ਟ੍ਰਿਬਿਉੂਨ ਨਿਉੂਜ਼ ਸਰਵਿਸ

ਅੰਮ੍ਰਿਤਸਰ, 29 ਅਪਰੈਲ

ਹਿੰਦ ਦੀ ਚਾਦਰ ਗੁਰੂ ਤੇਗ ਬਹਾਦਰ ਸਾਹਿਬ ਦਾ ਪ੍ਰਕਾਸ਼ ਪੁਰਬ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਨੌਵੇਂ ਪਾਤਸ਼ਾਹੀ ਦੇ ਜਨਮ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਮਨਾਇਆ ਗਿਆ। ਪ੍ਰਕਾਸ਼ ਪੁਰਬ ਸਬੰਧੀ ਗੁਰਮਤਿ ਸਮਾਗਮ ਕੀਤੇ ਗਏ ਤੇ ਵੱਡੀ ਗਿਣਤੀ ਸੰਗਤ ਨੇ ਨਤਮਸਤਕ ਹੋ ਕੇ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸੰਗਤ ਦੇ ਸਹਿਯੋਗ ਨਾਲ ਨੌਵੇਂ ਪਾਤਸ਼ਾਹ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਗੁਰਮਤਿ ਸਮਾਗਮ ਕੀਤੇ ਗਏ। ਅਖੰਡ ਪਾਠ ਦੇ ਭੋਗ ਉਪਰੰਤ ਹਜ਼ੂਰੀ ਰਾਗੀ ਜਥਿਆਂ ਨੇ ਗੁਰਬਾਣੀ ਦਾ ਕੀਰਤਨ ਕੀਤਾ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ ਨੇ ਸੰਗਤ ਨੂੰ ਗੁਰੂ ਸਾਹਿਬ ਦੇ ਜੀਵਨ ਇਤਿਹਾਸ ਤੋਂ ਜਾਣੂ ਕਰਵਾਇਆ। ਉਨ੍ਹਾਂ ਸੰਗਤ ਨੂੰ ਗੁਰੂ ਸਾਹਿਬ ਦੇ ਜੀਵਨ ਤੋਂ ਪ੍ਰੇਰਨਾ ਲੈਣ ਦੀ ਅਪੀਲ ਕੀਤੀ। ਇਸੇ ਦੌਰਾਨ ਸੱਚਖੰਡ ਹਰਿਮੰਦਰ ਸਾਹਿਬ, ਅਕਾਲ ਤਖ਼ਤ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਵਿਖੇ ਅਲੌਕਿਕ ਜਲੌਅ ਸਜਾਏ ਗਏ। ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਹਰਿਮੰਦਰ ਸਾਹਿਬ ਅਤੇ ਹੋਰ ਗੁਰਦੁਆਰਿਆਂ ’ਤੇ ਦੀਪਮਾਲਾ ਕੀਤੀ ਗਈ। ਇਸ ਮੌਕੇ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਗੁਰਮਿੰਦਰ ਸਿੰਘ, ਗਿਆਨੀ ਬਲਵਿੰਦਰ ਸਿੰਘ, ਗਿਆਨੀ ਬਲਜੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ, ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਬਾਬਾ ਸੁੱਚਾ ਸਿੰਘ, ਬਾਬਾ ਸਤਨਾਮ ਸਿੰਘ ਕਿਲਾ ਆਨੰਦਗੜ੍ਹ ਸਾਹਿਬ, ਮੈਨੇਜਰ ਨਰਿੰਦਰ ਸਿੰਘ ਤੇ ਹੋਰ ਹਾਜ਼ਰ ਸਨ।

 

 

LEAVE A REPLY

Please enter your comment!
Please enter your name here