ਆਤਿਸ਼ ਗੁਪਤਾ

ਚੰਡੀਗੜ੍ਹ, 27 ਮਾਰਚ

ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਜਲੰਧਰ ਲੋਕ ਸਭਾ ਹਲਕੇ ਤੋਂ ਉਮੀਦਵਾਰ ਐਲਾਨੇ ਸੁਸ਼ੀਲ ਕੁਮਾਰ ਰਿੰਕੂ ਤੇ ਵਿਧਾਇਕ ਸ਼ੀਤਲ ਅੰਗੁਰਾਲ ਨੂੰ ਭਾਜਪਾ ਵਿੱਚ ਸ਼ਾਮਲ ਹੋਣ ’ਤੇ ਗੱਦਾਰ ਕਰਾਰ ਦਿੱਤਾ ਹੈ। ‘ਆਪ’ ਨੇ ਕਿਹਾ ਕਿ ਦੋਵਾਂ ਆਗੂਆਂ ਨੂੰ ਲੋਕਾਂ ਨੇ ਇਸ ਲਈ ਚੁਣਿਆ ਸੀ ਕਿਉਂਕਿ ਉਹ ‘ਆਪ’ ਦੀਆਂ ਟਿਕਟਾਂ ’ਤੇ ਚੋਣ ਮੈਦਾਨ ਵਿੱਚ ਉਤਰੇ ਸਨ, ਪਰ ਹੁਣ ਉਹ ਜਲੰਧਰ ਦੇ ਲੋਕਾਂ ਅਤੇ ਉਨ੍ਹਾਂ ਦੇ ਭਰੋਸੇ ਨਾਲ ਧੋਖਾ ਕਰ ਰਹੇ ਹਨ। ‘ਆਪ’ ਪੰਜਾਬ ਦੇ ਪ੍ਰਧਾਨ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਕਸ ’ਤੇ ਕਿਹਾ ਕਿ ‘ਆਪਣੇ ਵੱਲੋਂ ਤਾਂ ਦਰਿਆ ਵੱਡੇ ਘਰ ਜਾਂਦਾ ਹੈ ਪਰ ਵਿੱਚ ਸਮੁੰਦਰ ਜਾ ਕੇ ਓਹ ਮਰ ਜਾਂਦਾ ਹੈ, ਗਰਦਨ ਸਿੱਧੀ ਰੱਖਣ ਦਾ ਮੁੱਲ ਤਾਰ ਰਹੇ ਹਾਂ, ਬੇਸ਼ਰਮਾਂ ਦਾ ਤਾਂ ਨੀਵੀਂ ਪਾ ਕੇ ਵੀ ਸਰ ਜਾਂਦਾ ਹੈ’। ਉਨ੍ਹਾਂ ਕਿਹਾ ਕਿ ਉਹ ਪੰਜਾਬ ਦੀ ਗਰਦਨ ਮਾਣ ਨਾਲ ਹਮੇਸ਼ਾ ਉੱਚੀ ਰੱਖਣਗੇ। ਉਨ੍ਹਾਂ ਨੇ ‘ਆਪ’ ਛੱਡ ਕੇ ਵੱਡੀ ਸਿਆਸੀ ਪਾਰਟੀ ’ਚ ਸ਼ਾਮਲ ਹੋਣ ਵਾਲੇ ਆਗੂਆਂ ’ਤੇ ਤਨਜ਼ ਕੱਸਦਿਆਂ ਕਿਹਾ ਕਿ ਅਸੀਂ ਪੰਜਾਬ ਦੀ ਆਨ ਤੇ ਸ਼ਾਨ ਦੀ ਰਾਖੀ ਲਈ ਹਮੇਸ਼ਾ ਵਚਨਬੱਧ ਹਨ। ਸ੍ਰੀ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਕਦੇ ਵੀ ਕਿਸੇ ਗੱਦਾਰ ਦਾ ਸਾਥ ਨਹੀਂ ਦਿੱਤਾ ਅਤੇ ਪੰਜਾਬ ਦੇ ਲੋਕ ਅਗਾਮੀ ਲੋਕ ਸਭਾ ਚੋਣਾਂ ਵਿੱਚ ਵੀ ‘ਆਪ’ ਨੂੰ ਵੋਟ ਪਾ ਕੇ ਕਾਮਯਾਬ ਕਰਨਗੇ।

LEAVE A REPLY

Please enter your comment!
Please enter your name here