ਆਤਿਸ਼ ਗੁਪਤਾ

ਚੰਡੀਗੜ੍ਹ, 2 ਮਈ

ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰ ਰਹੀਆਂ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਸੂਬੇ ਵਿੱਚ ਟੌਲ ਪਲਾਜ਼ਿਆਂ, ਪੂੰਜੀਪਤੀ ਘਰਾਣਿਆਂ ਦੇ ਟਿਕਾਣਿਆਂ ਅੱਗੇ, ਪੈਟਰੋਲ ਪੰਪਾਂ, ਰੇਲਵੇ ਪਾਰਕਾਂ ਅਤੇ ਭਾਜਪਾ ਆਗੂਆਂ ਦੇ ਘਰਾਂ/ਦਫ਼ਤਰਾਂ ਦੇ ਬਾਹਰ ਧਰਨੇ ਅੱਜ ਵੀ ਜਾਰੀ ਰਹੇ। ਇਸ ਦੇ ਨਾਲ ਹੀ ਕਿਸਾਨ ਬੀਬੀਆਂ ਨੇ ਵੀ ਕਿਸਾਨੀ ਸੰਘਰਸ਼ ’ਚ ਡਟਵਾਂ ਸਾਥ ਦਿੰਦਿਆਂ ਪਿੰਡਾਂ ਵਿੱਚ ਜਾਗੋ ਮਾਰਚ ਕੱਢੇ ਅਤੇ ਲੋਕਾਂ ਨੂੰ ਕਿਸਾਨੀ ਅੰਦੋਲਨ ਵਿੱਚ ਵਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਆ।

