ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 13 ਫਰਵਰੀ
ਬਸਪਾ ਨੇ ਅੱਜ ਆਪਣੇ ਭਾਈਵਾਲ ਸ਼੍ਰੋਮਣੀ ਅਕਾਲੀ ਦਲ ਨਾਲੋਂ ਨਾਤਾ ਤੋੜ ਲਿਆ ਹੈ। ਇਹ ਫ਼ੈਸਲਾ ਬਸਪਾ ਦੀ ਚੰਡੀਗੜ੍ਹ ਸਥਿਤ ਅੰਬੇਡਕਰ ਭਵਨ ਵਿੱਚ ਹੋਈ ਸੂਬਾ ਪੱਧਰੀ ਮੀਟਿੰਗ ਵਿੱਚ ਲਿਆ ਗਿਆ। ਮੀਟਿੰਗ ਵਿੱਚ ਬਸਪਾ ਦੇ ਕੇਂਦਰੀ ਕੋਆਰਡੀਨੇਟਰ, ਪੰਜਾਬ, ਚੰਡੀਗੜ੍ਹ ਤੇ ਹਰਿਆਣਾ ਦੇ ਇੰਚਾਰਜ ਰਣਧੀਰ ਸਿੰਘ ਬੈਨੀਵਾਲ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਇਸ ਦੌਰਾਨ ਉਨ੍ਹਾਂ ਪਾਰਟੀ ਵਰਕਰਾਂ ਨਾਲ ਚਾਰ ਘੰਟੇ ਲੰਬੀ ਗੱਲਬਾਤ ਮਗਰੋਂ ਪੰਜਾਬ ਦੀਆਂ ਸਾਰੀਆਂ 13 ਸੀਟਾਂ ’ਤੇ ਇਕੱਲਿਆਂ ਲੋਕ ਸਭਾ ਚੋਣ ਲੜਨ ਦਾ ਐਲਾਨ ਕੀਤਾ। ਰਣਧੀਰ ਸਿੰਘ ਬੈਣੀਵਾਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਬਹੁਜਨ ਸਮਾਜ ਪਾਰਟੀ ਨੂੰ ਨਜ਼ਰਅੰਦਾਜ਼ ਕਰਨ ਨਾਲ ਪਾਰਟੀ ਵਰਕਰ ਨਿਰਾਸ਼ ਹਨ।