ਪ੍ਰਭੂ ਦਿਆਲ

ਸਿਰਸਾ, 10 ਜੂਨ

ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਸਬੰਧੀ ਕਿਸਾਨਾਂ ਵੱਲੋਂ ਭਾਜਪਾ ਤੇ ਜਜਪਾ ਆਗੂਆਂ ਦਾ ਵਿਰੋਧ ਦਾ ਲਗਾਤਾਰ ਜਾਰੀ ਹੈ। ਇਸੇ ਤਹਿਤ ਕਿਸਾਨਾਂ ਨੇ ਅੱਜ ਸੀਡੀਐੱਲਯੂ ਦੇ ਗੇਟ ’ਤੇ ਭਾਜਪਾ-ਜਜਪਾ ਨੇਤਾਵਾਂ ਨੂੰ ਕਾਲੇ ਝੰਡੇ ਦਿਖਾਉਂਦਿਆਂ ਸੂਬਾ ਅਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।

ਚੌਧਰੀ ਦੇਵੀ ਲਾਲ ਯੂਨੀਵਰਸਿਟੀ ਵਿੱਚ ਭਾਜਪਾ ਅਤੇ ਜਜਪਾ ਆਗੂ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਅਗਵਾਈ ਹੇਠ ਯੋਜਨਾਵਾਂ ਦਾ ਵਰਚੁਅਲ ਉਦਘਾਟਨ ਕਰ ਰਹੇ ਸਨ। ਜਿਉਂ ਹੀ ਕਿਸਾਨਾਂ ਨੂੰ ਸੀਡੀਐੱਲਯੂ ਵਿੱਚ ਇਸ ਸਮਾਗਮ ਦੀ ਭਿਣਕ ਪਈ ਤਾਂ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਕਿਸਾਨ ਹੱਥਾਂ ਵਿੱਚ ਕਾਲੇ ਝੰਡੇ ਲੈ ਕੇ ਯੂਨੀਵਰਸਿਟੀ ਦੇ ਦੋਵੇਂ ਗੇਟਾਂ ’ਤੇ ਪਹੁੰਚ ਗਏ। ਕਿਸਾਨਾਂ ਨੇ ਸਮਾਗਮ ਵਿੱਚ ਆਏ ਭਾਜਪਾ ਅਤੇ ਜਜਪਾ ਆਗੂਆਂ ਦਾ ਵਿਰੋਧ ਕਰਦਿਆਂ ਸੂਬਾ ਸਰਕਾਰ ਦੇ ਨਾਲ-ਨਾਲ ਕੇਂਦਰ ਸਰਕਾਰ ਖ਼ਿਲਾਫ਼ ਵੀ ਨਾਅਰੇਬਾਜ਼ੀ ਕੀਤੀ।

ਪੁਲੀਸ ਨੇ ਹਫੜਾ-ਦਫੜੀ ਵਿੱਚ ਬੈਰੀਕੇਡ ਲਾ ਕੇ ਕਿਸਾਨਾਂ ਨੂੰ ਯੂਨੀਵਰਸਿਟੀ ਦੇ ਅੰਦਰ ਜਾਣ ਤੋਂ ਰੋਕਿਆ। ਕਿਸਾਨਾਂ ਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਦੁਹਰਾਉਂਦਿਆਂ ਕਿਹਾ ਕਿ ਜਦੋਂ ਤੱਕ ਖੇਤੀ ਕਾਨੂੰਨ ਰੱਦ ਨਹੀਂ ਹੋ ਜਾਂਦੇ, ਹਰਿਆਣਾ ਵਿੱਚ ਭਾਜਪਾ ਅਤੇ ਜਜਪਾ ਆਗੂਆਂ ਦਾ ਬਾਈਕਾਟ ਇਸੇ ਤਰ੍ਹਾਂ ਜਾਰੀ ਰਹੇਗਾ।

ਹਰਿਆਣਾ ਦੇ ਕਿਸਾਨਾਂ ਵੱਲੋਂ ਖੱਟਰ ਸਰਕਾਰ ਦੇ ਸਮਾਗਮਾਂ ਦਾ ਵਿਰੋਧ

ਚੰਡੀਗੜ੍ਹ (ਆਤਿਸ਼ ਗੁਪਤਾ): ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਬੇਸ਼ਕ ਵੀਡੀਓ ਕਾਨਫਰੰਸਿੰਗ ਰਾਹੀਂ 1100 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਹੈ। ਨੀਂਹ ਪੱਥਰ ਰੱਖਣ ਵਾਲੀਆਂ ਥਾਵਾਂ ’ਤੇ ਵੀ ਕਿਸਾਨ ਸੰਘਰਸ਼ ਦਾ ਅਸਰ ਦਿਖਾਈ ਦਿੱਤਾ, ਜਿੱਥੇ ਹਰਿਆਣਾ ਦੀਆਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਵਿਰੋਧ ਪ੍ਰਦਰਸ਼ਨ ਕੀਤਾ। ਇਸ ਦੌਰਾਨ ਕੈਥਲ ਵਿੱਚ ਮਹਿਲਾ ਵਿਕਾਸ ਵਿਭਾਗ ਦੀ ਚੇਅਰਮੈਨ ਬਬੀਤਾ ਫੌਗਾਟ ਪਹੁੰਚੀ, ਜਿਸ ਨੂੰ ਕਿਸਾਨ ਜਥੇਬੰਦੀਆਂ ਨੇ ਕਾਲੇ ਝੰਡੇ ਦਿਖਾਏ। ਸਿਰਸਾ ਵਿੱਚ ਕਿਸਾਨ ਆਗੂਆਂ ਨੇ ਭਾਜਪਾ ਅਤੇ ਜਜਪਾ ਆਗੂਆਂ ਨੂੰ ਕਾਲੇ ਝੰਡੇ ਦਿਖਾ ਕੇ ਨਾਅਰੇਬਾਜ਼ੀ ਕੀਤੀ। ਇਸੇ ਤਰ੍ਹਾਂ ਸੂਬੇ ਵਿੱਚ ਹੋਰਨਾਂ ਥਾਵਾਂ ’ਤੇ ਵੀ ਕਿਸਾਨ ਜਥੇਬੰਦੀਆਂ ਨੇ ਭਾਜਪਾ ਅਤੇ ਜਜਪਾ ਆਗੂਆਂ ਦਾ ਵਿਰੋਧ ਕੀਤਾ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਸੂਬੇ ਦੇ 16 ਜ਼ਿਲ੍ਹਿਆਂ ਵਿੱਚ ਵਿਕਾਸ ਕਾਰਜਾਂ ਦਾ ਵੀਡੀਓ ਕਾਨਫਰੰਸਿੰਗ ਰਾਹੀਂ ਨੀਂਹ ਪੱਥਰ ਰੱਖਦਿਆਂ ਕਿਹਾ ਕਿ ਸੂਬੇ ਵਿੱਚ ਸਿਹਤ, ਆਯੂਰਵੇਦ, ਸਿੱਖਿਆ, ਸੜਕ, ਪਾਣੀ, ਬਿਜਲੀ ਅਤੇ ਖੇਡਾਂ ਦੇ ਖੇਤਰ ਵਿੱਚ ਸੁਧਾਰ ਕੀਤਾ ਜਾਵੇਗਾ।

LEAVE A REPLY

Please enter your comment!
Please enter your name here