ਭਾਰਤੀ ਕਿਸਾਨ ਯੂਨੀਅਨ ਦੇ ਆਗੂ ਸੁਖਦੇਵ ਸਿੰਘ ਕੋਕਰੀਕਲਾਂ ਨੇ ਕਿਹਾ ਕਿ ਭਾਜਪਾ ਦੀ ਲੋਕ ਵਿਰੋਧੀ ਸੋਚ ਦਾ ਦੇਸ਼ ਭਰ ਵਿੱਚ ਵਿਰੋਧ ਹੋ ਰਿਹਾ ਹੈ, ਜਿਸ ਦਾ ਨਤੀਜਾ ਅੱਜ ਪੱਛਮੀ ਬੰਗਾਲ ਸਣੇ ਹੋਰਾਂ ਸੂਬਿਆਂ ਵਿੱਚ ਭਾਜਪਾ ਦੀ ਹਾਰ ਨਾਲ ਸਭ ਦੇ ਸਾਹਮਣੇ ਆ ਗਿਆ ਹੈ। ਉਨ੍ਹਾਂ ਕਿਹਾ ਕਿ 5 ਥਾਵਾਂ ’ਤੇ ਹੋਈਆਂ ਚੋਣਾਂ ਵਿੱਚ ਲੋਕਾਂ ਨੇ ਆਪਣਾ ਗੁੱਸਾ ਕੱਢਿਆ ਹੈ। ਹਾਲੇ ਵੀ ਕੇਂਦਰ ਸਰਕਾਰ ਕੋਲ ਸਮਾਂ ਹੈ ਕਿ ਉਹ ਕਿਸਾਨਾਂ ਦੀਆਂ ਮੰਗਾਂ ਮੰਨ ਲਵੇ ਨਹੀਂ ਤਾਂ ਆਉਣ ਵਾਲਾ ਸਮਾਂ ਹੋਰ ਮੁਸ਼ਕਿਲ ਹੋਵੇਗਾ। ਕਿਸਾਨ ਆਗੂ ਨੇ ਕਿਹਾ ਕਿ ਕੇਂਦਰ ਸਰਕਾਰ ਕਰੋਨਾ ਦੇ ਨਾਮ ’ਤੇ ਕਿਸਾਨ ਅੰਦੋਲਨ ਨੂੰ ਕਮਜ਼ੋਰ ਕਰਨ ਦੀ ਰਣਨੀਤੀ ਤਿਆਰ ਕਰ ਰਹੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਕਿਸਾਨਾਂ ਨੇ ਸਾਫ਼ ਕਹਿ ਦਿੱਤਾ ਹੈ ਕਿ ‘ਅਸੀਂ ਕਰੋਨਾ ਤੋਂ ਤਾਂ ਬਚ ਜਾਵਾਂਗੇ ਪਰ ਤਿੰਨੇ ਖੇਤੀ ਵਿਰੋਧੀ ਕਾਨੂੰਨ ਲਾਗੂ ਹੋ ਗਏ ਤਾਂ ਸਾਡਾ ਕੋਈ ਬਚਾਅ ਨਹੀਂ ਹੋਣਾ।’ ਇਸੇ ਕਰਕੇ ਖੇਤੀ ਕਾਨੂੰਨਾਂ ਵਿਰੁੱਧ ਲੜਾਈ ਅਹਿਮ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ਕਿਸਾਨਾਂ ਦੀ ਮੰਗਾਂ ਨੂੰ ਮੰਨਦਿਆਂ ਤਿੰਨੇ ਖੇਤੀ ਕਾਨੂੰਨ ਰੱਦ ਕਰਕੇ ਐੱਮਐੱਸਪੀ ’ਤੇ ਫ਼ਸਲਾਂ ਦੀ ਖਰੀਦ ਦਾ ਕਾਨੂੰਨ ਨਹੀਂ ਲੈ ਕੇ ਆਉਂਦੀ, ਉੱਦੋਂ ਤੱਕ ਇਹ ਸੰਘਰਸ਼ ਜਾਰੀ ਰਹਿਣਗੇ। ਪੰਜਾਬ ਵਿੱਚ ਕਿਸਾਨਾਂ ਨੇ ਹਾੜ੍ਹੀ ਦੀ ਵਾਢੀ ਅਤੇ ਤੂੜੀ ਦੀ ਸਾਂਭ-ਸੰਭਾਲ ਕਰਦਿਆਂ ਹੀ ਮੁੜ ਦਿੱਲੀ ਮੋਰਚਿਆਂ ਵੱਲ ਮੂੰਹ ਕਰ ਲਿਆ ਹੈ। ਸੂਬੇ ਦੇ ਮੋਗਾ, ਫਿਰੋਜ਼ਪੁਰ, ਫਰੀਦਕੋਟ, ਸੰਗਰੂਰ, ਬਰਨਾਲਾ, ਬਠਿੰਡਾ, ਮਾਨਸਾ, ਪਟਿਆਲਾ, ਲੁਧਿਆਣਾ ਤੋਂ ਦਰਜਨਾਂ ਕਾਫ਼ਲੇ ਦਿੱਲੀ ਦੀ ਟਿਕਰੀ ਅਤੇ ਸਿੰਘੂ ਹੱਦ ’ਤੇ ਲੱਗੇ ਮੋਰਚੇ ਵਿੱਚ ਹਿੱਸਾ ਲੈਣ ਲਈ ਰਵਾਨਾ ਹੋ ਗਏ ਹਨ। ਆਗੂ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਕਾਫ਼ਲੇ ਵੀ ਦਿੱਲੀ ਲਈ ਰਵਾਨਾ ਹੋਣਗੇ। ਪੰਜਾਬ ਵਿੱਚ ਔਰਤਾਂ ਵੀ ਘਰ ਦੇ ਕੰਮ ਦੇ ਨਾਲ-ਨਾਲ ਸੰਘਰਸ਼ ਦੀ ਕਮਾਨ ਦੀ ਸਾਂਭ ਰਹੀਆਂ ਹਨ।

ਕਿਸਾਨ ਆਗੂ ਜਸਮੀਤ ਕੌਰ ਨੇ ਕਿਹਾ ਕਿ ਪੰਜਾਬ ਵਿੱਚ ਔਰਤਾਂ ਵੱਲੋਂ ਰੋਜ਼ਾਨਾ ਜਾਗੋ ਕੱਢੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆਪਣੇ ਹੱਕਾਂ ਲਈ ਸੰਘਰਸ਼ ਕਰਦਿਆਂ ਨੂੰ ਲੰਬਾ ਸਮਾਂ ਬੀਤ ਚੁੱਕਿਆ ਹੈ ਪਰ ਕੇਂਦਰ ਸਰਕਾਰ ਕਿਸਾਨਾਂ ਦੀ ਸਾਰ ਲੈਣ ਲਈ ਤਿਆਰ ਨਹੀਂ ਹੈ। ਉਨ੍ਹਾਂ ਮੰਗ ਕੀਤੀ ਕਿ ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਮੰਨਦਿਆਂ ਤਿੰਨੇ ਖੇਤੀ ਕਾਨੂੰਨ ਰੱਦ ਕਰੇ। ਜਥੇਬੰਦੀਆਂ ਨੇ ਕਰੋਨਾ ਦੀ ਆੜ ਹੇਠ ਲਗਾਈਆਂ ਜਾ ਰਹੀਆਂ ਪਾਬੰਦੀਆਂ ਦੀ ਨਿਖੇਧੀ ਕੀਤੀ।

