ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 21 ਅਗਸਤ
ਦੇਸ਼ ਭਰ ਵਿੱਚ ਔਰਤਾਂ ਖ਼ਿਲਾਫ਼ ਅੱਤਿਆਚਾਰ ਅਤੇ ਜਬਰ-ਜਨਾਹ ਦੀਆਂ ਘਟਨਾਵਾਂ ਸਬੰਧੀ ਆਮ ਆਦਮੀ ਪਾਰਟੀ ਨੇ ਨਾਇਨਸਾਫ਼ੀ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ‘ਆਪ’ ਦਿੱਲੀ ਮਹਿਲਾ ਮੋਰਚਾ ਦੀਆਂ ਮੈਂਬਰਾਂ ਨੇ ਕੇਂਦਰ ਸਰਕਾਰ ਤੋਂ ਪੀੜਤ ਮਹਿਲਾ ਨੂੰ ਇਨਸਾਫ਼ ਦਿਵਾਉਣ ਲਈ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਕਰਦਿਆਂ ਜ਼ੋਰਦਾਰ ਪ੍ਰਦਰਸ਼ਨ ਕੀਤਾ। ਇਸ ਦੌਰਾਨ ਮਹਿਲਾ ਵਿੰਗ ਵੱਲੋਂ ‘ਭਾਰਤ ਔਰਤਾਂ ’ਤੇ ਅੱਤਿਆਚਾਰ ਬਰਦਾਸ਼ਤ ਨਹੀਂ ਕਰੇਗਾ, ਕਾਤਲ ਨੂੰ ਫਾਂਸੀ ਦਿਓ, ਦੇਸ਼ ਦੀ ਧੀ ਨੂੰ ਇਨਸਾਫ ਦਿਓ’ ਵਰਗੇ ਨਾਅਰੇ ਲਾਏ ਗਏ। ਮਹਿਲਾ ਮੋਰਚਾ ਦੀ ਪ੍ਰਧਾਨ ਸਾਰਿਕਾ ਚੌਧਰੀ ਅਤੇ ਵਿਧਾਇਕਾ ਪ੍ਰੀਤੀ ਤੋਮਰ ਦੀ ਅਗਵਾਈ ਵਿੱਚ ਪਾਰਟੀ ਦੀਆਂ ਮਹਿਲਾ ਕੌਂਸਲਰਾਂ ਅਤੇ ਵਰਕਰਾਂ ਨੇ ਮਹਾਤਮਾ ਗਾਂਧੀ ਦੇ ਸਮਾਰਕ ਰਾਜਘਾਟ ’ਤੇ ਪਹੁੰਚ ਕੇ ਸ਼ਾਂਤੀ ਪ੍ਰਾਰਥਨਾ ਸਭਾ ਵਿੱਚ ਸ਼ਿਰਕਤ ਕੀਤੀ ਅਤੇ ਫੁੱਲ ਮਾਲਾਵਾਂ ਭੇਟ ਕਰਕੇ ਸ਼ਰਧਾਂਜਲੀ ਭੇਟ ਕੀਤੀ।
ਇਸ ਦੌਰਾਨ ਮਹਿਲਾ ਵਿੰਗ ਨੇ ਕਿਹਾ ਕਿ ਔਰਤਾਂ ’ਤੇ ਹੋ ਰਹੇ ਅੱਤਿਆਚਾਰਾਂ ਦੇ ਮਾਮਲੇ ਉੱਤੇ ਰਾਜਨੀਤੀ ਕਰਨ ਦੀ ਬਜਾਏ ਸਾਰੀਆਂ ਪਾਰਟੀਆਂ ਨੂੰ ਇਕਜੁੱਟ ਹੋ ਕੇ ਮਹਿਲਾਵਾਂ ਨਾਲ ਛੇੜ-ਛਾੜ ਕਰਨ ਵਾਲੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿਵਾਉਣ ’ਤੇ ਜ਼ੋਰ ਦੇਣਾ ਚਾਹੀਦਾ ਹੈ ਅਤੇ ਨਾਲ ਹੀ ਅਜਿਹੇ ਘਿਨਾਉਣੇ ਅਪਰਾਧਾਂ ਦਾ ਮੁਕੱਦਮਾ ਫਾਸਟ ਟਰੈਕ ਅਦਾਲਤਾਂ ਵਿੱਚ ਚਲਾਇਆ ਜਾਣਾ ਚਾਹੀਦਾ ਹੈ ਅਤੇ ਦੋਸ਼ੀ ਨੂੰ ਛੇ ਮਹੀਨਿਆਂ ਦੇ ਅੰਦਰ ਮੌਤ ਦੀ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ। ਮਹਿਲਾ ਆਗੂਆਂ ਨੇ ਕਿਹਾ ਕਿ ਸਰਕਾਰਾਂ ਨੂੰ ਮਹਿਲਾਵਾਂ ਦੀ ਸੁਰੱਖਿਆ ਯਕੀਨੀ ਬਣਾਉਣ ਵੱਲ ਧਿਆਨ ਦੇਣਾ ਚਾਹੀਦਾ ਹੈ ਤੇ ਛੇੜ-ਛਾੜ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।