ਜੋਗਿੰਦਰ ਸਿੰਘ ਮਾਨ

ਮਾਨਸਾ, 28 ਮਾਰਚ

ਖੇਤੀ ਮੰਤਰੀ ਅਤੇ ਬਠਿੰਡਾ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਜੇ ਕੇਂਦਰ ਸਰਕਾਰ ਦੇ ਦਬਾਅ ਹੇਠ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਈਡੀ ਲਗਾਤਾਰ ਪੁੱਛ-ਪੜਤਾਲ ਅਤੇ ਜੇਲ੍ਹ ਭੇਜਣ ਵਰਗੇ ਹੱਥਕੰਡੇ ਵਰਤ ਸਕਦੀ ਹੈ ਤਾਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਵੱਡੇ ਪੱਧਰ ’ਤੇ ਚੋਣ ਮੁਹਿੰਮ ਚਲਾ ਕੇ ਵਿਧਾਨ ਸਭਾ ਦੇ ਨਤੀਜਿਆਂ ਵਾਂਗ ਸਾਰੀਆਂ 13 ਲੋਕ ਸਭਾ ਸੀਟਾਂ ਸਣੇ ਚੰਡੀਗੜ੍ਹ ਵਿੱਚ ਵੱਡੇ ਪੱਧਰ ’ਤੇ ਜਿੱਤ ਹਾਸਲ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕੱਲ੍ਹ ਭਾਜਪਾ ਵਿੱਚ ਸ਼ਾਮਲ ਹੋਏ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਅਤੇ ਵਿਧਾਇਕ ਸ਼ੀਤਲ ਅੰਗੁਰਾਲ ਨੇ ਪੰਜਾਬ ਦੇ ਬਹਾਦਰ ਲੋਕਾਂ ਸਣੇ ਪਾਰਟੀ ਨਾਲ ਵਿਸ਼ਵਾਸਘਾਤ ਕੀਤਾ ਹੈ ਅਤੇ ਲੋਕਾਂ ਨੇ ਇਨ੍ਹਾਂ ਆਗੂਆਂ ਨੂੰ ਚੁਣਿਆ ਹੀ ਇਸ ਕਰਕੇ ਸੀ ਕਿ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਨੇ ਟਿਕਟਾਂ ਦੇ ਕੇ ਮੈਦਾਨ ਵਿੱਚ ਉਤਾਰਿਆ ਸੀ। ਇਸ ਮੌਕੇ ਉਨ੍ਹਾਂ ਨਾਲ ਪਾਰਟੀ ਦੇ ਸੂਬਾ ਪ੍ਰਧਾਨ ਪ੍ਰਿੰਸੀਪਲ ਬੁੱਧਰਾਮ ਅਤੇ ਵਿਧਾਇਕ ਐਡਵੋਕੇਟ ਗੁਰਪ੍ਰੀਤ ਸਿੰਘ ਬਣਾਂਵਾਲੀ ਵੀ ਮੌਜੂਦ ਸਨ।

ਸ੍ਰੀ ਖੁੱਡੀਆਂ ਨੇ ਕਿਹਾ ਕਿ ਭਾਵੇਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਨੀਤੀਆਂ ਨੂੰ ਲੈ ਕੇ ਜਲੰਧਰ ਹਲਕੇ ਦੇ ਲੋਕਾਂ ਨੇ ਰਿੰਕੂ ਨੂੰ ਜਿਤਾਇਆ ਸੀ ਅਤੇ ਹੁਣ ਉਹ ਭਾਜਪਾ ਵੱਲੋਂ ਜਦੋਂ ਲੋਕਾਂ ਵਿੱਚ ਜਾਣਗੇ ਤਾਂ ਲੋਕ ਉਨ੍ਹਾਂ ਨੂੰ ਮੂੰਹ ਤੋੜਵਾਂ ਜਵਾਬ ਦੇਣਗੇ। ਉਨ੍ਹਾਂ ਕਿਹਾ ਕਿ ਅਜਿਹੇ ਲੋਕਾਂ ਨੇ ਆਪਣੇ ਨਿੱਜੀ ਹਿੱਤਾਂ ਨੂੰ ਪਹਿਲ ਦਿੰਦਿਆਂ ਪਾਰਟੀ ਨੂੰ ਛੱਡ ਕੇ ਭਾਜਪਾ ਦਾ ਪੱਲਾ ਫੜਿਆ ਹੈ।

ਉਨ੍ਹਾਂ ਕਿਹਾ ਕਿ ਭਾਜਪਾ ਵੱਲੋਂ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਨੂੰ ਆਪਣੀ ਪਾਰਟੀ ਵਿੱਚ ਸ਼ਾਮਲ ਕਰਵਾਉਣ ਲਈ, ਜੋ ਵੱਡੀਆਂ-ਵੱਡੀਆਂ ਪੇਸ਼ਕਸ਼ਾਂ ਕੀਤੀਆਂ ਜਾ ਰਹੀਆਂ ਹਨ, ਉਹ ਹੁਣ ਜੱਗ-ਜ਼ਾਹਿਰ ਹੋ ਗਈਆਂ ਹਨ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਕੋਈ ਮੋਦੀ ਲਹਿਰ ਨਹੀਂ ਹੈ ਅਤੇ ਮੀਡੀਆ ਦੇ ਇੱਕ ਹਿੱਸੇ ਵਜੋਂ ਇਸ ਗੱਲ ਨੂੰ ਜਾਣ-ਬੁੱਝ ਕੇ ਫੈਲਾਇਆ ਜਾ ਰਿਹਾ ਹੈ।

LEAVE A REPLY

Please enter your comment!
Please enter your name here