ਪੱਛਮੀ ਬੰਗਾਲ ਦੇ ਚੋਣ ਨਤੀਜਿਆਂ ਨੇ ਕਾਰਪੋਰੇਟ ਪੱਖੀ ਸਰਕਾਰ ਦਾ ਲੱਕ ਤੋੜਿਆ: ਭੰਗੂ

ਚੰਡੀਗੜ੍ਹ: ਸੰਯੁਕਤ ਕਿਸਾਨ ਮੋਰਚੇ ਦੇ ਆਗੂ ਅਤੇ ਆਲ ਇੰਡੀਆ ਕਿਸਾਨ ਫੈਡਰੇਸ਼ਨ ਦੇ ਪ੍ਰਧਾਨ ਪ੍ਰੇਮ ਸਿੰਘ ਭੰਗੂ ਨੇ ਪੱਛਮੀ ਬੰਗਾਲ ਚੋਣਾਂ ਦੇ ਨਤੀਜਿਆਂ ਲਈ ਲੋਕਾਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਚੋਣ ਨਤੀਜਿਆਂ ਨੇ ਕਾਰਪੋਰੇਟ ਪੱਖੀ ਅਤੇ ਕਿਸਾਨ ਵਿਰੋਧੀ ਕੇਂਦਰ ਸਰਕਾਰ ਦਾ ਲੱਕ ਤੋੜ ਦਿੱਤਾ ਹੈ, ਜੋ ਵਿਸ਼ਵ ਵਪਾਰ ਸੰਸਥਾ, ਸੰਸਾਰ ਬੈਂਕ ਅਤੇ ਵਿੱਤੀ ਸਰਮਾਏ ਨੂੰ ਖੁਸ਼ ਕਰਨ ਲਈ ਲੋਕ ਵਿਰੋਧੀ ਨੀਤੀਆਂ ਤਿਆਰ ਕਰਨ ’ਚ ਲੱਗੀ ਹੋਈ ਸੀ। ਉਨ੍ਹਾਂ ਕਿਹਾ ਕਿ ਮੋਰਚੇ ਦੇ ਆਗੂਆਂ ਵੱਲੋਂ ਬੰਗਾਲ ਜਾ ਕੇ ਤਿੰਨ ਖੇਤੀ ਕਾਨੂੰਨ ਬਣਾਉਣ ਵਾਲੀ ਭਾਜਪਾ ਨੂੰ ਹਰਾਉਣ ਦੇ ਸੱਦੇ ’ਤੇ ਲੋਕਾਂ ਨੇ ਮੋਹਰ ਲਾਈ ਹੈ। ਇਨ੍ਹਾਂ ਚੋਣਾਂ ਨਾਲ ਭਾਜਪਾ ਦੀਆਂ ਲੋਕ ਵਿਰੋਧੀ, ਕਾਰਪੋਰੇਟ ਪੱਖੀ ਅਤੇ ਫਿਰਕੂ ਨੀਤੀਆਂ ਖ਼ਿਲਾਫ਼ ਜਨ ਅੰਦੋਲਨ ਖੜ੍ਹਾ ਹੋਣ ਦਾ ਰਾਹ ਪੱਧਰਾ ਹੋਵੇਗਾ। ਉਨ੍ਹਾਂ ਮੰਗ ਕੀਤੀ ਕਿ ਖੇਤੀ ਵਿਰੋਧੀ ਕਾਲੇ ਕਾਨੂੰਨ ਰੱਦ ਕੀਤੇ ਜਾਣ ਅਤੇ ਐੱਮਐੱਸਪੀ ਨੂੰ ਕਾਨੂੰਨੀ ਦਰਜਾ ਦਿੱਤਾ ਜਾਵੇ ਨਹੀਂ ਤਾਂ ਭਾਜਪਾ ਨੂੰ ਆਉਣ ਵਾਲੇ ਸਮੇਂ ਵਿੱਚ ਦੇਸ਼ ਪੱਧਰ ’ਤੇ ਇਸ ਦੀ ਸਿਆਸੀ ਕੀਮਤ ਅਦਾ ਕਰਨੀ ਪਵੇਗੀ।

LEAVE A REPLY

Please enter your comment!
Please enter your name here