ਦਵਿੰਦਰ ਪਾਲ

ਚੰਡੀਗੜ੍ਹ, 20 ਜੁਲਾਈ 

ਪੰਜਾਬ ਵਿੱਚ 32 ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਸਵਾ ਸੌ ਤੋਂ ਵੱਧ ਥਾਵਾਂ ’ਤੇ, ਭਾਰਤੀ ਜਨਤਾ ਪਾਰਟੀ ਨਾਲ ਸਬੰਧਤ ਆਗੂਆਂ ਦੇ ਘਰਾਂ ਮੂਹਰੇ, ਟੌਲ ਪਲਾਜ਼ਿਆਂ ’ਤੇ, ਅੰਬਾਨੀ ਤੇ ਅਡਾਨੀ ਦੇ ਕਾਰੋਬਾਰੀ ਟਿਕਾਣਿਆਂ ਮੂਹਰੇ, ਰੇਲਵੇ ਸਟੇਸ਼ਨਾਂ ਦੇ ਪਾਰਕਾਂ ਅੰਦਰ, ਨਿੱਜੀ ਖੇਤਰ ਦੇ ਥਰਮਲ ਪਲਾਂਟ ਅਤੇ ਮੋਗਾ ਦੇ ਸਾਈਲੋ ਦੇ ਬਾਹਰ ਕਿਸਾਨਾਂ ਦੇ ਧਰਨਿਆਂ ਤੇ ਇਕੱਠਾਂ ਦੌਰਾਨ ਬੁਲਾਰਿਆਂ ਨੇ ਕਿਹਾ ਕਿ ਕਿਸਾਨਾਂ ਵੱਲੋਂ ਸੰਸਦ ਦੇ ਸੈਸ਼ਨ ਦੌਰਾਨ ਕੀਤਾ ਜਾਣ ਵਾਲਾ ਪ੍ਰਦਰਸ਼ਨ ਦੇਸ਼ ਦੀਆਂ ਸਮੁੱਚੀਆਂ ਸਿਆਸੀ ਪਾਰਟੀਆਂ ਨੂੰ ਕਿਸਾਨੀ ਮੰਗਾਂ ਪ੍ਰਤੀ ਮੂੰਹ ਖੋਲ੍ਹਣ ਲਈ ਮਜਬੂਰ ਕਰੇਗਾ। ਆਗੂਆਂ ਨੇ ਕਿਹਾ ਕਿ ਪਹਿਲੀ ਵਾਲੀ ਮੁਲਕ ਦੀਆਂ ਕਈ ਸਿਆਸੀ ਪਾਰਟੀਆਂ ਕਾਰੋਬਾਰੀਆਂ ਦੇ ਹਿੱਤ ਲਾਂਭੇ ਕਰ ਕੇ ਕਿਸਾਨੀ ਹਿੱਤਾਂ ਦੀ ਗੱਲ ਕਰਨ ਲੱਗੀਆਂ ਹਨ। ਬੁਲਾਰਿਆਂ ਨੇ ਕਿਹਾ ਕਿ ਸਿਆਸੀ ਪਾਰਟੀਆਂ ਨੂੰ ਲੋਕ ਰੋਹ ਦਾ ਅਹਿਸਾਸ ਹੋ ਗਿਆ ਹੈ ਪਰ ਭਾਰਤੀ ਜਨਤਾ ਪਾਰਟੀ ਅਤੇ ਇਸ ਦੇ ਸਹਿਯੋਗੀ ਢੀਠਤਾਈ ਨਾਲ ਕਾਰਪੋਰੇਟ ਘਰਾਣਿਆਂ ਦਾ ਪੱਖ ਪੂਰਦਿਆਂ ਲੋਕਾਂ ਦੇ ਰੋਹ ਦਾ ਸ਼ਿਕਾਰ ਹੋ ਰਹੇ ਹਨ। ਕਿਸਾਨ ਆਗੂਆਂ ਨੇ ਕਿਹਾ ਕਿ ਭਾਜਪਾ ਅਤੇ ਇਸ ਦੇ ਜੋਟੀਦਾਰਾਂ ਨੂੰ ਜਦੋਂ ਯੂਪੀ ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਮੂੰਹ ਦੀ ਖਾਣੀ ਪਈ ਤਾਂ ਕਿਸਾਨਾਂ, ਮਜ਼ਦੂਰਾਂ ਤੇ ਆਮ ਲੋਕਾਂ ਦੀ ਤਾਕਤ ਦਾ ਅਹਿਸਾਸ ਹੋ ਜਾਵੇਗਾ। ਆਗੂਆਂ ਨੇ ਕਿਹਾ ਕਿ ਸੰਸਦ ਦੇ ਸੈਸ਼ਨ ਦੌਰਾਨ ਕੀਤਾ ਜਾਣ ਵਾਲਾ ਪ੍ਰਦਰਸ਼ਨ ਸ਼ਾਂਤਮਈ, ਅਨੁਸ਼ਾਸਨੀ ਅਤੇ ਜਥੇਬੰਦਕ ਹੋਵੇਗਾ। ਉਨ੍ਹਾਂ ਨੇ ਅੰਦੋਲਨਕਾਰੀ ਕਿਸਾਨਾਂ ਨੂੰ ਅਫ਼ਵਾਹਾਂ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸੰਸਦ ਮੂਹਰੇ ਪ੍ਰਦਰਸ਼ਨ ਕਰ ਕੇ ਹਾਕਮਾਂ ਨੂੰ ਸੰਵਿਧਾਨਕ ਜ਼ਿੰਮੇਵਾਰੀ ਦਾ ਅਹਿਸਾਸ ਕਰਾਇਆ ਜਾਵੇਗਾ। ਕਿਸਾਨ ਆਗੂਆਂ ਨੇ ਕਿਹਾ ਕਿ ਮੀਂਹ ਦੀਆਂ ਦੁਸ਼ਵਾਰੀਆਂ ਨੂੰ ਸਿਦਕ, ਸਿਰੜ ਨਾਲ ਝੱਲਦਿਆਂ ਪੰਜਾਬ ਅੰਦਰਲੇ ਮੋਰਚਿਆਂ ਸਮੇਤ ਟਿਕਰੀ ਬਾਰਡਰ ’ਤੇ ਲਾਮਬੰਦੀ ਵਧਾਈ ਜਾ ਰਹੀ ਹੈ। ਹਰ ਕਿਸਮ ਦੀਆਂ ਸਰਕਾਰੀ ਚਾਲਾਂ ਨੂੰ ਚੌਕਸੀ ਤੇ ਦ੍ਰਿੜ੍ਹਤਾ ਨਾਲ ਨਜਿੱਠਣ ਲਈ ਪੁਖ਼ਤਾ ਪ੍ਰਬੰਧ ਕੀਤੇ ਜਾ ਚੁੱਕੇ ਹਨ। ਇਸ ਇਤਿਹਾਸਕ ਕਿਸਾਨ ਮੋਰਚੇ ਨੂੰ ਹੋਰ ਮਜ਼ਬੂਤ ਕਰਨ ਲਈ ਪੇਂਡੂ ਖੇਤ ਮਜ਼ਦੂਰਾਂ ਨਾਲ ਸੰਘਰਸ਼ੀ ਸਾਂਝ ਹੋਰ ਪੀਡੀ ਕੀਤੀ ਜਾ ਰਹੀ ਹੈ। 

