ਨਿੱਜੀ ਪੱਤਰ ਪ੍ਰੇਰਕ/ਪੱਤਰ ਪ੍ਰੇਰਕ
ਬਠਿੰਡਾ/ਭਗਤਾ ਭਾਈ, 24 ਅਗਸਤ
ਵਿਜੀਲੈਂਸ ਬਿਊਰੋ ਨੇ ਬਠਿੰਡਾ ਜ਼ਿਲ੍ਹੇ ਦੇ ਥਾਣਾ ਦਿਆਲਪੁਰਾ ਕੈਂਪ ਭਗਤਾ ਭਾਈਕਾ ਵਿੱਚ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏਐਸਆਈ) ਤਾਰਾ ਸਿੰਘ ਨੂੰ 3000 ਰੁਪਏ ਦੀ ਕਥਿਤ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਮੁਲਜ਼ਮ ਏਐੱਸਆਈ ਖਿਲਾਫ਼ ਵਿਜੀਲੈਂਸ ਬਿਊਰੋ ਥਾਣਾ ਬਠਿੰਡਾ ਰੇਂਜ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਮਨਪ੍ਰੀਤ ਸਿੰਘ ਵਾਸੀ ਪਿੰਡ ਅਕਲੀਆ ਜਲਾਲ, ਜ਼ਿਲ੍ਹਾ ਬਠਿੰਡਾ ਵੱਲੋਂ ਦਿੱਤੇ ਬਿਆਨ ਅਤੇ ਮੁਹੱਈਆ ਕਰਵਾਏ ਸਬੂਤਾਂ ਦੇ ਆਧਾਰ ’ਤੇ ਤਾਰਾ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਨੂੰ ਦੱਸਿਆ ਸੀ ਕਿ ਇੱਕ ਹਾਦਸੇ ਮਗਰੋਂ ਉਸ ਦਾ ਟਰੈਕਟਰ ਪੁਲੀਸ ਵੱਲੋਂ ਜ਼ਬਤ ਕਰ ਲਿਆ ਗਿਆ ਸੀ। ਇਸ ਨੂੰ ਛੱਡਣ ਲਈ ਤਾਰਾ ਸਿੰਘ ਨੇ ਰਿਸ਼ਵਤ ਵਜੋਂ 10,000 ਰੁਪਏ ਦੀ ਮੰਗੇ ਸਨ ਪਰ ਸੌਦਾ 8000 ਰੁਪਏ ’ਚ ਤੈਅ ਹੋਇਆ ਸੀ।