ਪੱਤਰ ਪ੍ਰੇਰਕ

ਘਨੌਲੀ, 28 ਅਪਰੈਲ

ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਰੂਪਨਗਰ ਨੂੰ ਧੋਤੇ ਹੋਏ ਕੋਲੇ ਦੀ ਸਪਲਾਈ ਕਰਨ ਵਾਲੀ ਇੱਕ ਕੰਪਨੀ ਦੇ 4 ਕਰਮਚਾਰੀਆਂ ਨੂੰ ਜ਼ਿਲ੍ਹਾ ਰੂਪਨਗਰ ਪੁਲੀਸ ਵੱਲੋਂ ਥਰਮਲ ਪਲਾਂਟ ਦੀ ਲੈਬਾਰਟਰੀ ਵਿੱਚ ਲਏ ਜਾਂਦੇ ਕੋਲੇ ਦੇ ਨਮੂਨਿਆਂ ਨਾਲ ਛੇੜਛਾੜ ਕਰਨ ਦੇ ਦੋਸ਼ ਅਧੀਨ ਗ੍ਰਿਫਤਾਰ ਕੀਤਾ ਹੈ। ਇਸ ਮਾਮਲੇ ਵਿੱਚ ਹੋਰ ਵੀ ਗ੍ਰਿਫਤਾਰੀਆਂ ਹੋਣ ਦੀ ਸੰਭਾਵਨਾ ਹੈ। ਗ੍ਰਿਫਤਾਰ ਕੀਤੇ ਵਿਅਕਤੀਆਂ ਦੀ ਪਛਾਣ ਅਰਵਿੰਦ, ਪਿਊਸ ,ਵਰੁਣ ਸਿੰਘ ਅਤੇ ਪੁਸ਼ਪਿੰਦਰ ਵਜੋਂ ਹੋਈ ਹੈ, ਜੋ ਕਿ ਧੋਤਾ ਹੋਇਆ ਕੋਲਾ ਸਪਲਾਈ ਕਰਨ ਵਾਲੀ ਕੰਪਨੀ ਅਧੀਨ ਕੰਮ ਕਰਦੇ ਸਨ। ਪੁਲੀਸ ਨੇ ਇਸ ਸਬੰਧ ਵਿੱਚ ਜਦੋਂ ਥਰਮਲ ਪਲਾਂਟ ਦੇ ਮੁੱਖ ਕੈਮਿਸਟ ਦੀ ਸ਼ਿਕਾਇਤ ਦੇ ਆਧਾਰ ਤੇ ਜਾਂਚ ਆਰੰਭੀ ਤਾਂ ਇਸ ਘੁਟਾਲੇ ਦਾ ਭੇਦ ਉਜਾਗਰ ਹੁੰਦਿਆਂ ਹੀ ਪੁਲੀਸ ਨੇ ਧਾਰਾ 457 ਅਤੇ 380 ਤਹਿਤ ਪਿਛਲੇ ਮਹੀਨੇ ਕੇਸ ਦਰਜ ਕਰਕੇ ਮੁਲਜ਼ਮਾਂ ਦੀ ਪੈੜ ਨੱਪਣੀ ਸ਼ੁਰੂ ਕਰ ਦਿੱਤੀ , ਜਿਸ ਉਪਰੰਤ ਹੁਣ 4 ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ ਪੁਲੀਸ ਰਿਮਾਂਡ ਹਾਸਲ ਕਰਨ ਉਪਰੰਤ ਮੁਲਜ਼ਮਾਂ ਤੋਂ ਪੁੱਛ ਪੜਤਾਲ ਕੀਤੀ ਜਾ ਰਹੀ ਹੈ ਤੇ ਮੁਲਜ਼ਮਾਂ ਨੂੰ 29 ਅਪਰੈਲ ਨੂੰ ਮੁੜ ਅਦਾਲਤ ਵਿੱਚ ਪੇਸ਼ ਕੀਤਾ ਜਾ ਰਿਹਾ ਹੈ। ਐਸ.ਐਸ.ਪੀ. ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਫੜੇ ਗਏ ਮੁਲਜ਼ਮਾਂ ਨੇ ਪੁੱਛਗਿੱਛ ਦੌਰਾਨ ਕਬੂਲ ਕੀਤਾ ਹੈ ਕਿ ਉਨ੍ਹਾਂ ਨੇ ਆਪਣੀ ਕੰਪਨੀ ਦੇ ਸੀਨੀਅਰ ਅਧਿਕਾਰੀ ਦੇ ਨਿਰਦੇਸ਼ਾਂ ਅਨੁਸਾਰ ਨਮੂਨਿਆਂ ਨਾਲ ਛੇੜਛਾੜ ਕਰਨ ਦੀ ਕੋਸ਼ਿਸ਼ ਕੀਤੀ ਸੀ ਤੇ ਸਬੰਧਤ ਅਧਿਕਾਰੀ ਨੇ ਉਨ੍ਹਾਂ ਨੂੰ ਪੈਸਿਆਂ ਦੀ ਪੇਸ਼ਕਸ਼ ਵੀ ਕੀਤੀ ਸੀ। ਸੂਤਰਾਂ ਅਨੁਸਾਰ ਇਸ ਘੋਟਾਲੇ ਵਿੱਚ ਥਰਮਲ ਪਲਾਂਟ ਦੇ ਅਧਿਕਾਰੀਆਂ ਦੀ ਸ਼ਮੂਲੀਅਤ ਵੀ ਹੋ ਸਕਦੀ ਹੈ।

LEAVE A REPLY

Please enter your comment!
Please enter your name here