ਮਨਧੀਰ ਸਿੰਘ ਦਿਓਲ

ਨਵੀਂ ਦਿੱਲੀ, 17 ਮਾਰਚ

ਆਮ ਆਦਮੀ ਪਾਰਟੀ (ਆਪ) ਦੀ ਸੀਨੀਅਰ ਆਗੂ ਤੇ ਦਿੱਲੀ ਦੇ ਕੈਬਨਿਟ ਮੰਤਰੀ ਆਤਿਸ਼ੀ ਨੇ ਦੋਸ਼ ਲਗਾਇਆ ਕਿ ਈਡੀ ਨੇ ਦਿੱਲੀ ਜਲ ਬੋਰਡ (ਡੀਜੇਬੀ) ਨਾਲ ਸਬੰਧਤ ਫਰਜ਼ੀ ਮਾਮਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਨਵਾਂ ਸੰਮਨ ਭੇਜਿਆ ਹੈ। ਇੱਥੇ ਪ੍ਰੈੱਸ ਕਾਨਫਰੰਸ ਕਰਕੇ ਆਤਿਸ਼ੀ ਨੇ ਦਾਅਵਾ ਕੀਤਾ, ‘ਕੋਈ ਨਹੀਂ ਜਾਣਦਾ ਕਿ ਡੀਜੇਬੀ ਦਾ ਇਹ ਕੇਸ ਕਿਸ ਚੀਜ਼ ਨਾਲ ਸਬੰਧਤ ਹੈ। ਇਸ ਕਿਸੇ ਵੀ ਤਰ੍ਹਾਂ ਕੇਜਰੀਵਾਲ ਨੂੰ ਗ੍ਰਿਫ਼ਤਾਰ ਕਰਨ ਅਤੇ ਉਨ੍ਹਾਂ ਨੂੰ ਲੋਕ ਸਭਾ ਚੋਣਾਂ ਲਈ ਪ੍ਰਚਾਰ ਕਰਨ ਤੋਂ ਰੋਕਣ ਦੀ ਇੱਕ ਬਦਲਵੀਂ ਯੋਜਨਾ ਲੱਗਦੀ ਹੈ।’

ਜ਼ਿਕਰਯੋਗ ਹੈ ਕਿ ਡੀਜੇਬੀ ਮਾਮਲੇ ’ਚ ਈਡੀ ਨੇ ਦੋਸ਼ ਲਾਇਆ ਹੈ ਕਿ ਦਿੱਲੀ ਸਰਕਾਰ ਦੇ ਇਸ ਵਿਭਾਗ ਦੇ ਇੱਕ ਠੇਕੇ ਬਦਲੇ ਲਿਆ ਗਿਆ ‘ਰਿਸ਼ਵਤ ਦਾ ਪੈਸਾ’ ਆਮ ਆਦਮੀ ਪਾਰਟੀ ਨੂੰ ਚੋਣ ਫੰਡ ਵਜੋਂ ਦਿੱਤਾ ਗਿਆ ਸੀ। ਕੈਬਨਿਟ ਮੰਤਰੀ ਦੇ ਦਾਅਵੇ ’ਤੇ ਪ੍ਰਤੀਕਿਰਿਆ ਦਿੰਦੇ ਹੋਏ ਦਿੱਲੀ ਭਾਜਪਾ ਦੇ ਪ੍ਰਧਾਨ ਵਰਿੰਦਰ ਸਚਦੇਵਾ ਨੇ ਕਿਹਾ ਕਿ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਆਜ਼ਾਦ ਕੰਮ ਕਰ ਰਹੀ ਹੈ। ਇਸ ਦੌਰਾਨ ਉਨ੍ਹਾਂ ਕੇਜਰੀਵਾਲ ’ਤੇ ਵਾਰ-ਵਾਰ ਕਾਨੂੰਨ ਦੀ ਉਲੰਘਣਾ ਕਰਨ ਦਾ ਦੋਸ਼ ਵੀ ਲਾਇਆ। ਆਤਿਸ਼ੀ ਨੇ ਕਿਹਾ ਕਿ ਲੋਕ ਸਭਾ ਚੋਣਾਂ ਦਾ ਐਲਾਨ ਹੋਣ ਤੋਂ ਕੁਝ ਘੰਟਿਆਂ ਮਗਰੋਂ ਲੰਘੀ ਕੱਲ੍ਹ ਦੋ ਸੰਮਨ ਮਿਲੇ ਸਨ, ਜਿਨ੍ਹਾਂ ਵਿੱਚ ਅਰਵਿੰਦ ਕੇਜਰੀਵਾਲ ਨੂੰ ਅਗਲੇ ਹਫਤੇ ਜਾਂਚ ਏਜੰਸੀ ਅੱਗੇ ਪੇਸ਼ ਹੋਣ ਲਈ ਕਿਹਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਵਿੱਚੋਂ ਇੱਕ ਕੇਸ ਆਬਕਾਰੀ ਨੀਤੀ ਅਤੇ ਦੂਜਾ ਡੀਜੇਬੀ ਨਾਲ ਸਬੰਧਤ ਹੈ। ‘ਆਪ’ ਆਗੂ ਨੇ ਦੋਸ਼ ਲਾਇਆ ਕਿ ਭਾਜਪਾ ਸਿਆਸੀ ਵਿਰੋਧੀਆਂ ਨੂੰ ਖ਼ਤਮ ਕਰਨ ਲਈ ਈਡੀ ਅਤੇ ਸੀਬੀਆਈ ਨੂੰ ਆਪਣੇ ‘ਗੁੰਡਿਆਂ’ ਵਜੋਂ ਵਰਤ ਰਹੀ ਹੈ।

