ਦਰਸ਼ਨ ਸਿੰਘ ਸੋਢੀ

ਐਸ.ਏ.ਐਸ. ਨਗਰ (ਮੁਹਾਲੀ), 27 ਫਰਵਰੀ

ਇੱਥੋਂ ਦੇ ਸੈਕਟਰ-79 ਸਥਿਤ ਪ੍ਰੀਮੀਅਮ ਕਟਾਣੀ ਢਾਬਾ ਉੱਤੇ ਫਾਇਰਿੰਗ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਲੰਘੀ ਦੇਰ ਰਾਤ ਵਾਪਰੀ ਦੱਸੀ ਜਾ ਰਹੀ ਹੈ। ਦੱਸਿਆ ਗਿਆ ਹੈ ਕਿ ਗੈਂਗਸਟਰ ਲੱਕੀ ਪਟਿਆਲ ਨੇ ਘਟਨਾ ਨੂੰ ਅੰਜਾਮ ਦਿੱਤਾ ਹੈ ਕਿਉਂਕਿ ਦੋ ਦਿਨ ਪਹਿਲਾਂ ਹੀ ਉਸ ਨੇ ਢਾਬੇ ਦੇ ਮਾਲਕ ਨੂੰ ਵਸਟਅੱਪ ਨੰਬਰ ’ਤੇ ਫੋਨ ਕਰਕੇ ਫਿਰੌਤੀ ਮੰਗੀ ਸੀ ਪ੍ਰੰਤੂ ਢਾਬੇ ਦੇ ਮਾਲਕ ਨੇ ਫਿਰੌਤੀ ਦੇਣ ਤੋਂ ਸਾਫ਼ ਮਨਾ ਕਰ ਦਿੱਤਾ ਸੀ।

ਉਂਜ ਇਸ ਵਾਰਦਾਤ ਦੌਰਾਨ ਕਿਸੇ ਦਾ ਜਾਨੀ ਮਾਲੀ ਨੁਕਸਾਨ ਤੋਂ ਬਚਾਅ ਰਿਹਾ। ਕਿਉਂਕਿ ਜਦੋਂ ਅਣਪਛਾਤੇ ਵਿਅਕਤੀਆਂ ਵੱਲੋਂ ਫਾਇਰਿੰਗ ਕੀਤੀ ਗਈ, ਉਸ ਸਮੇਂ ਢਾਬਾ ਬੰਦ ਸੀ। ਇਹ ਵਾਰਦਾਤ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ। ਇੱਕ ਦੋ ਪਹੀਆ ਵਾਹਨ ’ਤੇ ਆਏ ਅਣਪਛਾਤੇ ਹਮਲਾਵਰਾਂ ਨੇ ਕਟਾਣੀ ਢਾਬੇ ’ਤੇ ਚਾਰ ਗੋਲੀਆਂ ਚਲਾਈਆਂ। ਜਿਨ੍ਹਾਂ ’ਚੋਂ 2-3 ਗੋਲੀਆਂ ਸ਼ੀਸ਼ੇ ਉੱਤੇ ਲੱਗੀਆਂ ਹਨ। ਜਦੋਂਕਿ ਇੱਕ ਗੋਲੀ ਕੰਧ ਵਿੱਚ ਜਾ ਵੱਜੀ। ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਕਟਾਣੀ ਢਾਬੇ ਦੇ ਮਾਲਕ ਪਰਮਿੰਦਰ ਸਿੰਘ ਕਟਾਣੀ ਨੇ ਦੱਸਿਆ ਕਿ ਲੰਘੀ ਰਾਤ ਉਹ ਕਰੀਬ ਪੌਣੇ 12 ਵਜੇ ਢਾਬੇ ਤੋਂ ਆਪਣੇ ਘਰ ਚਲਾ ਗਿਆ ਸੀ ਅਤੇ ਇੱਕ ਘੰਟੇ ਬਾਅਦ ਢਾਬੇ ਦੇ ਬਾਹਰ ਆਏ ਤਿੰਨ ਵਿਅਕਤੀਆਂ ਨੇ ਫਾਇਰਿੰਗ ਕਰ ਦਿੱਤੀ। ਉਨ੍ਹਾਂ ਦੱਸਿਆ ਕਿ ਸੀਸੀਟੀਵੀ ਵਿੱਚ ਸਾਫ਼ ਦਿਖਾਈ ਦੇ ਰਿਹਾ ਹੈ ਕਿ ਇੱਕ ਵਿਅਕਤੀ ਵਾਹਨ ’ਤੇ ਬੈਠਾ ਰਿਹਾ ਜਦੋਂਕਿ ਉਸ ਦੇ ਦੋ ਸਾਥੀਆਂ ਨੇ ਵਾਹਨ ਤੋਂ ਥੱਲੇ ਉਤਰ ਕੇ ਫਾਇਰਿੰਗ ਕਰ ਦਿੱਤੀ ਅਤੇ ਮੌਕੇ ਤੋਂ ਫਰਾਰ ਹੋ ਗਏ। ਉਨ੍ਹਾਂ ਦੱਸਿਆ ਕਿ ਦੋ ਦਿਨ ਪਹਿਲਾਂ ਹੀ ਉਸ ਨੂੰ ਕਿਸੇ ਅਣਪਛਾਤੇ ਇੰਟਰਨੈਸ਼ਨਲ ਨੰਬਰ ਤੋਂ ਵਟਸਅੱਪ ਕਾਲ ਆਈ ਸੀ ਅਤੇ ਫੋਨ ਕਰਨ ਵਾਲੇ ਨੇ ਖ਼ੁਦ ਨੂੰ ਗੈਂਗਸਟਰ ਲੱਕੀ ਪਟਿਆਲ ਦੱਸਦਿਆਂ ਉਸ ਕੋਲੋਂ ਫਿਰੌਤੀ ਦੀ ਮੰਗ ਕੀਤੀ ਗਈ ਸੀ ਲੇਕਿਨ ਉਸ ਨੇ ਗੈਂਗਸਟਰ ਦੀ ਗੱਲ ਨਹੀਂ ਮੰਨੀ ਅਤੇ ਰਾਤ ਇਹ ਘਟਨਾ ਵਾਪਰ ਗਈ। ਉਨ੍ਹਾਂ ਕਿਹਾ ਕਿ ਜੇਕਰ ਦਿਨ ਜਾਂ ਸ਼ਾਮ ਨੂੰ ਇਸ ਘਟਨਾ ਨੂੰ ਅੰਜਾਮ ਦਿੱਤਾ ਹੁੰਦਾ ਤਾਂ ਵੱਡਾ ਦੁਖਾਂਤ ਵਾਪਰ ਸਕਦਾ ਸੀ ਕਿਉਂਕਿ ਉਦੋਂ ਉਹ ਵੀ ਢਾਬੇ ’ਤੇ ਮੌਜੂਦ ਹੁੰਦੇ ਹਨ ਅਤੇ ਗਾਹਕਾਂ ਦੀ ਵੀ ਆਵਾਜਾਈ ਰਹਿੰਦੀ ਹੈ।

