ਪਾਲ ਸਿੰਘ ਨੌਲੀ
ਜਲੰਧਰ, 9 ਜੂਨ

ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਤੇ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕਾਂਗਰਸ ਸਰਕਾਰ ’ਤੇ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਦੋ ਲੱਖ ਤੋਂ ਵੱਧ ਵਿਦਿਆਰਥੀਆਂ ਦੇ ਵਜ਼ੀਫੇ ਦੀ ਰਕਮ ਹੜੱਪਣ ਦਾ ਦੋਸ਼ ਲਾਉਂਦਿਆਂ ਪੰਜਾਬ ਦੇ ਡੀਜੀਪੀ ਨੂੰ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਸਮਾਜਿਕ ਭਲਾਈ ਮੰਤਰੀ ਸਾਧੂ ਸਿੰਘ ਧਰਮਸੋਤ ਵਿਰੁੱਧ ਐੱਸਸੀਐੱਸਟੀ ਐਕਟ ਅਧੀਨ ਕੇਸ ਦਰਜ ਕਰਨ ਦੀ ਮੰਗ ਕੀਤੀ ਹੈ। ਚੀਮਾ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇ ਇੱਕ ਹਫਤੇ ਦੇ ਅੰਦਰ 1850 ਕਰੋੜ ਵਜ਼ੀਫੇ ਦੀ ਰਕਮ ਜਾਰੀ ਨਾ ਕੀਤੀ ਗਈ ਤਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਸਮੇਤ ਹੋਰ ਮੰਤਰੀਆਂ ਦੇ ਘਰਾਂ ਦਾ ਘਿਰਾਓ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਦਾ ਦਲਿਤ ਵਿਰੋਧੀ ਚਿਹਰਾ ਵੀ ਨੰਗਾ ਹੋ ਗਿਆ ਹੈ।

‘ਆਪ’ ਆਗੂ ਨੇ ਕਿਹਾ ਕਿ ਕੈਪਟਨ ਨੇ 2017 ਦੀਆਂ ਚੋਣਾਂ ਦੌਰਾਨ ਵਾਅਦਾ ਕੀਤਾ ਸੀ ਕਿ ਅਕਾਲੀ-ਭਾਜਪਾ ਸਰਕਾਰ ਵੱਲੋਂ ਐੱਸਸੀ ਵਿਦਿਆਰਥੀਆਂ ਦੇ ਵਜ਼ੀਫੇ ਵਿੱਚ ਕੀਤੇ ਘਪਲੇ ਦੀ ਜਾਂਚ ਕਰਵਾਈ ਜਾਵੇਗੀ ਪਰ ਪੰਜਾਬ ਸਰਕਾਰ ਨੇ ਮੁਲਜ਼ਮਾਂ ਵਿਰੁੱਧ ਕੋਈ ਕਾਰਵਾਈ ਤਾਂ ਕੀ ਕਰਨੀ ਸੀ ਸਗੋਂ ਕਾਂਗਰਸੀ ਹੀ ਐੱਸਸੀ ਵਿਦਿਆਰਥੀਆਂ ਦਾ ਪੈਸਾ ਖਾਣ ਲੱਗ ਪਏ। ਉਨ੍ਹਾਂ ਡੀਜੀਪੀ ਤੋਂ ਮੰਗ ਕੀਤੀ ਕਿ ਜਿਹੜੇ ਅਧਿਕਾਰੀਆਂ ਤੇ ਮੁਲਾਜ਼ਮਾਂ ਨੇ ਕੇਂਦਰ ਸਰਕਾਰ ਨੂੰ ‘ਵਰਤੋਂ ਸਰਟੀਫਿਕੇਟ’ ਨਹੀਂ ਭੇਜਿਆ ਉਨ੍ਹਾਂ ਵਿਰੁੱਧ ਵੀ ਐੱਸਸੀ/ਐੱਸਟੀ ਐਕਟ ਤਹਿਤ ਮਾਮਲੇ ਦਰਜ ਕੀਤੇ ਜਾਣ। ਇਸ ਮੌਕੇ ਵਿਧਾਇਕ ਜਗਤਾਰ ਸਿੰਘ ਜੱਗਾ ਹਿੱਸੋਵਾਲ, ਵਿਧਾਇਕ ਬਲਦੇਵ ਸਿੰਘ ਜੈਤੋ, ਸੀਨੀਅਰ ਆਗੂ ਮਨਵਿੰਦਰ ਸਿੰਘ ਗਿਆਸਪੁਰਾ, ਲਾਲ ਚੰਦ ਕਟਰੂਚੱਕ, ਡਾ. ਸ਼ਿਵ ਦਿਆਲ ਮਾਲੀ ਤੇ ਹੋਰ ਹਾਜ਼ਰ ਸਨ।

LEAVE A REPLY

Please enter your comment!
Please enter your name here