ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 21 ਅਗਸਤ

ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ’ਚ ਵੱਡੇ ਨਿਵੇਸ਼ ਪ੍ਰਾਜੈਕਟਾਂ ਲਈ ਅੱਜ ਮੁੰਬਈ ਵਿਚ ਵੱਖ-ਵੱਖ ਉਦਯੋਗਪਤੀਆਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਉਦਯੋਗਪਤੀਆਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਸਨਅਤਕਾਰਾਂ ਨੂੰ ਦੱਸਿਆ ਕਿ ਪੰਜਾਬ ਵਿੱਚ ਸੰਪੂਰਨ ਭਾਈਚਾਰਕ ਸਾਂਝ, ਸ਼ਾਂਤੀ ਤੇ ਸਦਭਾਵਨਾ ਹੈ, ਜੋ ਸੂਬੇ ਦੇ ਸਰਵਪੱਖੀ ਵਿਕਾਸ ਤੇ ਖੁਸ਼ਹਾਲੀ ਵਿੱਚ ਅਹਿਮ ਭੂਮਿਕਾ ਰੱਖਦੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਨਵੇਂ ਵਿਚਾਰਾਂ ਅਤੇ ਕਾਢਾਂ ਲਈ ਹਮੇਸ਼ਾ ਤਿਆਰ ਹੈ। ਪੰਜਾਬ ਸਰਕਾਰ ਨੂੰ ਮੁੱਖ ਮੰਤਰੀ ਦੇ ਮੁੰਬਈ ਦੌਰੇ ਨਾਲ ਸੂਬੇ ਵਿੱਚ 25 ਹਜ਼ਾਰ ਕਰੋੜ ਰੁਪਏ ਦਾ ਨਵਾਂ ਨਿਵੇਸ਼ ਆਉਣ ਦੀ ਆਸ ਹੈ। ਮੁੱਖ ਮੰਤਰੀ ਨਾਲ ਬੈਠਕ ਦੌਰਾਨ ਜੇਐੱਸਡਬਲਯੂ ਗਰੁੱਪ ਨੇ ਸੂਬੇ ਵਿੱਚ ਸਟੀਲ ਕੋਟਿੰਗ ਉਤਪਾਦਾਂ ਸਮੇਤ 1600 ਕਰੋੜ ਰੁਪਏ ਦਾ ਹੋਰ ਨਿਵੇਸ਼ ਕਰਨ ਲਈ ਸਹਿਮਤੀ ਦਿੱਤੀ ਹੈ। ਜੇਐੱਸਡਬਲਯੂ ਸਟੀਲ ਕੋਟਿਡ ਪ੍ਰੋਡਕਟਸ ਲਿਮਟਿਡ ਦੇ ਕਾਰੋਬਾਰੀ ਮੁਖੀ ਅਮਰਜੀਤ ਸਿੰਘ ਦਹੀਆ ਅਤੇ ਅਸ਼ਵਨੀ ਕੁਮਾਰ ਸ਼ਰਮਾ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਉਨ੍ਹਾਂ ਨੇ ਕਾਰੋਬਾਰ ਦੇ ਵਿਸਥਾਰ ਲਈ 1600 ਕਰੋੜ ਰੁਪਏ ਦੀ ਲਾਗਤ ਨਾਲ ਰਾਜਪੁਰਾ ਵਿੱਚ ਮੌਜੂਦਾ ਪਲਾਂਟ ਦੇ ਨਾਲ ਲੱਗਦੀ 28.17 ਏਕੜ ਜ਼ਮੀਨ ਖਰੀਦੀ ਹੈ। ਸਿਫੀ ਟੈਕਨਾਲੋਜੀਜ਼ ਲਿਮਟਿਡ ਦੇ ਪ੍ਰਧਾਨ ਦਲੀਪ ਕੌਲ ਨੇ ਕਿਹਾ ਕਿ ਕੰਪਨੀ ਨੇ ਪਹਿਲੇ ਪੜਾਅ ’ਚ ਮੁਹਾਲੀ ਵਿਖੇ ਡੇਟਾ ਸੈਂਟਰ ਸਥਾਪਤ ਕਰਨ ਅਤੇ ਪੰਜਾਬ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਆਧਾਰਤ ਹੌਰੀਜ਼ੌਂਟਲ ਡੇਟਾ ਸੈਂਟਰ ਵਿੱਚ 1500 ਕਰੋੜ ਰੁਪਏ ਦਾ ਨਿਵੇਸ਼ ਕਰਨ ਦਾ ਫੈਸਲਾ ਕੀਤਾ ਹੈ।

 

LEAVE A REPLY

Please enter your comment!
Please enter your name here