ਨਿੱਜੀ ਪੱਤਰ ਪ੍ਰੇਰਕ

ਮਾਲੇਰਕੋਟਲਾ, 10 ਫਰਵਰੀ

ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਜ਼ਿਲ੍ਹਾ ਮਾਲੇਰਕੋਟਲਾ ਇਕਾਈ ਵੱਲੋਂ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਪਿਛਲੇ ਪੰਜ ਦਿਨਾਂ ਤੋਂ ਚੱਲ ਰਿਹਾ ਦਿਨ ਰਾਤ ਦਾ ਧਰਨਾ ਅੱਜ ਸਮਾਪਤ ਹੋ ਗਿਆ। ਅੱਜ ਦੇ ਧਰਨੇ ’ਚ ਔਰਤਾਂ ਨੇ ਭਰਵੀਂ ਸ਼ਮੂਲੀਅਤ ਕੀਤੀ। ਧਰਨੇ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਸੂਬਾ ਪ੍ਰਚਾਰ ਸਕੱਤਰ ਜਗਤਾਰ ਸਿੰਘ ਕਾਲਾਝਾੜ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਵਾਅਦਾਖ਼ਿਲਾਫ਼ੀ ਕਰਕੇ ਕਿਸਾਨਾਂ ’ਚ ਸਰਕਾਰ ਪ੍ਰਤੀ ਭਾਰੀ ਰੋਸ ਹੈ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਕਿਸਾਨ-ਮਜ਼ਦੂਰ ਪੱਖੀ ਖੇਤੀ ਨੀਤੀ ਤੁਰੰਤ ਜਾਰੀ ਕੀਤੀ ਜਾਵੇ, ਕਿਸਾਨਾਂ-ਮਜ਼ਦੂਰਾਂ ਨੂੰ ਖ਼ੁਦਕੁਸ਼ੀਆਂ ਲਈ ਮਜਬੂਰ ਕਰ ਰਹੇ ਸਮੁੱਚੇ ਕਰਜ਼ਿਆਂ ’ਤੇ ਲੀਕ ਮਾਰੀ ਜਾਵੇ, ਕਰਜ਼ਾਗ੍ਰਸਤ ਖ਼ੁਦਕੁਸ਼ੀ ਪੀੜਤ ਪਰਿਵਾਰਾਂ ਨੂੰ 10-10 ਲੱਖ ਰੁਪਏ ਤੇ 1-1 ਪੱਕੀ ਨੌਕਰੀ ਅਤੇ ਮੁਕੰਮਲ ਕਰਜ਼ਾ ਮੁਕਤੀ ਦੀ ਰਾਹਤ ਤੁਰੰਤ ਦਿੱਤੀ ਜਾਵੇ, ਚਿੱਟੇ ਵਰਗੇ ਸਿੰਥੈਟਿਕ ਨਸ਼ਿਆਂ ਦੇ ਖ਼ਾਤਮੇ ਲਈ ਉਤਪਾਦਕ ਫੈਕਟਰੀਆਂ ਦੇ ਮਾਲਕਾਂ, ਥੋਕ ਵਪਾਰੀਆਂ, ਤਸਕਰਾਂ ਤੇ ਉਨ੍ਹਾਂ ਦੇ ਸਰਪ੍ਰਸਤ ਸਿਆਸਤਦਾਨਾਂ ਸਮੇਤ ਉੱਚ ਪੁਲੀਸ ਤੇ ਸਿਵਲ ਅਫ਼ਸਰਸ਼ਾਹੀ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ।ਨਸ਼ਿਆਂ ਦੇ ਜਾਲ਼ ਵਿੱਚ ਫ਼ਸੇ ਨਸ਼ੇੜੀਆਂ ਦੇ ਇਲਾਜ ਦੇ ਪੁਖ਼ਤਾ ਪ੍ਰਬੰਧ ਕਰੇ ,ਹੜ੍ਹਾਂ, ਫ਼ਸਲੀ ਰੋਗਾਂ, ਨਕਲੀ ਬੀਜਾਂ ਦਵਾਈਆਂ ਆਦਿ ਨਾਲ ਹੋਈ ਫ਼ਸਲੀ ਤਬਾਹੀ ਦੀ ਪੂਰੀ ਭਰਪਾਈ ਵਾਲਾ ਮੁਆਵਜ਼ਾ ਏਕੜ ਨੂੰ ਆਧਾਰ ਮੰਨ ਕੇ ਕਾਸ਼ਤਕਾਰਾਂ ਨੂੰ ਤੁਰੰਤ ਦੇਵੇ, ਕਾਸ਼ਤਕਾਰਾਂ ਦੀ ਜ਼ਮੀਨੀ ਤੋਟ ਪੂਰੀ ਕਰਨ ਤੇ ਆਬਾਦਕਾਰ ਕਿਸਾਨਾਂ ਮਜ਼ਦੂਰਾਂ ਨੂੰ ਕਾਬਜ਼ ਜ਼ਮੀਨਾਂ ਦੇ ਮਾਲਕੀ ਹੱਕ ਤੁਰੰਤ ਦਿੱਤੇ ਜਾਣ, ਹਰ ਬਾਲਗ ਪੰਜਾਬੀ ਨੂੰ ਪੱਕਾ ਰੁਜ਼ਗਾਰ ਦਿੱਤਾ ਜਾਵੇ। ਇਸ ਮੌਕੇ ਕੁਲਵਿੰਦਰ ਸਿੰਘ ਭੂਦਨ, ਕੇਵਲ ਸਿੰਘ ਭੜ੍ਹੀ, ਰਜਿੰਦਰ ਸਿੰਘ ਭੋਗੀਵਾਲ, ਸਰਬਜੀਤ ਸਾਬਰੀ ਦੁੱਲਮਾਂ,ਤ ੇਜਵੰਤ ਸਿੰਘ ਕੁਠਾਲਾ, ਨਰਿੰਦਰ ਸਿੰਘ ਹਥਨ, ਚਰਨਜੀਤ ਸਿੰਘ ਹਥਨ, ਸੰਦੀਪ ਸਿੰਘ ਉਪੋਕੀ ਤੇ ਜਗਰੂਪ ਸਿੰਘ ਨੇ ਵੀ ਸੰਬੋਧਨ ਕੀਤਾ।

LEAVE A REPLY

Please enter your comment!
Please enter your name here