ਰਿਫ਼ਤਾਰ ਨਹੀਂ ਕੀਤੇ ਗਏ। ਇਸ ਮੌਕੇ ਮੌਜੂਦ ਕਈ ਇਲਾਕਾ ਵਾਸੀਆਂ ਨੇ ਦੱਸਿਆ ਕਿ ਆਸ਼ੀਸ਼ ‘ਗੁੰਡਾ ਅਨਸਰ’ ਹੈ ਜਿਸ ਨੇ ਕਿਸਾਨਾਂ ਵੱਲੋਂ ਪ੍ਰਗਟਾਏ ਰੋਸ ਤੋਂ ਗੁੱਸੇ ਵਿਚ ਆ ਕੇ ਬਦਲਾਖੋਰੀ ਦੀ ਭਾਵਨਾ ਨਾਲ ਇਹ ਸਭ ਕੁਝ ਕੀਤਾ। ਉਨ੍ਹਾਂ ਕਿਹਾ ਕਿ ਕਿਸਾਨਾਂ ਦਾ ਕਤਲ ਗਿਣੀ-ਮਿੱਥੀ ਸਾਜ਼ਿਸ਼ ਤਹਿਤ ਕੀਤਾ ਗਿਆ।


Leave a Reply