ਖੱਟਰ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

1


ਪੱਤਰ ਪ੍ਰੇਰਕ
ਨਵੀਂ ਦਿੱਲੀ, 9 ਅਕਤੂਬਰ

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਇਥੇ ਉਨ੍ਹਾਂ ਦੀ ਰਿਹਾਇਸ਼ ’ਤੇ ਮੁਲਾਕਾਤ ਕਰਕੇ ਕਿਸਾਨ ਅੰਦੋਲਨ ਕਾਰਨ ਪੈਦਾ ਹੋਏ ਸੂਬੇ ਦੇ ਹਾਲਾਤ ਤੋਂ ਜਾਣੂ ਕਰਵਾਇਆ। ਸਿੰਘੂ ਅਤੇ ਟਿਕਰੀ ਬਾਰਡਰਾਂ ’ਤੇ ਬੈਠੇ ਕਿਸਾਨਾਂ ਕਾਰਨ ਆਵਾਜਾਈ ’ਚ ਪੈ ਰਹੇ ਅੜਿੱਕੇ ਬਾਰੇ ਵੀ ਉਨ੍ਹਾਂ ਗ੍ਰਹਿ ਮੰਤਰੀ ਨੂੰ ਜਾਣਕਾਰੀ ਦਿੱਤੀ। ਆਵਾਜਾਈ ਠੱਪ ਰਹਿਣ ਕਾਰਨ ਲੋਕਾਂ ਨੂੰ ਆ ਰਹੀਆਂ ਦਿੱਕਤਾਂ ਸਬੰਧੀ ਸੁਪਰੀਮ ਕੋਰਟ ’ਚ ਪਾਈ ਗਈ ਪਟੀਸ਼ਨ ’ਤੇ ਸੁਣਵਾਈ ਤੋਂ ਪਹਿਲਾਂ ਖੱਟਰ ਅਤੇ ਅਮਿਤ ਸ਼ਾਹ ਨੇ ਇਹ ਬੈਠਕ ਕੀਤੀ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਸ੍ਰੀ ਖੱਟਰ ਨੇ ਕਿਹਾ,‘‘ਮੈਂ ਗ੍ਰਹਿ ਮੰਤਰੀ ਨੂੰ ਕਿਸਾਨਾਂ ਦੇ ਪ੍ਰਦਰਸ਼ਨਾਂ ਅਤੇ ਮਾਰਗ ਠੱਪ ਕਰਨ ਅਤੇ ਸੂਬਾ ਸਰਕਾਰ ਵੱਲੋਂ ਸੁਪਰੀਮ ਕੋਰਟ ’ਚ ਕੇਸ ਦੀ ਸੁਣਵਾਈ ਨਾਲ ਸਬੰਧਤ ਕੀਤੀ ਗਈ ਤਿਆਰੀ ਬਾਰੇ ਜਾਣਕਾਰੀ ਦਿੱਤੀ ਹੈ।’’ ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਨਾਲ ਗੱਲਬਾਤ ਕਰ ਰਹੀ ਹੈ ਤਾਂ ਜੋ ਮਿਲ-ਬੈਠ ਕੇ ਸੜਕਾਂ ਜਾਮ ਕਰਨ ਦੇ ਮੁੱਦੇ ਨੂੰ ਸੁਲਝਾ ਲਿਆ ਜਾਵੇ। ਕਿਸਾਨਾਂ ਵੱਲੋਂ ਸਰਕਾਰ ’ਤੇ ਬੈਰੀਕੇਡ ਲਾਏ ਜਾਣ ਦੇ ਦੋਸ਼ਾਂ ਬਾਰੇ ਉਨ੍ਹਾਂ ਕਿਹਾ ਕਿ ਹਾਲਾਤ ਨੂੰ ਦੇਖਦਿਆਂ ਇਹ ਕਦਮ ਉਠਾਇਆ ਗਿਆ ਸੀ। ਰਾਹ ਖੁੱਲ੍ਹਵਾਉਣ ਲਈ ਸਰਕਾਰ ਵੱਲੋਂ ਸੰਭਾਵੀ ਤਾਕਤ ਦੀ ਵਰਤੋਂ ਕੀਤੇ ਜਾਣ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ’ਚ ਖੱਟਰ ਨੇ ਕਿਹਾ ਕਿ ਕਿਸਾਨਾਂ ਨਾਲ ਗੱਲਬਾਤ ਜਾਰੀ ਹੈ ਤਾਂ ਕਾਰਵਾਈ ਬਾਰੇ ਸੋਚਣਾ ਠੀਕ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਕਿਸਾਨਾਂ ਨੇ ਆਖਿਆ ਹੈ ਕਿ ਉਹ ਲੋਕਾਂ ਲਈ ਕੋਈ ਮੁਸ਼ਕਲ ਪੈਦਾ ਨਹੀਂ ਕਰਨਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ 20 ਅਕਤੂਬਰ ਨੂੰ ਹਰਿਆਣਾ ਸਰਕਾਰ ਸੁਪਰੀਮ ਕੋਰਟ ’ਚ ਆਪਣਾ ਪੱਖ ਪੇਸ਼ ਕਰੇਗੀ।

