ਮਹਾਂਵੀਰ ਮਿੱਤਲ

ਜੀਂਦ, 9 ਜੂਨ

ਕਾਂਗਰਸ ਦੇ ਸੀਨੀਅਰ ਆਗੂ ਅਤੇ ਕੌਮੀ ਜਨਰਲ ਸਕੱਤਰ ਰਣਦੀਪ ਸਿੰਘ ਸੁਰਜੇਵਾਲਾ ਨੇ ਕਿਹਾ ਕਿ ਹਰਿਆਣਾ ਸਰਕਾਰ ਜਾਣ-ਬੁੱਝ ਕੇ ਕਿਸਾਨਾਂ ਨੂੰ ਭੜਕਾ ਰਹੀ ਹੈ ਤਾਂ ਕਿ ਕਿਸਾਨ ਅੰਦੋਲਨ ਕਰਨ ਲਈ ਮਜਬੂਰ ਹੋਣ। ਉਹ ਅੱਜ ਇੱਥੇ ਜ਼ਿਲ੍ਹਾ ਕੋਰਟ ਵਿੱਚ ਬੀਬੀਪੁਰ ਦੇ ਕਿਸਾਨ ਦਲਬੀਰ ਸਿੰਘ ਦੀ ਜ਼ਮਾਨਤ ਲਈ ਕੇਸ ਦੀ ਪੈਰਵੀ ਕਰਨ ਲਈ ਪਹੁੰਚੇ ਸਨ। ਕਿਸਾਨ ਦਲਬੀਰ ਸਿੰਘ ਨੂੰ 29 ਮਈ ਦੀ ਸ਼ਾਮ ਨੂੰ ਪੁਲੀਸ ਨੇ ਸੋਸ਼ਲ ਮੀਡੀਆ ’ਤੇ ਦਿੱਤੇ ਗਏ ਬਿਆਨ ਦੇ ਆਧਾਰ ਉੱਤੇ ਰਾਜਧਰੋਹ ਜਿਹੇ ਸੰਗੀਨ ਮਾਮਲੇ ਅਤੇ ਫਰਵਰੀ 2017 ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਟਿੱਪਣੀ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਸੀ।

ਜ਼ਿਲ੍ਹਾ ਕੋਰਟ ਵਿੱਚ ਸੁਣਵਾਈ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਸੁਰਜੇਵਾਲਾ ਨੇ ਕਿਹਾ ਕਿ ਖੱਟਰ-ਚੌਟਾਲਾ ਸਰਕਾਰ ਕਿਸਾਨ ਜਥੇਬੰਦੀਆਂ ਦੇ ਕਾਰਕੁਨਾਂ ਖ਼ਿਲਾਫ਼ ਨਾਜਾਇਜ਼ ਕੇਸ ਦਰਜ ਕਰਕੇ ਉਨ੍ਹਾਂ ਨੂੰ ਜੇਲ੍ਹਾਂ ਵਿੱਚ ਡੱਕ ਰਹੀ ਹੈ। ਉਨ੍ਹਾਂ ਕਿਹਾ ਕਿ ਸਵਾ ਚਾਰ ਸਾਲ ਪੁਰਾਣੇ ਇੱਕ ਕੇਸ ਵਿੱਚ ਡਾ. ਦਲਬੀਰ ਸਿੰਘ ਬੀਬੀਪੁਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ, ਜਿਸ ਤੋਂ ਸਾਫ਼ ਹੈ ਕਿ ਸਰਕਾਰ ਜਾਣ-ਬੁੱਝ ਕੇ ਕਿਸਾਨਾਂ ਨੂੰ ਭੜਕਾ ਰਹੀ ਹੈ। ਕਾਂਗਰਸੀ ਆਗੂ ਨੇ ਕੇਂਦਰੀ ਖੇਤੀ ਮੰਤਰੀ ਦੇ ‘ਕਿਸਾਨਾਂ ਦੀਆਂ ਮੰਗਾਂ ਖਾਰਜ ਕਰੋ’ ਦੇ ਬਿਆਨ ਦੀ ਨਿਖੇਧੀ ਕਰਦਿਆਂ ਕਿਹਾ ਕਿ ਜੇਕਰ ਖੇਤੀ ਮੰਤਰੀ ਚਾਹੁਣ ਤਾਂ ਕਿਸਾਨਾਂ ਨਾਲ ਦੁਬਾਰਾ ਗੱਲਬਾਤ ਕਰ ਸਕਦੇ ਹਨ। ਉਨ੍ਹਾਂ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਮੰਨ ਕੇ ਅੰਦੋਲਨ ਖ਼ਤਮ ਕਰਵਾਉਣ ਦੀ ਅਪੀਲ ਕੀਤੀ।

LEAVE A REPLY

Please enter your comment!
Please enter your name here