ਉਧਰ, ਮੁਹਾਲੀ ਦੇ ਡੀਐਸਪੀ (ਸਿਟੀ-2) ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਸੂਚਨਾ ਮਿਲਦੇ ਹੀ ਪੁਲੀਸ ਕਰਮਚਾਰੀਆਂ ਨੇ ਮੌਕੇ ’ਤੇ ਪਹੁੰਚ ਕੇ ਘਟਨਾ ਦਾ ਜਾਇਜ਼ਾ ਲਿਆ ਅਤੇ ਜਾਂਚ ਦੌਰਾਨ ਉੱਥੋਂ ਚਾਰ ਖੋਲ੍ਹ ਵੀ ਬਰਾਮਦ ਕੀਤੇ ਹਨ। ਉਨ੍ਹਾਂ ਦੱਸਿਆ ਕਿ ਉੱਚ ਅਧਿਕਾਰੀਆਂ ਨੇ ਵੀ ਵਾਰਦਾਤ ਵਾਲੀ ਥਾਂ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਿਆ ਹੈ। ਪੁਲੀਸ ਪੂਰੇ ਮਾਮਲੇ ਦੀ ਵੱਖ-ਵੱਖ ਪਹਿਲੂਆਂ ’ਤੇ ਡੂੰਘਾਈ ਨਾਲ ਜਾਂਚ ਕਰ ਰਹੀ ਹੈ। ਡੀਐਸਪੀ ਬੱਲ ਨੇ ਦੱਸਿਆ ਕਿ ਪੁਲੀਸ ਨੇ ਪਰਚਾ ਦਰਜ ਕਰ ਲਿਆ ਹੈ ਅਤੇ ਹਮਲਾਵਰਾਂ ਨੂੰ ਛੇਤੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

 

LEAVE A REPLY

Please enter your comment!
Please enter your name here