ਪੰਜਾਬੀ ਟ੍ਰਿਬਿਊਨ ਵੈੱਬ ਡੈੱਸ

ਕਚੰਡੀਗੜ੍ਹ, 21 ਜੁਲਾਈ

ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਵਿੱਚ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਦੀ ਨਵੀਂ ਆਸਾਮੀ ਨਾਲ ਸ਼ਹਿਰੀ ਸਥਾਨਕ ਇਕਾਈਆਂ ਦੀ ਕਾਰਜਕੁਸ਼ਲਤਾ ਵਿੱਚ ਹੋਰ ਸੁਧਾਰ ਆਵੇਗਾ ਅਤੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਤਾਲਮੇਲ ਹੋਰ ਮਜ਼ਬੂਤ ਕਰਕੇ ਰਾਜ ਦੇ ਸ਼ਹਿਰੀ ਖੇਤਰਾਂ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਇਆ ਜਾਵੇਗਾ। ਇਹ ਐਲਾਨ ਪੰਜਾਬ ਦੇ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਅੱਜ ਇਥੇ ਵਧੀਕ ਡਿਪਟੀ ਕਮਿਸ਼ਨਰਾਂ (ਸ਼ਹਿਰੀ ਵਿਕਾਸ) ਨਾਲ ਪਲੇਠੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਇਸ ਮੀਟਿੰਗ ਵਿੱਚ ਸਾਰੇ ਡਿਪਟੀ ਕਮਿਸ਼ਨਰ ਵੀ ਹਾਜ਼ਰ ਸਨ। ਮੁੱਖ ਸਕੱਤਰ ਨੇ ਦੱਸਿਆ ਕਿ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਦੀਆਂ 23 ਆਸਾਮੀਆਂ, ਹਰੇਕ ਜ਼ਿਲ੍ਹਾ ਹੈੱਡਕੁਆਰਟਰ ‘ਤੇ ਇਕ ਆਸਾਮੀ, ਖੇਤਰੀ ਡਿਪਟੀ ਡਾਇਰੈਕਟਰ ਸਥਾਨਕ ਸਰਕਾਰਾਂ ਦੀ ਥਾਂ ‘ਤੇ ਬਣਾਈਆਂ ਗਈਆਂ ਹਨ। ਵਧੀਕ ਸੀਈਓ, ਪੀਡਬਲਿਊਐੱਸਐੱਸਬੀ ਦੇ ਅਹੁਦੇ ਦੀ ਜ਼ਿੰਮੇਵਾਰੀ ਵੀ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਹੀ ਨਿਭਾਉਣਗੇ। ਮੁੱਖ ਸਕੱਤਰ ਨੇ ਸਮੂਹ ਏ.ਡੀ.ਸੀਜ਼ ਨੂੰ ‘ਬਸੇਰਾ’ ਸਕੀਮ ਤਹਿਤ ਸ਼ਹਿਰਾਂ ਵਿੱਚ ਝੁੱਗੀ-ਝੌਪੜੀਆਂ ਵਿੱਚ ਰਹਿੰਦੇ ਲੋਕਾਂ ਦੇ ਮੁੜਵਸੇਬੇ ਸਬੰਧੀ ਪ੍ਰਾਜੈਕਟਾਂ, ਪੀ.ਯੂ.ਈ.ਆਈ.ਪੀ.-I, II ਅਤੇ III, ਅਮਰੁਤ, ਸਵੱਛ ਭਾਰਤ ਮਿਸ਼ਨ, ਪ੍ਰਧਾਨ ਮੰਤਰੀ ਅਵਾਸ ਯੋਜਨਾ (ਪੀ.ਐੱਮ.ਏ.ਵਾਈ.) ਅਤੇ ਪੀ.ਐੱਮ.ਐੱਸ.ਏ.ਵੀ. ਨਿਧੀ ਅਤੇ ਸ਼ਹਿਰੀ ਵਿਕਾਸ ਦੀਆਂ ਹੋਰ ਯੋਜਨਾਵਾਂ ਦੀ ਨਿਗਰਾਨੀ ਕਰਨ ਦੇ ਵੀ ਆਦੇਸ਼ ਦਿੱਤੇ। ਨਵ-ਨਿਯੁਕਤ ਵਧੀਕ ਡਿਪਟੀ ਕਮਿਸ਼ਨਰਜ਼ (ਸ਼ਹਿਰੀ ਵਿਕਾਸ) ਨੂੰ ਪੰਜਾਬ ਮਿਉਂਸੀਪਲ ਐਕਟ ਅਧੀਨ ਦਿੱਤੀਆਂ ਵੱਖ-ਵੱਖ ਸ਼ਕਤੀਆਂ ਬਾਰੇ ਜਾਣਕਾਰੀ ਦਿੰਦਿਆਂ ਪ੍ਰਮੁੱਖ ਸਕੱਤਰ ਸਥਾਨਕ ਸਰਕਾਰਾਂ ਅਜੋਏ ਕੁਮਾਰ ਸਿਨਹਾ ਨੇ ਮੁੱਖ ਸਕੱਤਰ ਨੂੰ ਦੱਸਿਆ ਕਿ ਸ਼ੇ੍ਣੀ-2 ਅਤੇ 3 ਦੀਆਂ ਨਗਰ ਕੌਂਸਲਾਂ ਦੇ ਸਾਰੇ ਮਤਿਆਂ ਦਾ ਇਨ੍ਹਾਂ ਅਧਿਕਾਰੀਆਂ ਵੱਲੋਂ ਨਿਪਟਾਰਾ ਕੀਤਾ ਜਾਵੇਗਾ ਜਦੋਂਕਿ ਸ਼੍ਰੇਣੀ -1 ਦੀਆਂ ਨਗਰ ਕੌਂਸਲਾਂ ਅਤੇ ਜ਼ਿਲ੍ਹਿਆਂ ਦੇ ਸਾਰੇ ਨਗਰ ਸੁਧਾਰ ਟਰੱਸਟਾਂ ਦੇ ਮਤਿਆਂ ਨੂੰ ਇਨ੍ਹਾਂ ਅਧਿਕਾਰੀਆਂ ਰਾਹੀਂ ਡਾਇਰੈਕਟਰ ਸਥਾਨਕ ਸਰਕਾਰ ਨੂੰ ਪ੍ਰਵਾਨਗੀ ਵਾਸਤੇ ਭੇਜਿਆ ਜਾਵੇਗਾ। ਸ਼ਿਕਾਇਤਕਰਤਾਵਾਂ ਦੀ ਸੰਤੁਸ਼ਟੀ ਲਈ ਤਰਜੀਹੀ ਤੌਰ ’ਤੇ ਜਨਤਕ ਸ਼ਿਕਾਇਤਾਂ ਦਾ ਨਿਪਟਾਰਾ ਕਰਨ ‘ਤੇ ਜ਼ੋਰ ਦਿੰਦਿਆਂ ਸ੍ਰੀਮਤੀ ਮਹਾਜਨ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਸ਼ਹਿਰਾਂ ਦੇ ਨੀਵੇਂ ਇਲਾਕਿਆਂ ਵਿੱਚ ਪਾਣੀ ਭਰਨ ਸਬੰਧੀ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਨਿਰਦੇਸ਼ ਦਿੱਤੇ।

LEAVE A REPLY

Please enter your comment!
Please enter your name here