ਦਵਿੰਦਰ ਪਾਲ

ਚੰਡੀਗੜ੍ਹ, 8 ਜੂਨ

ਪੰਜਾਬ ਦੇ ਸੰਘਰਸ਼ੀ ਅਖਾੜਿਆਂ ਤੋਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਸੱਦਾ ਦਿੱਤਾ ਹੈ ਕਿ ਕੇਂਦਰ ਸਰਕਾਰ ਦੀ ਹੈਂਕੜ ਭੰਨਣ ਲਈ ਦਿੱਲੀ ਦੇ ਮੋਰਚੇ ਨੂੰ ਮਜ਼ਬੂਤ ਕੀਤਾ ਜਾਵੇ ਅਤੇ ਕਾਫਲਿਆਂ ਦੇ ਰੂਪ ਵਿੱਚ ਪੰਜਾਬ ਤੋਂ ਦਿੱਲੀ ਨੂੰ ਕੂਚ ਕੀਤਾ ਜਾਵੇ। ਕਿਸਾਨੀ ਧਰਨਿਆਂ ਦੇ 251ਵੇਂ ਦਿਨ ਵੀ ਕਿਸਾਨ ਕੇਂਦਰ ਸਰਕਾਰ ਖ਼ਿਲਾਫ਼ ਆਵਾਜ਼ ਬੁਲੰਦ ਕਰਦੇ ਰਹੇ। ਟੌਲ ਪਲਾਜ਼ਿਆਂ, ਰਿਲਾਇੰਸ ਪੰਪਾਂ, ਕਾਰਪੋਰੇਟ ਮਾਲਜ਼, ਰੇਲਵੇ ਪਾਰਕਾਂ, ਅਡਾਨੀਆਂ ਦੀ ਖੁਸ਼ਕ ਬੰਦਰਗਾਹ ਅਤੇ ਭਾਜਪਾ ਆਗੂਆਂ ਦੇ ਘਰਾਂ ਸਾਹਮਣੇ ਜਾਰੀ ਧਰਨਿਆਂ ਵਿੱਚ ਕਿਸਾਨ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਟੋਹਾਣਾ (ਹਰਿਆਣਾ) ਵਿੱਚ ਕਿਸਾਨਾਂ ਨੇ ਲਗਾਤਾਰ ਤਿੰਨ ਦਿਨ ਦੇ ਧਰਨੇ ਬਾਅਦ ਇੱਕ ਵੱਡੀ ਜਿੱਤ ਪ੍ਰਾਪਤ ਕੀਤੀ। ਹਰਿਆਣਾ ਸਰਕਾਰ ਨੇ ਸਿਰਫ਼ ਗ੍ਰਿਫ਼ਤਾਰ ਕਿਸਾਨਾਂ ਨੂੰ ਰਿਹਾਅ ਹੀ ਨਹੀਂ ਕੀਤਾ ਸਗੋਂ ਉਨ੍ਹਾਂ ਵਿਰੁੱਧ ਦਰਜ ਕੇਸ ਰੱਦ ਕਰਨ ਬਾਰੇ ਵੀ ਸਹਿਮਤੀ ਦਿੱਤੀ। ਅੱਜ ਧਰਨੇ ਵਿੱਚ ਇਸ ਲਾਸਾਨੀ ਜਿੱਤ ਦੀ ਚਰਚਾ ਕੀਤੀ ਗਈ ਅਤੇ ਦਾਅਵਾ ਕੀਤਾ ਗਿਆ ਕਿ ਜਲਦੀ ਹੀ ਕਾਲੇ ਖੇਤੀ ਕਾਨੂੰਨਾਂ ਬਾਰੇ ਵੀ ਇਸੇ ਤਰ੍ਹਾਂ ਦੀ ਜਿੱਤ ਪ੍ਰਾਪਤ ਕੀਤੀ ਜਾਵੇਗੀ। ਆਗੂਆਂ ਨੇ ਕਿਹਾ ਕਿ ਪੰਜਾਬ ਭਾਰਤੀ ਜਨਤਾ ਪਾਰਟੀ ਦੇ ਇੱਕ ਆਗੂ ਨੇ ਪਾਰਟੀ ਆਗੂਆਂ ਨੂੰ ਕਿਸਾਨ ਅੰਦੋਲਨ ਦਾ ਸਮਰਥਨ ਕਰਨ ਲਈ 15 ਦਿਨ ਦਾ ਅਲਟੀਮੇਟਮ ਦਿੱਤਾ ਹੈ। ਇਸ ਤੋਂ ਪਹਿਲਾਂ ਵੀ ਪੰਜਾਬ ਭਾਜਪਾ ਦੇ ਕਈ ਆਗੂ ਆਪਣੇ ਕੌਮੀ ਨੇਤਾਵਾਂ ਨੂੰ ਕਿਸਾਨਾਂ ਨਾਲ ‘ਕੋਈ ਸਮਝੌਤਾ’ ਕਰਨ ਦੀਆਂ ਸਲਾਹਾਂ ਦੇ ਚੁੱਕੇ ਹਨ। ਇਹ ਸਪੱਸ਼ਟ ਹੈ ਕਿ ਸੱਤਾਧਾਰੀ ਪਾਰਟੀ ਅਤੇ ਸਰਕਾਰ ਕਿਸਾਨ ਅੰਦੋਲਨ ਨੂੰ ਲੈ ਕੇ ਬਹੁਤ ਦਬਾਅ ਹੇਠ ਹੈ। ਆਗੂਆਂ ਨੇ ਕਿਹਾ ਕਿ ਇਸ ਦਬਾਅ ਨੂੰ ਹੋਰ ਵਧਾਉਣ ਲਈ ਵੱਧ ਤੋਂ ਵੱਧ ਗਿਣਤੀ ਵਿੱਚ ਦਿੱਲੀ ਮੋਰਚਿਆਂ ਵੱਲ ਕੂਚ ਕੀਤਾ ਜਾਣਾ ਚਾਹੀਦਾ। ਕਿਸਾਨ ਆਗੂਆਂ ਨੇ ਕਿਹਾ ਕਿ 9 ਜੂਨ ਨੂੰ ਧਰਨਿਆਂ ਵਿੱਚ ਪੰਜਾਬ ਦੇ ਮਹਾਨ ਆਗੂ ਬਾਬਾ ਬੰਦਾ ਸਿੰਘ ਬਹਾਦਰ ਦਾ ਬਲੀਦਾਨ ਦਿਵਸ ਮਨਾਇਆ ਜਾਵੇਗਾ। ਬਾਬਾ ਬੰਦਾ ਸਿੰਘ ਬਹਾਦਰ ਨੇ ਪਹਿਲੀ ਵਾਰ ਜਾਗੀਰਦਾਰਾਂ ਤੋਂ ਜ਼ਮੀਨਾਂ ਖੋਹ ਕੇ ਹਲਵਾਹਕਾਂ ਨੂੰ ਦਿੱਤੀਆਂ ਸਨ।

