ਮਨਧੀਰ ਸਿੰਘ ਦਿਓਲ

ਨਵੀਂ ਦਿੱਲੀ, 5 ਜੂਨ

ਸੰਯੁਕਤ ਕਿਸਾਨ ਮੋਰਚੇ ਵੱਲੋਂ ‘ਸੰਪੂਰਨ ਕ੍ਰਾਂਤੀ ਦਿਵਸ’ ਮਨਾਉਣ ਦੇ ਦਿੱਤੇ ਗਏ ਤਹਿਤ ਅੱਜ ਕਿਸਾਨਾਂ ਨੇ ਸਿੰਘੂ ਹੱਦ ’ਤੇ ਕਜ਼ਾਰੀਆ ਟਾਈਲਜ਼ ਸਟੋਰ ਨੇੜੇ ਇੰਡੀਅਨ ਆਇਲ ਪੰਪ ਦੇ ਸਾਹਮਣੇ ਸੜਕ ਜਾਮ ਕਰਕੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ।

ਆਗੂਆਂ ਨੇ ਐਲਾਨ ਕੀਤਾ ਕਿ ਜਦੋਂ ਤੱਕ ਉਹ ਤਿੰਨੇ ਖੇਤੀ ਕਾਨੂੰਨ, ਬਿਜਲੀ ਸੋਧ ਬਿੱਲ-2020 ਅਤੇ ਪਰਾਲੀ ਆਰਡੀਨੈਂਸ ਰੱਦ ਨਹੀਂ ਕਰਵਾ ਲੈਂਦੇ, ਉਦੋਂ ਤੱਕ ਦੇਸ਼ ਦੀ ਰਾਜਧਾਨੀ ਦਾ ਘਿਰਾਓ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਤੋਂ ਐੱਮਐੱਸਪੀ ਸਬੰਧੀ ਕਾਨੂੰਨ ਬਣਵਾ ਕੇ ਸਾਰੀਆਂ ਫ਼ਸਲਾਂ ਦੀ ਸਰਕਾਰੀ ਖ਼ਰੀਦ ਦੀ ਗਾਰੰਟੀ ਯਕੀਨੀ ਬਣਵਾਈ ਜਾਵੇਗੀ ਅਤੇ ਇਹ ਵੀ ਵਾਅਦਾ ਲਿਆ ਜਾਵੇਗਾ ਕਿ ਕੇਂਦਰ ਵੱਲੋਂ ਭਵਿੱਖ ਵਿੱਚ ਕੋਈ ਅਜਿਹਾ ਕਾਨੂੰਨ ਨਹੀਂ ਲਿਆਂਦਾ ਜਾਵੇਗਾ, ਜੋ ਖੇਤੀ ਅਤੇ ਕਿਸਾਨੀ ਕਿੱਤੇ ਨੂੰ ਤਬਾਹ ਕਰਦਾ ਹੋਵੇ।

ਅੱਜ ਦੇ ਇਸ ਪ੍ਰਦਰਸ਼ਨ ਦੀ ਅਗਵਾਈ ਕਿਸਾਨ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਕੰਵਲਪ੍ਰੀਤ ਸਿੰਘ ਪੰਨੂ, ਕੁੱਲ ਹਿੰਦ ਕਿਸਾਨ ਸਭਾ ਦੇ ਪ੍ਰਧਾਨ ਮੇਜਰ ਸਿੰਘ ਪੁੰਨਾਵਾਲ, ਜਮਹੂਰੀ ਕਿਸਾਨ ਸਭਾ ਦੇ ਪ੍ਰਧਾਨ ਸਤਨਾਮ ਸਿੰਘ ਅਜਨਾਲਾ, ਕਿਰਤੀ ਕਿਸਾਨ ਯੂਨੀਅਨ ਦੇ ਰਜਿੰਦਰ ਸਿੰਘ ਪਟਿਆਲਾ, ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਪ੍ਰਧਾਨ ਹਰਜਿੰਦਰ ਸਿੰਘ ਟਾਂਡਾ, ਆਲ ਇੰਡੀਆ ਕਿਸਾਨ ਫ਼ੈਡਰੇਸ਼ਨ ਦੇ ਐਡਵੋਕੇਟ ਕੁਲਦੀਪ ਸਿੰਘ, ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੇ ਗੁਰਮੀਤ ਸਿੰਘ ਭੋਟੀਵਾਲ, ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਰਘਬੀਰ ਸਿੰਘ, ਪੰਜਾਬ ਕਿਸਾਨ ਯੂਨੀਅਨ ਦੇ ਬੂਟਾ ਸਿੰਘ ਅਤੇ ਕਿਸਾਨ ਸਭਾ ਪੰਜਾਬ ਦੇ ਲਖਬੀਰ ਸਿੰਘ ਨਿਜ਼ਾਮਪੁਰ ਨੇ ਕੀਤੀ। ਕੁੱਲ ਹਿੰਦ ਕਿਸਾਨ ਸਭਾ ਮੋਗਾ ਦੇ ਆਗੂ ਕੁਲਦੀਪ ਸਿੰਘ ਭੋਲਾ ਨੇ ਇੱਕ ਪ੍ਰੈੱਸ ਬਿਆਨ ਰਾਹੀਂ ਕਿਹਾ ਕਿ ਇੱਕ ਸਾਲ ਪਹਿਲਾਂ ਅੱਜ ਦੇ ਦਿਨ ਹੀ ਕਰੋਨਾ ਮਹਾਮਾਰੀ ਦੀ ਆੜ ਹੇਠ ਕੇਂਦਰੀ ਕੈਬਨਿਟ ਦੀ ਮੀਟਿੰਗ ਵਿੱਚ ‘ਖੇਤੀ ਸੋਧ ਕਾਨੂੰਨ 2020’ ਦੇ ਨਾਂ ਹੇਠ ਬਿੱਲ ਪਾਸ ਕੀਤਾ ਗਿਆ ਸੀ, ਜਿਸ ਕਾਰਨ ਅੱਜ ਥਾਂ-ਥਾਂ ’ਤੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਭਾਜਪਾ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ।

ਆਗੂਆਂ ਨੇ ਕਿਹਾ ਕਿ ਕਿਸਾਨ ਮੋਰਚਾ ਜਿੰਨਾ ਲੰਬਾ ਹੋ ਰਿਹਾ ਹੈ, ਓਨੀ ਹੀ ਕੇਂਦਰ ਸਰਕਾਰ ਦੀ ਕਬਰ ਡੂੰਘੀ ਹੋ ਰਹੀ ਹੈ ਅਤੇ ਜਿੰਨੀ ਡੂੰਘੀ ਕਬਰ ਵਿੱਚ ਕੇਂਦਰ ਸਰਕਾਰ ਦੱਬੀ ਜਾਵੇਗੀ, ਉਨ੍ਹਾਂ ਹੀ ਦੇਸ਼ ਦੀਆਂ ਅਗਲੀਆਂ ਪੀੜ੍ਹੀਆਂ ਦਾ ਭਵਿੱਖ ਸੁਰੱਖਿਅਤ ਰਹੇਗਾ। ਇਸੇ ਦੌਰਾਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਚੱਲ ਰਿਹਾ ਮੋਰਚਾ 193 ਦਿਨ ਵੀ ਜਾਰੀ ਰਿਹਾ। 

LEAVE A REPLY

Please enter your comment!
Please enter your name here