ਟ੍ਰਿਬਿਉੂਨ ਨਿਉੂਜ਼ ਸਰਵਿਸ

ਅੰਮ੍ਰਿਤਸਰ, 16 ਮਾਰਚ

ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਜੱਜ ਅਰੁਣ ਪੱਲੀ ਨੇ ਸਥਾਨਕ ਕੇਂਦਰੀ ਜੇਲ੍ਹ ਵਿੱਚ ਵੀਡੀਓ ਕਾਨਫਰੰਸਿੰਗ ਜ਼ਰੀਏ ਪੇਸ਼ੀ ਦੀ ਸ਼ੁਰੂਆਤ ਕੀਤੀ। ਉਨ੍ਹਾਂ ਨੇ ਜੇਲ੍ਹ ਵਿਚ ਵੀਡੀਓ ਕਾਨਫਰੰਸਿੰਗ ਯੂਨਿਟ ਦਾ ਵੀ ਉਦਘਾਟਨ ਕੀਤਾ।

ਉਹ ਪਿਛਲੇ ਕੁਝ ਦਿਨਾਂ ਤੋਂ ਅੰਮ੍ਰਿਤਸਰ ਦੌਰੇ ’ਤੇ ਹਨ। ਜਸਟਿਸ ਪੱਲੀ ਨੇ ਅੱਜ ਕੇਂਦਰੀ ਜੇਲ੍ਹ ਦਾ ਦੌਰਾ ਕੀਤਾ ਅਤੇ ਜੇਲ੍ਹ ਦਾ ਨਿਰੀਖਣ ਕੀਤਾ। ਉਨ੍ਹਾਂ ਨਾਲ ਜ਼ਿਲ੍ਹਾ ਅਤੇ ਸੈਸ਼ਨ ਜੱਜ ਹਰਪ੍ਰੀਤ ਕੌਰ ਰੰਧਾਵਾ ਆਦਿ ਹਾਜ਼ਰ ਸਨ। ਕੇਂਦਰੀ ਜੇਲ੍ਹ ਦੇ ਦੌਰੇ ਦੌਰਾਨ ਉਨ੍ਹਾਂ ਨੇ ਵੀਡੀਓ ਕਾਨਫਰੰਸਿੰਗ ਯੂਨਿਟ ਦਾ ਉਦਘਾਟਨ ਕੀਤਾ। ਇੱਥੋਂ ਜੇਲ੍ਹ੍ਵ ਦੇ ਕੈਦੀਆਂ ਨੂੰ ਉਨ੍ਹਾਂ ਦੇ ਕੇਸਾਂ ਲਈ ਅਦਾਲਤਾਂ ਵਿੱਚ ਪੇਸ਼ ਕਰਨ ਦੀ ਸਹੂਲਤ ਲਈ ਛੇ ਵੀਡੀਓ ਕਾਨਫਰੰਸਿੰਗ ਰੂਮ ਸਥਾਪਤ ਕੀਤੇ ਗਏ ਹਨ। ਇਸ ਨਾਲ ਮੁਲਜ਼ਮ ਨੂੰ ਉਸ ਦੇ ਕੇਸ ਸਬੰਧੀ ਦੇਸ਼ ਵਿਚ ਕਿਸੇ ਵੀ ਅਦਾਲਤ ਵਿਚ ਆਸਾਨੀ ਨਾਲ ਪੇਸ਼ ਕੀਤਾ ਜਾ ਸਕਦਾ ਹੈ। ਇਸ ਨਾਲ ਅਦਾਲਤਾਂ ਦੀ ਕਾਰਵਾਈ ਦਾ ਸਮਾਂ ਘੱਟ ਹੋ ਜਾਵੇਗਾ ਅਤੇ ਇਹ ਅਦਾਲਤਾਂ ਵਿੱਚ ਲੰਬਿਤ ਮੁਕੱਦਮਿਆਂ ਦੇ ਤੇਜ਼ੀ ਨਾਲ ਨਿਪਟਾਰੇ ਵਿੱਚ ਮਦਦ ਕਰੇਗਾ। ਇਸ ਨਾਲ ਮੁਲਜ਼ਮਾਂ ਨੂੰ ਅਦਾਲਤਾਂ ਵਿੱਚ ਸਰੀਰਕ ਤੌਰ ’ਤੇ ਪੇਸ਼ ਕਰਨ ਲਈ ਪੁਲੀਸ ਗਾਰਡ ਪ੍ਰਦਾਨ ਕਰਨ ਦਾ ਪੁਲੀਸ ਵਿਭਾਗ ’ਤੇ ਬੋਝ ਵੀ ਘੱਟ ਹੋ ਜਾਵੇਗਾ।