ਸੰਸਦ ਮੂਹਰੇ ਪ੍ਰਦਰਸ਼ਨ ’ਚ ਸ਼ਮੂਲੀਅਤ ਲਈ ਕਿਸਾਨਾਂ ਦੀਆਂ ਸੂਚੀਆਂ ਬਣਾਈਆਂ

ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਅਨੁਸਾਰ ਸੰਯੁਕਤ ਕਿਸਾਨ ਮੋਰਚੇ ਵੱਲੋਂ 22 ਜੁਲਾਈ ਤੋਂ ਦਿੱਲੀ ਜੰਤਰ-ਮੰਤਰ ਵਿਖੇ ਕਿਸਾਨ ਸੰਸਦ ਸ਼ੁਰੂ ਕਰਨ ਦਾ ਪ੍ਰੋਗਰਾਮ ਲਾਗੂ ਕਰਨ ਲਈ ਜਥੇਬੰਦੀ ਵੱਲੋਂ ਕਿਸਾਨ ਸੰਸਦ ਵਿੱਚ ਰੋਜ਼ਾਨਾ 200 ਕਿਸਾਨਾਂ ਦੇ ਸਾਂਝੇ ਕਾਫ਼ਲੇ ਵਿੱਚ ਜਾਣ ਵਾਲੇ ਕਿਸਾਨਾਂ ਦੀ ਸੂਚੀ ਤਿਆਰ ਕੀਤੀ ਜਾ ਚੁੱਕੀ ਹੈ। ਜਥੇਬੰਦੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ 7 ਪੇਂਡੂ ਖੇਤ ਮਜ਼ਦੂਰ ਜਥੇਬੰਦੀਆਂ ਵੱਲੋਂ 9,10 ਤੇ 11 ਅਗਸਤ ਨੂੰ ਪਟਿਆਲਾ ਵਿੱਚ ਲਾਏ ਜਾ ਰਹੇ ਦਿਨ ਰਾਤ ਦੇ ਧਰਨੇ ਲਈ ਪਿੰਡ- ਪਿੰਡ ਮੁਹਿੰਮ ਚਲਾਈ ਜਾ ਰਹੀ ਹੈ। 

LEAVE A REPLY

Please enter your comment!
Please enter your name here