ਸਰਬਜੀਤ ਸਿੰਘ ਭੰਗੂ

ਪਟਿਆਲਾ, 4 ਮਾਰਚ

ਦਿੱਲੀ ਕੂਚ ਦੇ ਪ੍ਰੋਗਰਾਮ ਤਹਿਤ ਹਜ਼ਾਰਾਂ ਕਿਸਾਨ ਸ਼ੰਭੂ ਅਤੇ ਢਾਬਰੀਗੁੱਜਰਾਂ ਬਾਰਡਰਾਂ ’ਤੇ 4 ਮਾਰਚ ਨੂੰ ਇੱਕੀਵੇਂ ਦਿਨ ਵੀ ਡਟੇ ਰਹੇ। 6 ਮਾਰਚ ਨੂੰ ਦਿੱਲੀ ਵੱਲ ਨੂੰ ਵਧਣ ਦੇ ਦਿੱਤੇ ਗਏ ਸੱਦੇ ਸਬੰਧੀ ਕੀਤੀ ਗਈ ਚਰਚਾ ਬਾਰੇ ਸਪੱਸ਼ਟ ਕਰਦਿਆਂ ਕਿਸਾਨਾ ਨੇ ਕਿਹਾ ਕਿ ਇਹ ਸੱਦਾ ਸ਼ੰਭੂ ਅਤੇ ਢਾਬੀਗੁੱਜਰਾਂ ਦੇ ਬਰਡਰਾਂ ’ਤੇ ਬੈਠੇ ਕਿਸਾਨਾ ’ਤੇ ਲਾਗੂ ਨਹੀਂ ਹੁੰਦਾ। ਇਸ ਦੌਰਾਨ ਸਿਰਫ਼ ਦੂਜੇ ਰਾਜਾਂ ਦੇ ਕਿਸਾਨ ਹੀ ਦਿੱਲੀ ਵੱਲ ਵਧਣਗੇ।

ਉਧਰ, ਸ਼ੰਭੂ ਬਾਰਡਰ ’ਤੇ ਡਟੇ ਕਿਸਾਨਾਂ ’ਚ ਅੱਜ ਭਾਜਪਾ ਪੰਜਾਬ ਦੇ ਪ੍ਰਧਾਨ ਸੁਨੀਲ ਜਾਖੜ ਦੀ ਬਿਆਨਬਾਜ਼ੀ ਚਰਚਾ ਦਾ ਵਿਸ਼ਾ ਰਹੀ। ਇਸੇ ਦੌਰਾਨ ਅੱਜ ਸ਼ੰਭੂ ਬਾਰਡਰ ’ਤੇ ਪ੍ਰੈਸ ਕਾਨਫਰੰਸ ਕਰਨ ਦੀ ਜ਼ਿੰਮੇਵਾਰੀ ਬੀਕੇਯੂ ਬਹਿਰਾਮਕੇ ਦੇ ਪ੍ਰਧਾਨ ਬਲਵੰਤ ਸਿੰਘ ਬਹਿਰਾਮਕੇ, ਬੀਕੇਯੂ ਦੁਆਬਾ ਦੇ ਪ੍ਰਧਾਨ ਮਨਜੀਤ ਸਿੰਘ ਰਾਏ ਅਤੇ ਕੁਲਵਿੰਦਰ ਸਿੰਘ ਪੰਜੋਲਾ ਸਮੇਤ ਕੁਝ ਹੋਰ ਕਿਸਾਨ ਆਗੂਆਂ ਨੇ ਨਿਭਾਈ ਜਿਸ ਦੌਰਾਨ ਸੁਨੀਲ ਜਾਖੜ ’ਤੇ ਦੋਹਰੇ ਮਾਪਦੰਡ ਅਪਣਾਉਣ ਦੇ ਦੋਸ਼ ਲਾਉਂਦਿਆਂ, ਇਨ੍ਹਾਂ ਕਿਸਾਨ ਆਗੂਆਂ ਦਾ ਕਹਿਣਾ ਸੀ ਕਿ ਜੇ ਉਹ ਕਿਸਾਨਾਂ ਅਤੇ ਪੰਜਾਬ ਦੇ ਸ਼ੁਭਚਿੰਤਕ ਹਨ, ਤਾਂ ਉਨ੍ਹਾਂ ਨੂੰ ਭਾਜਪਾ ਦੀ ਸੂਬਾਈ ਪ੍ਰਧਾਨਗੀ ਤੋਂ ਅਸਤੀਫਾ ਦੇ ਕੇ ਪੰਜਾਬ ਦੇ ਲੋਕਾਂ ਨਾਲ ਖੜ੍ਹਨਾ ਚਾਹੀਦਾ ਹੈ। ਸੁਨੀਲ ਜਾਖੜ ਵੱਲੋਂ ਐੱਮਐੱਸਪੀ ਸਬੰਧੀ ਦਿੱਤੇ ਬਿਆਨ ’ਤੇ ਬੋਲਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਜੇਕਰ ਉਹ ਕਿਸਾਨਾਂ ਦੇ ਸ਼ੁਭਚਿੰਤਕ ਹਨ, ਤਾਂ ਉਹ ਪ੍ਰਧਾਨ ਮੰਤਰੀ ਨੂੰ ਘੱਟੋ-ਘੱਟ ਸਮਰਥਨ ਮੁੱਲ ’ਤੇ ਕਾਨੂੰਨ ਲਿਆਉਣ ਸਮੇਤ 2014 ਦੇ ਚੋਣ ਮੈਨੀਫੈਸਟੋ ਨੂੰ ਲਾਗੂ ਕਰਨ ਲਈ ਆਖਣ। ਜਿਸ ਵਿੱਚ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ ਅਤੇ ਸਵਾਮੀ ਨਾਥਨ ਰਿਪੋਰਟ ਲਾਗੂ ਕਰਨ ਦਾ ਵਾਅਦਾ ਕੀਤਾ ਸੀ। ਕਿਸਾਨ ਆਗੂਆਂ ਦਾ ਇਹ ਵੀ ਕਹਿਣਾ ਸੀ ਕਿ ਸੁਨੀਲ ਜਾਖੜ ਨੂੰ ਸ਼ੁਭਕਰਨ ਸਿੰਘ ਦੀ ਮੌਤ ’ਤੇ ਬੋਲਣਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਸੂਬਾਈ ਪ੍ਰਧਾਨ ਹੁੰਦਿਆਂ ਕਿਸਾਨ ਭਵਨ ਚੰਡੀਗੜ੍ਹ ਵਿਖੇ ਹੋਈ ਸਿਆਸੀ ਪਾਰਟੀਆਂ ਦੀ ਮੀਟਿੰਗ ’ਚ ਸ੍ਰੀ ਜਾਖੜ ਨੇ ਵੀ ਐਮਐਸਪੀ ਦਾ ਸਮਰਥਨ ਕੀਤਾ ਸੀ। ਲਖੀਮਪੁਰ ਖੀਰੀ ਕੇਸ ਦੇ ਮੁਲਜ਼ਮ ਦੇ ਪਿਤਾ ਨੂੰ ਭਾਜਪਾ ਐਮਪੀ ਦੀ ਟਿਕਟ ਦੇਣ ਦੀ ਆਲੋਚਨਾ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਸੁਨੀਲ ਜਾਖੜ ਨੂੰ ਚਾਹੀਦਾ ਹੈ ਕਿ ਉਹ ਇਸ ਸਬੰਧੀ ਵੀ ਸਥਿਤੀ ਸਪੱਸ਼ਟ ਕਰਨ।

LEAVE A REPLY

Please enter your comment!
Please enter your name here