ਇਸ ਦੌਰਾਨ ਆਤਿਸ਼ੀ ਨੇ ਕਿਹਾ ਕਿ ਆਬਕਾਰੀ ਨੀਤੀ ਦੇ ਫਰਜ਼ੀ ਕੇਸ ਵਿੱਚ ਅਰਵਿੰਦ ਕੇਜਰੀਵਾਲ ਨੂੰ ਗ੍ਰਿਫਤਾਰ ਕਰਨ ਦਾ ਮੋਦੀ ਦਾ ਮਕਸਦ ਪੂਰਾ ਨਹੀਂ ਹੋ ਰਿਹਾ ਸੀ ਇਸ ਲਈ ਉਨ੍ਹਾਂ ਨੇ ਨਵਾਂ ਫਰਜ਼ੀ ਕੇਸ ਤਿਆਰ ਕਰਵਾ ਲਿਆ।

ਇਸ ’ਤੇ ਈਡੀ ਅਤੇ ਸੀਬੀਆਈ ਵੱਲੋਂ ਤੁਰੰਤ ਕੋਈ ਪ੍ਰਤੀਕਿਰਿਆ ਨਹੀਂ ਆਈ। ਈਡੀ ਨੇ ਦਿੱਲੀ ਜਲ ਬੋਰਡ ਵਿੱਚ ਕਥਿਤ ਬੇਨਿਯਮੀਆਂ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਤਹਿਤ ਕੇਜਰੀਵਾਲ ਨੂੰ ਪੁੱਛ-ਪੜਤਾਲ ਲਈ ਤਲਬ ਕੀਤਾ ਹੈ। ਮਨੀ ਲਾਂਡਰਿੰਗ ਵਿਰੋਧੀ ਕਾਨੂੰਨ ਤਹਿਤ ਦਰਜ ਕੀਤਾ ਗਿਆ ਇਹ ਦੂਜਾ ਮਾਮਲਾ ਹੈ, ਜਿਸ ਵਿੱਚ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਨੂੰ ਤਲਬ ਕੀਤਾ ਗਿਆ ਹੈ। ਉਹ ਪਹਿਲਾਂ ਹੀ ਦਿੱਲੀ ਆਬਕਾਰੀ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਪੁੱਛ-ਪੜਤਾਲ ਲਈ ਸੰਮਨ ਦਾ ਸਾਹਮਣਾ ਕਰ ਰਹੇ ਹਨ। ਕੇਜਰੀਵਾਲ ਨੇ ਇਸ ਮਾਮਲੇ ’ਚ ਹੁਣ ਤੱਕ 8 ਸੰਮਨਾਂ ਨੂੰ ਗੈਰ-ਕਾਨੂੰਨੀ ਕਰਾਰ ਦਿੰਦੇ ਹੋਏ ਟਾਲ ਦਿੱਤਾ ਹੈ। ਆਬਕਾਰੀ ਨੀਤੀ ਮਾਮਲੇ ਵਿੱਚ ਇੱਕ ਤਾਜ਼ਾ ਅਤੇ ਨੌਵਾਂ ਅਜਿਹਾ ਨੋਟਿਸ ਉਸ ਨੂੰ 21 ਮਾਰਚ ਨੂੰ ਈਡੀ ਦੇ ਜਾਂਚ ਅਧਿਕਾਰੀ ਅੱਗੇ ਪੇਸ਼ ਹੋਣ ਲਈ ਕਿਹਾ ਗਿਆ ਹੈ।

