ਗੁਰਦਾਸਪੁਰ (ਕੇਪੀ ਸਿੰਘ): ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਡਾ. ਦਲਜੀਤ ਸਿੰਘ ਚੀਮਾ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਮਨ ਸ਼ੇਰ ਸਿੰਘ ਉਰਫ਼ ਸ਼ੈਰੀ ਕਲਸੀ ਨੇ ਅੱਜ ਆਪੋ ਆਪਣੇ ਨਾਮਜ਼ਦਗੀ ਪੱਤਰ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਵਿਸ਼ੇਸ਼ ਸਾਰੰਗਲ ਕੋਲ ਦਾਖ਼ਲ ਕਰਵਾਏ। ਡਾ. ਚੀਮਾ ਦੇ ਨਾਮਜ਼ਦਗੀ ਪੱਤਰ ਵਿਚ ਕਵਰਿੰਗ ਉਮੀਦਵਾਰ ਵਜੋਂ ਆਸਦੀਪ ਸਿੰਘ ਚੀਮਾ ਦਾ ਨਾਂਅ ਦਰਜ ਕੀਤਾ ਗਿਆ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਗੁਰਦਾਸਪੁਰ (ਸ਼ਹਿਰੀ) ਦੇ ਜ਼ਿਲ੍ਹਾ ਪ੍ਰਧਾਨ ਰਮਨਦੀਪ ਸਿੰਘ ਸੰਧੂ, ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਅਤੇ ਗੁਰਦਾਸਪੁਰ ਦੇ ਹਲਕਾ ਇੰਚਾਰਜ ਗੁਰਬਚਨ ਸਿੰਘ ਬੱਬੇਹਾਲੀ, ਫ਼ਤਿਹਗੜ੍ਹ ਚੂੜੀਆਂ ਦੇ ਹਲਕਾ ਇੰਚਾਰਜ ਲਖਬੀਰ ਸਿੰਘ ਲੋਧੀ ਨੰਗਲ ਅਤੇ ਸੁਜਾਨਪੁਰ ਦੇ ਹਲਕਾ ਇੰਚਾਰਜ ਰਾਜ ਕੁਮਾਰ ਗੁਪਤਾ ਆਦਿ ਵੀ ਹਾਜ਼ਰ ਸਨ। ਸ਼ੈਰੀ ਕਲਸੀ ਵੱਲੋਂ ਕਾਗ਼ਜ਼ ਦਾਖਲ ਕਰਵਾਉਣ ਮੌਕੇ ਉਨ੍ਹਾਂ ਨਾਲ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ, ਗੁਰਦਾਸਪੁਰ ਤੋਂ ਹਲਕਾ ਇੰਚਾਰਜ ਰਮਨ ਬਹਿਲ, ਜਗਰੂਪ ਸਿੰਘ ਸੇਖਵਾਂ ਆਦਿ ਮੌਜੂਦ ਸਨ। ਨਾਮਜ਼ਦੀ ਭਰਨ ਮਗਰੋਂ ਜੇਲ੍ਹ ਰੋਡ ਸਥਿਤ ਡਾਲਾ ਫਾਰਮ ’ਤੇ ਦਲਜੀਤ ਚੀਮਾ ਨੇ ਕਿਹਾ ਕਿ ਭਾਜਪਾ, ਕਾਂਗਰਸ ਤੇ ‘ਆਪ’ ਅਸਲ ਮੁੱਦਿਆਂ ਲਈ ਜਨਤਾ ਅੱਗੇ ਆਪਣੀ ਜਵਾਬਦੇਹੀ ਤੋਂ ਭੱਜ ਰਹੀਆਂ ਹਨ।