ਇਸ ਤੋਂ ਪਹਿਲਾਂ ਭਾਰਤੀ ਕਿਸਾਨ ਸੰਘ ਦੀ ਅਗਵਾਈ ਹੇਠ ਸੋਨੀਪਤ ਜ਼ਿਲ੍ਹੇ ਦੇ ਵੱਖ-ਵੱਖ ਕਿਸਾਨ ਨੁਮਾਇੰਦਿਆਂ ਨੇ ਨਵੀਂ ਦਿੱਲੀ ਵਿੱਚ ਇੱਕ ਮੀਟਿੰਗ ਕਰਕੇ ਸਿੰਘੂ ਸਰਹੱਦ ’ਤੇ ਬੰਦ ਪਏ ਕੌਮੀ ਮਾਰਗ ਨੂੰ ਖੁੱਲ੍ਹਵਾਉਣ ਬਾਰੇ ਵਿਚਾਰ ਵਟਾਂਦਰਾ ਕੀਤਾ। ਉਨ੍ਹਾਂ ਹਰਿਆਣਾ ਭਵਨ ’ਚ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਮੰਗ ਪੱਤਰ ਵੀ ਸੌਂਪਿਆ। ਮੁੱਖ ਮੰਤਰੀ ਨੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਹੈ ਕਿ ਰਾਹ ਖੁੱਲ੍ਹਵਾਉਣ ਲਈ ਸਾਰੇ ਯਤਨ ਜਾਰੀ ਹਨ।

ਹਰਿਆਣਾ ਦੇ ਕਿਸਾਨ ਨਹੀਂ ਸਾੜ ਰਹੇ ਪਰਾਲੀ: ਖੱਟਰ

ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਹਰਿਆਣਾ ਵਿੱਚ ਪਰਾਲੀ ਸਾੜੇ ਜਾਣ ਤੋਂ ਪੱਲਾ ਝਾੜਦਿਆਂ ਕਿਹਾ ਕਿ ਸੂਬੇ ਵਿੱਚ ਕੰਪਨੀਆਂ ਵੱਲੋਂ ਪਰਾਲੀ ਖਰੀਦੀ ਜਾ ਰਹੀ ਹੈ ਜਿਸ ਕਰਕੇ ਕਿਸਾਨਾਂ ਦੀ ਪ੍ਰਤੀ ਏਕੜ ਆਮਦਨੀ ਵੀ ਵਧੀ ਹੈ। ਉਨ੍ਹਾਂ ਕਿਹਾ ਕਿ ਝੋਨਾ ਬੀਜਣ ਵਾਲੇ ਕਿਸਾਨਾਂ ਨੂੰ ਇਕ ਹਜ਼ਾਰ ਰੁਪਏ ਪ੍ਰਤੀ ਏਕੜ ਉਤਸ਼ਾਹ ਰਕਮ ਵਜੋਂ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ’ਚ ਝੋਨੇ ਦੀ ਖ਼ਰੀਦ ਸੁਚਾਰੂ ਢੰਗ ਨਾਲ ਜਾਰੀ ਹੈ। ਜ਼ਿਕਰਯੋਗ ਹੈ ਕਿ ਹਰਿਆਣਾ, ਪੰਜਾਬ ਅਤੇ ਉੱਤਰ ਪ੍ਰਦੇਸ਼ ’ਚ ਪਰਾਲੀ ਸਾੜੇ ਜਾਣ ਕਾਰਨ ਦਿੱਲੀ-ਐੱਨਸੀਆਰ ਉਪਰ ਪ੍ਰਦੂਸ਼ਣ ਦੀ ਮਾਰ ਪੈਂਦੀ ਹੈ।


Leave a Reply