ਕਾਨੂੰਨ ਦੀ ਉਲੰਘਣਾ ਕਰ ਰਹੇ ਨੇ ਕੇਜਰੀਵਾਲ: ਸਚਦੇਵਾ

ਦਿੱਲੀ ਭਾਜਪਾ ਦੇ ਪ੍ਰਧਾਨ ਵਰਿੰਦਰ ਸਚਦੇਵਾ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਈਡੀ ਵੱਲੋਂ ਭੇਜੇ 9ਵੇਂ ਸੰਮਨ ’ਤੇ ਕਿਹਾ ਕਿ ਜਾਂਚ ਏਜੰਸੀ ਆਪਣਾ ਕੰਮ ਆਜ਼ਾਦੀ ਨਾਲ ਕਰ ਰਹੀ ਹੈ ਪਰ ਅਰਵਿੰਦ ਕੇਜਰੀਵਾਲ ਵਾਰ-ਵਾਰ ਕਾਨੂੰਨ ਦੀ ਉਲੰਘਣਾ ਕਰ ਰਹੇ ਹਨ। ਭਾਜਪਾ ਆਗੂ ਨੇ ਕਿਹਾ ਕਿ ਜਿਹੜੇ ਕੇਸ ਵਿੱਚ ਅਰਵਿੰਦ ਕੇਜਰੀਵਾਲ ਨੂੰ ਕੱਲ੍ਹ ਜ਼ਮਾਨਤ ਮਿਲੀ ਸੀ, ਉਸ ਦਾ ਸ਼ਰਾਬ ਨੀਤੀ ਕੇਸ ਨਾਲ ਕੋਈ ਸਬੰਧ ਨਹੀਂ ਹੈ। ਕੇਜਰੀਵਾਲ ਨੇ ਅਦਾਲਤੀ ਸੰਮਨਾਂ ਦੀ ਮਾਣਹਾਨੀ ਲਈ ਜ਼ਮਾਨਤ ਲੈ ਲਈ ਹੈ, ਜਿਸ ਨੂੰ ਉਨ੍ਹਾਂ ਨੇ ਗੈਰ-ਕਾਨੂੰਨੀ ਕਰਾਰ ਦਿੱਤਾ ਸੀ ਅਤੇ ਹੁਣ ਇਹ ਤੈਅ ਹੈ ਕਿ ਸੰਮਨ ਕਾਨੂੰਨੀ ਸਨ। ਉਨ੍ਹਾਂ ਕਿਹਾ ਕਿ ਕੇਜਰੀਵਾਲ ਦੇ ਸਾਬਕਾ ਉਪ ਮੁੱਖ ਮੰਤਰੀ ਸ਼ਰਾਬ ਘੁਟਾਲੇ ਵਿੱਚ ਇੱਕ ਸਾਲ ਤੋਂ ਵੱਧ ਸਮੇਂ ਤੋਂ ਜੇਲ੍ਹ ਵਿੱਚ ਹਨ ਅਤੇ ਇੱਕ ਹੋਰ ਸੰਸਦ ਮੈਂਬਰ ਵੀ ਲੰਬੇ ਸਮੇਂ ਤੋਂ ਜੇਲ੍ਹ ਵਿੱਚ ਹੈ, ਪਰ ਆਮ ਆਦਮੀ ਪਾਰਟੀ ਵਾਰ-ਵਾਰ ਕਹਿੰਦੀ ਹੈ ਕਿ ਸ਼ਰਾਬ ਨੀਤੀ ਵਿੱਚ ਕੋਈ ਘਪਲਾ ਨਹੀਂ ਹੈ, ਜੋ ਕਿ ਆਪਣੇ ਆਪ ਹੀ ਹਾਸੋਹੀਣਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਜਲ ਬੋਰਡ ਮਾਮਲੇ ਵਿੱਚ ਕੇਜਰੀਵਾਲ ਨੂੰ ਦੂਜਾ ਸੰਮਨ ਵੀ ਲੁੱਟ ਦਾ ਸਬੂਤ ਹੈ। ਦਿੱਲੀ ਦੇ ਲੋਕ ਜਾਣਦੇ ਹਨ ਕਿ ਕਿਵੇਂ ਜਲ ਬੋਰਡ ਨੂੰ ਲੁੱਟਿਆ ਗਿਆ ਹੈ ਅਤੇ ਭਾਜਪਾ ਹਮੇਸ਼ਾ ਕਹਿੰਦੀ ਰਹੀ ਹੈ ਕਿ ਜਲ ਬੋਰਡ ਘੁਟਾਲਾ ਸ਼ਰਾਬ ਘੁਟਾਲੇ ਤੋਂ ਵੀ ਵੱਡਾ ਘੁਟਾਲਾ ਹੈ। ਉਨ੍ਹਾਂ ਕਿਹਾ ਹੈ ਕਿ ਕੇਜਰੀਵਾਲ ਨੇ ਸੱਤਾ ਵਿੱਚ ਆਉਣ’ਤੇ ਟੈਂਕਰ ਮਾਫੀਆ ਨੂੰ ਖਤਮ ਕਰਨ ਦੇ ਵੱਡੇ-ਵੱਡੇ ਵਾਅਦੇ ਕੀਤੇ ਸਨ, ਜਦੋਂ ਕਿ ਉਸ ਸਮੇਂ ਜਲ ਬੋਰਡ 1200 ਕਰੋੜ ਰੁਪਏ ਦੇ ਮੁਨਾਫੇ ਵਿੱਚ ਸੀ ਪਰ ਅੱਜ 80,000 ਕਰੋੜ ਰੁਪਏ ਦੇ ਘਾਟੇ ਵਿੱਚ ਹੈ।

LEAVE A REPLY

Please enter your comment!
Please enter your name here