ਸਤਪਾਲ ਰਾਮਗੜ੍ਹੀਆ

ਪਿਹੋਵਾ, 10 ਜੂਨ

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਕਿ ਉਹ ਜਲਦੀ ਹੀ ਮੁੱਖ ਮੰਤਰੀ ਮਨੋਹਰ ਲਾਲ ਨੂੰ ਮਿਲਣਗੇ ਤੇ ਉਨ੍ਹਾਂ ਨੂੰ ਕਿਸਾਨ ਅੰਦੋਲਨ ਸਬੰਧੀ ਕੇਂਦਰ ਸਰਕਾਰ ਅਤੇ ਕਿਸਾਨਾਂ ਦਰਮਿਆਨ ਵਿਚੋਲਗੀ ਕਰਨ ਦਾ ਪ੍ਰਸਤਾਵ ਦੇਣਗੇ ਤਾਂ ਜੋ ਲੰਮੇ ਸਮੇਂ ਤੋਂ ਕਿਸਾਨਾਂ ਅਤੇ ਸਰਕਾਰ ਦਰਮਿਆਨ ਬਣੀ ਟਕਰਾਅ ਦੀ ਸਥਿਤੀ ਨੂੰ ਖਤਮ ਕੀਤਾ ਜਾ ਸਕੇ। ਜਥੇਦਾਰ ਬਲਜੀਤ ਸਿੰਘ ਦਾਦੂਵਾਲ ਪਿੰਡ ਬੀਬੀਪੁਰ ਕਲਾਂ ਵਿੱਚ ਇੱਕ ਸਮਾਗਮ ਨੂੰ ਸੰਬੋਧਨ ਕਰਨ ਪੁੱਜੇ ਸਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਗੱਲਬਾਤ ਦਾ ਦੌਰ ਸ਼ੁਰੂ ਕਰਦਿਆਂ ਅਜਿਹਾ ਰਾਹ ਲੱਭਣਾ ਚਾਹੀਦਾ ਹੈ, ਜਿਸ ਨਾਲ ਕਿਸਾਨ ਵੀ ਸੰਤੁਸ਼ਟ ਹੋ ਜਾਣ ਅਤੇ ਮੁੱਦਾ ਵੀ ਹੱਲ ਹੋ ਸਕੇ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਦਾ ਸਥਾਈ ਹੱਲ ਕਿਸਾਨਾਂ ਨਾਲ ਗੱਲ ਕਰਕੇ ਹੀ ਲੱਭਿਆ ਜਾ ਸਕਦਾ ਹੈ। ਜਥੇਦਾਰ ਦਾਦੂਵਾਲ ਨੇ ਕਿਹਾ ਕਿ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸੁਪਰੀਮ ਕੋਰਟ ਦੇ ਫ਼ੈਸਲੇ ਦੀ ਉਡੀਕ ਕਰ ਰਹੀ ਹੈ ਅਤੇ ਉਨ੍ਹਾਂ ਨੂੰ ਪੂਰਾ ਯਕੀਨ ਹੈ ਕਿ ਅਦਾਲਤ ਕਮੇਟੀ ਦੇ ਹੱਕ ਵਿੱਚ ਫ਼ੈਸਲਾ ਦੇਵੇਗੀ। ਉਨ੍ਹਾਂ ਕਿਹਾ ਕਿ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੈਨਰ ਹੇਠ ‘ਜੰਗਲਾਤ ਬਚਾਓ, ਪਾਣੀ ਬਚਾਓ’ ਮੁਹਿੰਮ ਛੇਤੀ ਹੀ ਸ਼ੁਰੂ ਕੀਤੀ ਜਾਵੇਗੀ, ਜਿਸ ਤਹਿਤ ਸੰਗਤ ਨੂੰ ਸੂਬੇ ਵਿੱਚ ਕਰੋੜਾਂ ਬੂਟੇ ਲਗਾਉਣ ਲਈ ਪ੍ਰੇਰਿਆ ਜਾਵੇਗਾ। ਇਸ ਮੌਕੇ ਜਥੇਦਾਰ ਸੱਤਪਾਲ ਸਿੰਘ ਰਾਮਗੜ੍ਹੀਆ, ਰਾਜਬੀਰ ਸਿੰਘ ਰਾਣਾ, ਵਿਕਾਸ ਰਾਣਾ, ਮਨਜੀਤ ਸਿੱਧੂ ਤੇ ਆਨੰਦਪਾਲ ਤੋਮਰ ਹਾਜ਼ਰ ਸਨ।

LEAVE A REPLY

Please enter your comment!
Please enter your name here