ਗੁਰਜੀਤ ਔਜਲਾ ਤੇ ਕੁਲਦੀਪ ਧਾਲੀਵਾਲ ਵੱਲੋਂ ਪੱਤਰ ਦਾਖ਼ਲ

ਅੰਮ੍ਰਿਤਸਰ (ਜਗਤਾਰ ਸਿੰਘ ਲਾਂਬਾ): ਲੋਕ ਸਭਾ ਚੋਣਾਂ ਵਾਸਤੇ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਚੱਲ ਰਹੀ ਪ੍ਰਕਿਰਿਆ ਤਹਿਤ ਅੱਜ ਕਾਂਗਰਸ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ, ਆਮ ਆਦਮੀ ਪਾਰਟੀ ਦੇ ਕੁਲਦੀਪ ਸਿੰਘ ਧਾਲੀਵਾਲ ਸਮੇਤ ਬਸਪਾ ਅਤੇ ਹੋਰ ਆਜ਼ਾਦ ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ। ਕਾਂਗਰਸ ਦੇ ਗੁਰਜੀਤ ਸਿੰਘ ਔਜਲਾ ਨੇ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਆਪਣੀ ਪਤਨੀ ਅੰਦਲੀਬ ਕੌਰ ਦੇ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਗੁਰੂ ਘਰ ਦਾ ਸ਼ੁਕਰਾਨਾ ਕੀਤਾ। ਇਸ ਦੌਰਾਨ ਬਹੁਜਨ ਸਮਾਜ ਪਾਰਟੀ ਵੱਲੋਂ ਵਿਸ਼ਾਲ ਸਿੱਧੂ, ਬਹੁਜਨ ਮੁਕਤੀ ਪਾਰਟੀ ਵੱਲੋਂ ਸਿਮਰਨ ਪ੍ਰੀਤ ਸਿੰਘ, ਸ਼ਮਸ਼ੇਰ ਸਿੰਘ ਆਜ਼ਾਦ ਉਮੀਦਵਾਰ, ਗੁਰਿੰਦਰ ਸਿੰਘ ਆਜ਼ਾਦ ਉਮੀਦਵਾਰ, ਸ਼ਾਮ ਲਾਲ ਗਾਂਧੀ ਆਜ਼ਾਦ ਉਮੀਦਵਾਰ, ਰੇਸ਼ਮ ਸਿੰਘ ਆਜ਼ਾਦ ਉਮੀਦਵਾਰ , ਹਰਜਿੰਦਰ ਪਾਲ ਆਜ਼ਾਦ ਉਮੀਦਵਾਰ ਸਮੇਤ ਹੋਰਨਾਂ ਵੱਲੋਂ ਵੀ ਆਜ਼ਾਦ ਉਮੀਦਵਾਰ ਵਜੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ। ਕਾਂਗਰਸ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਆਪਣੇ ਪੱਤਰ ਦੇ ਨਾਲ ਸ਼ਾਮਲ ਕੀਤੀ ਆਪਣੀ ਚੱਲ ਅਚੱਲ ਜਾਇਦਾਦ ਵੇਰਵੇ ਵਿੱਚ ਦਾਅਵਾ ਕੀਤਾ ਕਿ ਉਸ ਦੇ ਕੋਲ ਕੁੱਲ 5.34 ਕਰੋੜ ਰੁਪਏ ਦੀ ਚੱਲ-ਅਚੱਲ ਜਾਇਦਾਦ ਹੈ ਅਤੇ 1. 22 ਕਰੋੜ ਰੁਪਏ ਦੀ ਦੇਣਦਾਰੀ ਹੈ। ਕੁਲਦੀਪ ਸਿੰਘ ਧਾਲੀਵਾਲ ਦੀ ਕੁੱਲ 2.10 ਕਰੋੜ ਰੁਪਏ ਦੀ ਚੱਲ ਅਤੇ ਅਚਲ ਜਾਇਦਾਦ ਹੈ ਅਤੇ 70.80 ਲੱਖ ਰੁਪਏ ਦੀਆਂ ਦੇਣਦਾਰੀਆਂ ਹਨ।

LEAVE A REPLY

Please enter your comment!
Please enter your name here