ਮੁਜ਼ੱਫਰਨਗਰ (ਯੂਪੀ), 17 ਫਰਵਰੀ

ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੇ ਆਗੂ ਰਾਕੇਸ਼ ਟਿਕੈਤ ਨੇ ਅੱਜ ਐਲਾਨ ਕੀਤਾ ਕਿ ਕਿਸਾਨ ਘੱਟੋ ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਣੇ ਹੋਰ ਮੰਗਾਂ ਮਨਵਾਉਣ ਲਈ 21 ਫਰਵਰੀ ਨੂੰ ਉੱਤਰ ਪ੍ਰਦੇਸ਼, ਹਰਿਆਣਾ, ਪੰਜਾਬ ਅਤੇ ਉੱਤਰਾਖੰਡ ਵਿੱਚ ਧਰਨੇ ਦੇਣਗੇ। ਇੱਥੇ ਸਿਸੌਲੀ ਵਿੱਚ ਇੱਕ ਪੰਚਾਇਤ ਵਿੱਚ ਸ਼ਿਰਕਤ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਟਿਕੈਤ ਨੇ ਕਿਹਾ ਕਿ ਮੀਟਿੰਗ ਦੌਰਾਨ ਇੱਕ ਮਤਾ ਪਾਸ ਕੀਤਾ ਗਿਆ ਸੀ ਕਿ ਜੇ ਸਰਕਾਰ ਕਿਸਾਨਾਂ ਦੀਆਂ ਮੰਗਾਂ ਨਹੀਂ ਮੰਨਦੀ ਤਾਂ ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਦੀ ਅਗਵਾਈ ਹੇਠ ਫਰਵਰੀ ਦੇ ਆਖਰੀ ਹਫ਼ਤੇ ਦਿੱਲੀ ਤੱਕ ਟਰੈਕਟਰ ਮਾਰਚ ਕੱਢਿਆ ਜਾਵੇਗਾ। ਇਸ ਮੌਕੇ ਕਿਸਾਨਾਂ ਦੇ ‘ਦਿੱਲੀ ਚੱਲੋ’ ਮਾਰਚ ਦੀ ਲਾਮਬੰਦੀ ਲਈ ਪੰਚਾਇਤ ਕੀਤੀ ਗਈ। ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਵੱਲੋਂ ਸਰਕਾਰ ’ਤੇ ਆਪਣੀਆਂ ਮੰਗਾਂ ਮੰਨਣ ਲਈ ਦਬਾਅ ਬਣਾਇਆ ਜਾ ਰਿਹਾ ਹੈ ਤੇ ਕਿਸਾਨਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਪੰਜਵੇਂ ਦਿਨ ਵੀ ਪ੍ਰਦਰਸ਼ਨ ਜਾਰੀ ਰੱਖੇ। ਜਾਣਕਾਰੀ ਅਨੁਸਾਰ ਪੰਜਾਬ ਦੇ ਕਿਸਾਨਾਂ ਨੇ 13 ਫਰਵਰੀ ਨੂੰ ਦਿੱਲੀ ਵੱਲ ਮਾਰਚ ਕਰਨਾ ਸ਼ੁਰੂ ਕੀਤਾ ਸੀ ਪਰ ਹਰਿਆਣਾ ਨਾਲ ਲੱਗਦੀ ਪੰਜਾਬ ਦੀ ਹੱਦ ਸ਼ੰਭੂ ਅਤੇ ਖਨੌਰੀ ’ਤੇ ਸੁਰੱਖਿਆ ਬਲਾਂ ਨੇ ਉਨ੍ਹਾਂ ਨੂੰ ਰੋਕ ਦਿੱਤਾ। ਉਦੋਂ ਤੋਂ ਹੀ ਕਿਸਾਨ ਸ਼ੰਭੂ ਤੇ ਖਨੌਰੀ ਹੱਦ ’ਤੇ ਸੰਘਰਸ਼ ਕਰ ਰਹੇ ਹਨ। ਪੀਟੀਆਈ

LEAVE A REPLY

Please enter your comment!
Please enter your name here