ਪੱਤਰ ਪ੍ਰੇਰਕ

ਨਵੀਂ ਦਿੱਲੀ, 14 ਮਈ

ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਸੰਜੈ ਸਿੰਘ ਨੇ ਪਾਰਟੀ ਹੈੱਡਕੁਆਰਟਰ ਵਿੱਚ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਾਰਟੀ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਨਾਲ ਬੀਤੇ ਦਿਨ ਵਾਪਰੀ ਘਟਨਾ ਸਬੰਧੀ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਬੀਤੇ ਦਿਨ ਬਹੁਤ ਨਿੰਦਣਯੋਗ ਘਟਨਾ ਵਾਪਰੀ ਹੈ। ਸਵਾਤੀ ਮਾਲੀਵਾਲ ਸੋਮਵਾਰ ਸਵੇਰੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਿਲਣ ਲਈ ਉਨ੍ਹਾਂ ਦੇ ਘਰ ਪਹੁੰਚੇ ਸਨ। ਉਹ ਡਰਾਇੰਗ ਰੂਮ ਵਿੱਚ ਬੈਠੇ ਉਡੀਕ ਕਰ ਰਹੇ ਸਨ। ਇਸ ਦੌਰਾਨ ਵਿਭਵ ਕੁਮਾਰ ਨੇ ਉਥੇ ਆ ਕੇ ਮਾਲੀਵਾਲ ਨਾਲ ਦੁਰਵਿਹਾਰ ਕੀਤਾ। ਇਸ ਮਗਰੋਂ ਮਾਲੀਵਾਲ ਨੇ 112 ਨੰਬਰ ’ਤੇ ਫੋਨ ਕਰ ਕੇ ਪੁਲੀਸ ਨੂੰ ਇਸ ਪੂਰੇ ਮਾਮਲੇ ਦੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਸਾਰੀ ਘਟਨਾ ਦਾ ਨੋਟਿਸ ਲੈਂਦਿਆਂ ਮਾਮਲੇ ਵਿੱਚ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ। ਸੰਜੈ ਸਿੰਘ ਅਨੁਸਾਰ ਸਵਾਤੀ ਮਾਲੀਵਾਲ ਨੇ ਦੇਸ਼ ਅਤੇ ਸਮਾਜ ਲਈ ਵੱਡੇ ਕਾਰਜ ਕੀਤੇ ਹਨ। ਉਹ ਪਾਰਟੀ ਦੇ ਪੁਰਾਣੇ ਅਤੇ ਸੀਨੀਅਰ ਆਗੂਆਂ ’ਚੋਂ ਇੱਕ ਹੈ। ਸਾਰੀ ਪਾਰਟੀ ਉਨ੍ਹਾਂ ਦੇ ਨਾਲ ਹੈ। ਮੁੱਖ ਮੰਤਰੀ ਨੇ ਯਕੀਨੀ ਤੌਰ ’ਤੇ ਇਸ ਪੂਰੇ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਹੈ ਅਤੇ ਇਸ ਸਬੰਧੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ‘ਆਪ’ ਅਜਿਹੇ ਲੋਕਾਂ ਦਾ ਬਿਲਕੁਲ ਵੀ ਸਮਰਥਨ ਨਹੀਂ ਕਰਦੀ।

ਕੌਮੀ ਮਹਿਲਾ ਕਮਿਸ਼ਨ ਨੇ ਮਾਲੀਵਾਲ ਦੀ ਸੁਰੱਖਿਆ ’ਤੇ ਚਿੰਤਾ ਜਤਾਈ

ਨਵੀਂ ਦਿੱਲੀ: ਕੌਮੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰੇਖਾ ਸ਼ਰਮਾ ਨੇ ‘ਆਪ’ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਦੀ ਸੁਰੱਖਿਆ ’ਤੇ ਚਿੰਤਾ ਜ਼ਾਹਰ ਕੀਤੀ ਤੇ ਮੁੱਖ ਮੰਤਰੀ ਕੇਜਰੀਵਾਲ ਨੂੰ ਇਸ ਸਬੰਧੀ ਕਾਰਵਾਈ ਕਰਨ ਲਈ ਕਿਹਾ ਹੈ। ਉਨ੍ਹਾਂ ਐਕਸ ’ਤੇ ਕਿਹਾ, ‘‘ਮੈਂ ਸਵਾਤੀ ਮਾਲੀਵਾਲ ਦੀ ਸੁਰੱਖਿਆ ਨੂੰ ਲੈ ਕੇ ਚਿੰਤਤ ਹਾਂ। ਉਹ ਕਿਸ ਦਬਾਅ ਹੇਠ ਹੈ ਕਿ ਉਹ ਕੇਸ ਦਰਜ ਨਹੀਂ ਕਰਵਾ ਸਕੀ।’’ -ਪੀਟੀਆਈ

LEAVE A REPLY

Please enter your comment!
Please enter your name here