ਪਟਨਾ, 3 ਮਾਰਚ

ਬਿਹਾਰ ਦੇ ਪਟਨਾ ’ਚ ‘ਇੰਡੀਆ’ ਗੱਠਜੋੜ ਵੱਲੋਂ ‘ਜਨ ਵਿਸ਼ਵਾਸ ਰੈਲੀ’ ਕੀਤੀ ਗਈ ਜਿਸ ’ਚ ‘ਇੰਡੀਆ’ ਮਹਾ ਗੱਠਜੋੜ ਵੱਲੋਂ ਸ਼ਕਤੀ ਪ੍ਰਦਰਸ਼ਨ ਕੀਤਾ ਗਿਆ। ਰੈਲੀ ਨੂੰ ਸੰਬੋਧਨ ਕਰਦਿਆਂ ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਦਾਅਵਾ ਕੀਤਾ ਕਿ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਸਮਾਜ ਦੇ ਹਾਸ਼ੀਏ ’ਤੇ ਪਈ ਦੇਸ਼ ਦੀ 73 ਫੀਸਦੀ ਅਬਾਦੀ ਨੂੰ ਨਜ਼ਰਅੰਦਾਜ਼ ਕਰ ਰਹੀ ਹੈ। ਉਨ੍ਹਾਂ ਭਾਜਪਾ ’ਤੇ ਸਪੱਸ਼ਟ ਤੌਰ ‘ਤੇ ਨਿਸ਼ਾਨਾ ਸੇਧਦਿਆਂ ਦੋਸ਼ ਲਗਾਇਆ ਕਿ ‘ਇਕ ਪਾਰਟੀ’ ਲੋਕਾਂ ‘ਚ ਨਫਰਤ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਪਰ ਉਹ (ਇੰਡੀਆ ਗੱਠਜੋੜ) ‘ਨਫਰਤ ਕੇ ਬਜ਼ਾਰ ਮੇਂ ਮੁਹੱਬਤ’ ਦੀ ਪੇਸ਼ਕਸ਼ ਕਰ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਦੇਸ਼ ਵਿੱਚ ਕਿਸਾਨਾਂ, ਨੌਜਵਾਨਾਂ ਅਤੇ ਦੱਬੇ ਕੁਚਲੇ ਲੋਕਾਂ ਨਾਲ ਬੇਇਨਸਾਫ਼ੀ ਹੋ ਰਹੀ ਹੈ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਇਸ ਮੌਕੇ ‘ਤੇ ਬੋਲਦਿਆਂ ਦਾਅਵਾ ਕੀਤਾ ਕਿ ਆਗਾਮੀ ਲੋਕ ਸਭਾ ਚੋਣਾਂ ‘ਚ ‘ਇੰਡੀਆ’ ਗੱਠਜੋੜ ਇਥੋਂ ਸਭ ਤੋਂ ਵੱਧ ਸੀਟਾਂ ਜਿੱਤੇਗਾ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਦੇ ਨੇਤਾ ਈਡੀ, ਸੀਬੀਆਈ ਅਤੇ ਆਈਟੀ ਵਰਗੀਆਂ ਕੇਂਦਰੀ ਏਜੰਸੀਆਂ ਤੋਂ ਡਰਦੇ ਨਹੀਂ ਹਨ, ਜਿਨ੍ਹਾਂ ਦੀ ਉਨ੍ਹਾਂ ਵਿਰੁੱਧ ਦੁਰਵਰਤੋਂ ਕੀਤੀ ਜਾ ਰਹੀ ਹੈ। ਰੈਲੀ ਦਾ ਆਯੋਜਨ ਰਾਸ਼ਟਰੀ ਜਨਤਾ ਦਲ ਵੱਲੋਂ ਕੀਤਾ ਗਿਆ ਜਿਸ ’ਚ ਪਾਰਟੀ ਦੇ ਕੌਮੀ ਪ੍ਰਧਾਨ ਲਾਲੂ ਪ੍ਰਸਾਦ, ਉਨ੍ਹਾਂ ਦੇ ਪੁੱਤਰ ਤੇਜਸਵੀ ਯਾਦਵ, ਸੀਪੀਆਈ (ਐਮ) ਦੇ ਜਨਰਲ ਸਕੱਤਰ ਸੀਤਾਰਾਮ ਯੇਚੁਰੀ ਅਤੇ ਸੀਪੀਆਈ ਦੇ ਜਨਰਲ ਸਕੱਤਰ ਡੀ ਰਾਜਾ ਸਮੇਤ ਸਿਖਰਲੇ ਆਗੂ ਸ਼ਾਮਲ ਹੋਏ। ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਤੇ ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਖਿਲੇਸ਼ ਯਾਦਵ ਵੀ ਰੈਲੀ ’ਚ ਹਾਜ਼ਰ ਸਨ।

LEAVE A REPLY

Please enter your comment!
Please enter your name here