ਜਸਵੰਤ ਜੱਸ

ਫ਼ਰੀਦਕੋਟ, 5 ਜੂਨ

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਪਾਰਟੀ ਆਗੂਆਂ ਨਾਲ ਦਿੱਲੀ ਵਿੱਚ ਇੱਕ ਅਹਿਮ ਮੀਟਿੰਗ ਕੀਤੀ ਹੈ। ਮੀਟਿੰਗ ਦੌਰਾਨ ਦੂਜੀਆਂ ਪਾਰਟੀਆਂ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਅਤੇ ‘ਆਪ’ ਛੱਡ ਕੇ ਦੂਜੀਆਂ ਪਾਰਟੀਆਂ ਵਿੱਚ ਜਾਣ ਵਾਲੇ ਆਗੂਆਂ ਬਾਰੇ ਵੀ ਵਿਚਾਰ ਚਰਚਾ ਕੀਤੀ ਗਈ। ਹਾਲਾਂਕਿ ਇਸ ਮੀਟਿੰਗ ਨੂੰ ਪੂਰੀ ਤਰ੍ਹਾਂ ਗੁਪਤ ਰੱਖਿਆ ਗਿਆ। ਅਰਵਿੰਦ ਕੇਜਰੀਵਾਲ ਨੇ ਇਕੱਲੇ-ਇਕੱਲੇ ਪਾਰਟੀ ਆਗੂ ਨਾਲ ਪੰਜਾਬ ਦੇ ਸਿਆਸੀ ਹਾਲਾਤਾਂ ਬਾਰੇ ਮੀਟਿੰਗ ਕੀਤੀ ਅਤੇ ਸੰਭਾਵੀ ਉਮੀਦਵਾਰਾਂ ਵੱਲੋਂ ਪਿਛਲੇ ਚਾਰ ਸਾਲਾਂ ਦੌਰਾਨ ਆਪਣੇ ਹਲਕੇ ਵਿੱਚ ਕੀਤੀਆਂ ਗਈਆਂ ਸਰਗਰਮੀਆਂ ਦਾ ਜਾਇਜ਼ਾ ਲਿਆ। ਸੂਤਰਾਂ ਅਨੁਸਾਰ ਆਮ ਆਦਮੀ ਪਾਰਟੀ ਜੁਲਾਈ ਦੇ ਪਹਿਲੇ ਹਫ਼ਤੇ ਉਮੀਦਵਾਰਾਂ ਦਾ ਐਲਾਨ ਕਰਨਾ ਚਾਹੁੰਦੀ ਸੀ ਪਰ ਕੁਝ ਕਾਰਨਾਂ ਕਰਕੇ ਹੁਣ ਇਹ ਐਲਾਨ ਜੁਲਾਈ ਦੀ ਥਾਂ ਅਕਤੂਬਰ ਦੇ ਆਖਰੀ ਹਫ਼ਤੇ ਜਾਂ ਨਵੰਬਰ ਵਿੱਚ ਕਰਨ ਦੀ ਸੰਭਾਵਨਾ ਹੈ। ਹਾਲਾਂਕਿ ਪਾਰਟੀ ਸੁਪਰੀਮੋ ਨੇ ਸੰਭਾਵੀ ਉਮੀਦਵਾਰਾਂ ਨੂੰ ਆਪਣੇ ਹਲਕਿਆਂ ਵਿੱਚ ਸਰਗਰਮ ਰਹਿਣ ਤੇ ਆਗਾਮੀ ਵਿਧਾਨ ਸਭਾ ਚੋਣਾਂ ਲਈ ਤਿਆਰੀ ਕਰਨ ਦੇ ਨਿਰਦੇਸ਼ ਦਿੱਤੇ ਹਨ। ਅਰਵਿੰਦ ਕੇਜਰੀਵਾਲ ਨੇ ਮੀਟਿੰਗ ਤੋਂ ਪਹਿਲਾਂ ਆਪਣੇ ਆਗੂਆਂ ਬਾਰੇ ਖੁਫ਼ੀਆ ਜਾਣਕਾਰੀ ਵੀ ਹਾਸਲ ਕੀਤੀ ਅਤੇ ਆਪਣੇ ਆਗੂਆਂ ਦੇ ਫੇਸਬੁੱਕ ਖਾਤੇ ਵੀ ਬਾਕਾਇਦਾ ਤੌਰ ’ਤੇ ਚੈੱਕ ਕਰਵਾਏ। ਆਮ ਆਦਮੀ ਪਾਰਟੀ ਦੇ ਸੂਬਾਈ ਆਗੂ ਗੁਰਦਿੱਤ ਸਿੰਘ ਸੇਖੋਂ ਨੇ ਮੀਟਿੰਗ ਬਾਰੇ ਕੋਈ ਵੀ ਜਾਣਕਾਰੀ ਦੇਣ ਤੋਂ ਇਨਕਾਰ ਕਰਦਿਆਂ ਕਿਹਾ ਕਿ ਅਰਵਿੰਦ ਕੇਜਰੀਵਾਲ ਲਗਾਤਾਰ ਪੰਜਾਬ ਦੀ ਲੀਡਰਸ਼ਿਪ ਨਾਲ ਰਾਬਤੇ ਵਿੱਚ ਹਨ।

LEAVE A REPLY

Please enter your comment!
Please enter your name here