ਉਨ੍ਹਾਂ ਨੇ ਮਹਿਲਾ ਬੈਰਕਾਂ ਦਾ ਦੌਰਾ ਕੀਤਾ, ਜਿੱਥੇ ਮਹਿਲਾ ਕੈਦੀਆ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਸੁਣੀਆਂ। ਉਨ੍ਹਾਂ ਨੂੰ ਅਦਾਲਤਾਂ ਵਿੱਚ ਲੰਬਿਤ ਕੇਸਾਂ ਦੇ ਸਬੰਧ ਵਿੱਚ ਹਰ ਤਰ੍ਹਾਂ ਦੀ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਲਈ ਯਕੀਨ ਦਵਾਇਆ। ਉਨ੍ਹਾਂ ਨੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਨੂੰ ਹਦਾਇਤ ਕੀਤੀ ਕਿ ਜੇਲ੍ਹਾਂ ਵਿੱਚ ਬੰਦ ਮਹਿਲਾ ਕੈਦੀਆਂ ਅਤੇ ਉਨ੍ਹਾਂ ਦੇ ਨਾਲ ਨਾਬਾਲਗ ਬੱਚਿਆਂ ਨੂੰ ਹਰ ਤਰ੍ਹਾਂ ਦੀਆਂ ਬੁਨਿਆਦੀ ਸਹੂਲਤਾਂ/ ਸਫ਼ਾਈ ਆਦਿ ਨਾਲ ਸਬੰਧਤ ਵਸਤੂਆਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਜੇਲ੍ਹ ਵਿਚ ਕਰੈਚ, ਲਾਇਬ੍ਰੇਰੀ, ਲੰਗਰ ਹਾਲ (ਕੈਦੀਆਂ ਲਈ ਰਸੋਈ) ਅਤੇ ਲੀਗਲ ਏਡ ਕਲੀਨਿਕ ਦਾ ਦੌਰਾ ਕੀਤਾ। ਲੀਗਲ ਏਡ ਡਿਫੈਂਸ ਕੌਂਸਲਾਂ ਨੂੰ ਹਦਾਇਤ ਕੀਤੀ ਕਿ ਉਹ ਹਰੇਕ ਕੈਦੀ ਨਾਲ ਰੁਟੀਨ ਵਿੱਚ ਗੱਲਬਾਤ ਕਰਨ ਲਈ ਯਤਨ ਕਰਨ ਤਾਂ ਜੋ ਉਨ੍ਹਾਂ ਨੂੰ ਉਨ੍ਹਾਂ ਦੇ ਕੇਸਾਂ ਦੀ ਸਥਿਤੀ ਬਾਰੇ ਜਾਣੂ ਕਰਵਾਇਆ ਜਾ ਸਕੇ। ਇਸ ਤੋਂ ਬਾਅਦ ਉਨ੍ਹਾਂ ਨੇ ਜ਼ਿਲ੍ਹਾ ਕਚਹਿਰੀਆਂ ਵਿਖੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਅੰਮ੍ਰਿਤਸਰ ਦਾ ਦੌਰਾ ਕੀਤਾ। ਉਨ੍ਹਾਂ ਨੇ ਵਿਕਲਪਕ ਝਗੜਾ ਨਿਪਟਾਰਾ ਕੇਂਦਰ ਦਾ ਵੀ ਦੌਰਾ ਕੀਤਾ।

LEAVE A REPLY

Please enter your comment!
Please enter your name here