ਪੱਤਰ ਪ੍ਰੇਰਕ

ਨਵੀਂ ਦਿੱਲੀ, 20 ਮਾਰਚ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਈਡੀ ਵੱਲੋਂ ਭੇਜੇ ਸੰਮਨਾਂ ਨੂੰ ਚੁਣੌਤੀ ਦੇਣ ਵਾਲੇ ਮਾਮਲੇ ਦੀ ਅੱਜ ਹਾਈਕੋਰਟ ਵਿੱਚ ਸੁਣਵਾਈ ਤੋਂ ਬਾਅਦ ਦਿੱਲੀ ਭਾਜਪਾ ਦੇ ਪ੍ਰਧਾਨ ਵਰਿੰਦਰ ਸਚਦੇਵਾ ਨੇ ਆਪਣੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਕੇਜਰੀਵਾਲ ਈਡੀ ਅਤੇ ਹੋਰ ਜਾਂਚ ਏਜੰਸੀਆਂ ਨਾਲ ਸਹਿਯੋਗ ਕਰਨ। ਸ੍ਰੀ ਸਚਦੇਵਾ ਨੇ ਕਿਹਾ ਕਿ ਕੇਜਰੀਵਾਲ ਦੀ ਆਪਣੀ ਪਟੀਸ਼ਨ ’ਤੇ ਹਾਈਕੋਰਟ ਦੀ ਮੁੱਢਲੀ ਸੁਣਵਾਈ ਤੋਂ ਸਪੱਸ਼ਟ ਹੈ ਕਿ ਸਾਰੇ ਈਡੀ ਸੰਮਨ ਕਾਨੂੰਨੀ ਸਨ ਅਤੇ ਕੇਜਰੀਵਾਲ ਲਈ ਹੀ ਸਨ ਨਾ ਕਿ ਉਨ੍ਹਾਂ ਦੀ ਪਾਰਟੀ ਨਾਲ ਇਨ੍ਹਾਂ ਸੰਮਨਾਂ ਦਾ ਕੋਈ ਲੈਣਾ-ਦੇਣਾ ਹੈ। ਸਚਦੇਵਾ ਨੇ ਕਿਹਾ ਕਿ ਨਾ ਤਾਂ ਅਦਾਲਤ ਨੇ ਅਰਵਿੰਦ ਕੇਜਰੀਵਾਲ ਨੂੰ ਸੁਰੱਖਿਆ ਦਿੱਤੀ ਅਤੇ ਨਾ ਹੀ ਕੱਲ੍ਹ 21 ਮਾਰਚ ਦੀ ਈਡੀ ਸੰਮਨ ’ਤੇ ਰੋਕ ਲਗਾਈ ਹੈ। ਹੁਣ ਕੇਜਰੀਵਾਲ ਨੂੰ ਈਡੀ ਅੱਗੇ ਪੇਸ਼ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਅਰਵਿੰਦ ਕੇਜਰੀਵਾਲ ਸੱਚਾ ਹੈ ਤਾਂ ਜਾਂਚ ਤੋਂ ਕਿਉਂ ਭੱਜ ਰਿਹਾ ਹੈ? ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਨੂੰ ਜਾਂਚ ਵਿੱਚ ਸਹਿਯੋਗ ਕਰਨਾ ਚਾਹੀਦਾ ਹੈ ਅਤੇ ਜਿਸ ਤਰ੍ਹਾਂ ਆਮ ਆਦਮੀ ਪਾਰਟੀ ਦੇ ਆਗੂ ਈਡੀ ਵੱਲੋਂ ਸੰਮਨ ਭੇਜੇ ਜਾਣ ਬਾਰੇ ਗਲਤ ਪ੍ਰਚਾਰ ਕਰ ਰਹੇ ਹਨ, ਅੱਜ ਅਦਾਲਤ ਦੀਆਂ ਹਦਾਇਤਾਂ ’ਤੇ ਉਨ੍ਹਾਂ ਦੀ ਆਵਾਜ਼ ਸ਼ਾਂਤ ਕਰ ਦਿੱਤੀ ਗਈ ਹੈ। ਦਿੱਲੀ ਭਾਜਪਾ ਪ੍ਰਧਾਨ ਨੇ ਕਿਹਾ ਕਿ ਅੱਜ ਅਦਾਲਤ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਕੋਈ ਵੀ ਕਾਨੂੰਨ ਤੋਂ ਉੱਪਰ ਨਹੀਂ ਹੈ, ਕੇਜਰੀਵਾਲ ਨੂੰ ਈਡੀ ਦੇ ਸੰਮਨ ’ਤੇ ਜਾਣਾ ਪਵੇਗਾ। ਉਨ੍ਹਾਂ ਕਿਹਾ ਕਿ ਇਹ ਤਾਂ ਸਭ ਨੂੰ ਪਤਾ ਹੈ ਕਿ ਨਵੀਂ ਸ਼ਰਾਬ ਨੀਤੀ ਅਤੇ ਦਿੱਲੀ ਦੇ ਜਲ ਬੋਰਡ ਵਿੱਚ ਘਪਲਾ ਹੋਇਆ ਹੈ ਤੇ ਕੇਜਰੀਵਾਲ ਨੂੰ ਇਸ ਦਾ ਜਵਾਬ ਦੇਣਾ ਪਵੇਗਾ। ਸ੍ਰੀ ਸਚਦੇਵਾ ਨੇ ਕਿਹਾ ਕਿ ਅੱਜ ਅਦਾਲਤ ਦੇ ਫ਼ੈਸਲੇ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਨੇਤਾ ਕੋਲ ਕੋਈ ਹੋਰ ਰਾਹ ਨਹੀਂ ਬਚਿਆ ਹੈ ਅਤੇ ਉਨ੍ਹਾਂ ਨੂੰ ਈਡੀ ਦੇ ਸੰਮਨ ’ਤੇ ਜਾਣਾ ਹੀ ਪਵੇਗਾ। ਜੇਕਰ ਉਹ ਫਿਰ ਵੀ ਈਡੀ ਦੀ ਜਾਂਚ ਵਿੱਚ ਸਹਿਯੋਗ ਨਹੀਂ ਦਿੰਦੇ ਹਨ ਤਾਂ ਦਿੱਲੀ ਦੇ ਲੋਕ ਸਭ ਜਾਣਦੇ ਹੀ ਹਨ।

LEAVE A REPLY

Please enter your comment!
Please enter your name here