ਬੁਲਾਰਿਆਂ ਵੱਲੋਂ ਤਿੰਨੇ ਕਾਲ਼ੇ ਖੇਤੀ ਕਾਨੂੰਨਾਂ, ਬਿਜਲੀ ਬਿੱਲ 2020 ਅਤੇ ਪਰਾਲੀ ਆਰਡੀਨੈਂਸ ਨੂੰ ਰੱਦ ਕਰਨ ਤੋਂ ਇਲਾਵਾ ਐੱਮਐੱਸਪੀ ’ਤੇ ਸਾਰੀਆਂ ਫ਼ਸਲਾਂ ਦੀ ਖਰੀਦ ਦੀ ਗਰੰਟੀ ਦਾ ਕਾਨੂੰਨ ਬਣਾਉਣ ਅਤੇ ਜਨਤਕ ਵੰਡ ਪ੍ਰਣਾਲੀ ਸਾਰੇ ਗਰੀਬ ਲੋਕਾਂ ਲਈ ਲਾਗੂ ਕਰਨ ਵਰਗੀਆਂ ਮੁੱਖ ਮੰਗਾਂ ਮੰਨੇ ਜਾਣ ’ਤੇ ਜ਼ੋਰ ਦਿੱਤਾ ਗਿਆ। 

ਕਿਸਾਨੀ ਸੰਘਰਸ਼ ਦੀ ਜਿੱਤ ਲਈ ਸਹਿਜ ਪਾਠਾਂ ਦੀ ਲੜੀ ਸ਼ੁਰੂ

ਅੰਮ੍ਰਿਤਸਰ/ਜੰਡਿਆਲਾ ਗੁਰੂ (ਟਨਸ/ ਪੱਤਰ ਪ੍ਰੇਰਕ): ਖੇਤੀ ਕਾਨੂੰਨ ਰੱਦ ਕਰਵਾਉਣ ਲਈ ਕੇਂਦਰ ਸਰਕਾਰ ਖ਼ਿਲਾਫ਼ ਜਾਰੀ ਕਿਸਾਨੀ ਸੰਘਰਸ਼ ਦੀ ਕਾਮਯਾਬੀ ਲਈ ਸਿੱਖ ਸੰਗਤ ਵੱਲੋਂ ਵਡਾਲੀ ਡੋਗਰਾਂ ਦੇ ਗੁਰੂ ਰਾਮਦਾਸ ਲੰਗਰ ਹਾਲ ਵਿੱਚ ਸਹਿਜ ਪਾਠਾਂ ਦੀ ਲੜੀ ਸ਼ੁਰੂ ਕਰ ਦਿੱਤੀ ਗਈ ਹੈ। ਭਾਈ ਇਕਬਾਲ ਸਿੰਘ ਤੁੰਗ ਅਤੇ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਦੱਸਿਆ ਸਹਿਜ ਪਾਠਾਂ ਦੀ ਆਰੰਭਤਾ ਦੀ ਅਰਦਾਸ ਦਲ ਬਾਬਾ ਬਿਧੀਚੰਦ ਸੁਰ ਸਿੰਘ ਵਾਲਾ ਦੇ ਮੁਖੀ ਬਾਬਾ ਅਵਤਾਰ ਸਿੰਘ ਨੇ ਕੀਤੀ  ਭਾਈ ਇਕਬਾਲ ਸਿੰਘ ਨੇ ਦੱਸਿਆ ਕਿ ਸੰਤ ਝੰਡਾ ਸਿੰਘ, ਸੰਤ ਬਿਸ਼ਨ ਸਿੰਘ ਅਤੇ ਸੰਤ ਜਸਪਾਲ ਸਿੰਘ ਦੇ ਵਿਸ਼ੇਸ਼ ਯੋਗਦਾਨ ਨਾਲ ਦੋ ਸਹਿਜ ਪਾਠਾਂ ਦੀ ਲੜੀ ਕਿਸਾਨੀ ਸੰਘਰਸ਼ ਦੀ ਫ਼ਤਹਿ ਹੋਣ ਤੱਕ ਨਿਰੰਤਰ ਜਾਰੀ ਰਹੇਗੀ। ਇਸ ਦੌਰਾਨ ਖੇਤੀ ਕਾਨੂੰਨਾਂ ਖ਼ਿਲਾਫ਼ ਹਰ ਮੁਹਾਜ਼ ’ਤੇ ਲੜਾਈ ਲੜ ਰਹੇ ਕਿਸਾਨਾਂ ਦੀ ਚੜ੍ਹਦੀਕਲਾ ਲਈ ਨਿਰੰਤਰ ਅਰਦਾਸ ਕੀਤੀ ਜਾਵੇਗੀ ਅਤੇ ਗੁਰਬਾਣੀ ਦੇ ਪ੍ਰਚਾਰ-ਪ੍ਰਸਾਰ ਦੇ ਨਾਲ-ਨਾਲ ਲੋਕਾਂ ਨੂੰ ਕਿਸਾਨੀ ਸੰਘਰਸ਼ ਦੇ ਹੱਕ ’ਚ ਵੀ ਲਾਮਬੰਦ ਕੀਤਾ ਜਾਵੇਗਾ।

LEAVE A REPLY

Please enter your comment!
Please enter your name here