ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 8 ਮਈ

ਚੰਡੀਗੜ੍ਹ ਤੋਂ ਨਾਮਜ਼ਦਗੀਆਂ ਭਰਨ ਦੇ ਦੂਜੇ ਦਿਨ ਦੋ ਆਜ਼ਾਦ ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਹਨ। ਇਸ ਵਿੱਚ ਆਜ਼ਾਦ ਉਮੀਦਵਾਰ ਵਜੋਂ ਪਿੰਡ ਕਜਹੇੜੀ ਦੇ ਰਹਿਣ ਵਾਲੇ ਸ਼ਕੀਲ ਮੁਹੰਮਦ (35) ਤੇ ਬਲਟਾਣਾ ਦੇ ਰਹਿਣ ਵਾਲੇ ਪ੍ਰਤਾਪ ਸਿੰਘ ਰਾਣਾ (65) ਨੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਹਨ। ਭਾਜਪਾ ਉਮੀਦਵਾਰ ਸੰਜੇ ਟੰਡਨ ਵੱਲੋਂ 10 ਮਈ ਨੂੰ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਢਾ ਦੀ ਦੇਖ-ਰੇਖ ਹੇਠ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਜਾਣਗੇ।

ਚੋਣ ਕਮਿਸ਼ਨ ਦੇ ਅਧਿਕਾਰੀਆਂ ਨੇ ਕਿਹਾ ਕਿ ਚੰਡੀਗੜ੍ਹ ਵਿੱਚ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਆਖ਼ਰੀ ਤਾਰੀਖ਼ 14 ਮਈ ਹੈ ਜਦੋਂਕਿ 15 ਮਈ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕੀਤੀ ਜਾਵੇਗੀ ਤੇ 17 ਨੂੰ ਨਾਮਜ਼ਦਗੀ ਪੱਤਰ ਵਾਪਸ ਲਏ ਜਾਣਗੇ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਦੇ 6.5 ਲੱਖ ਦੇ ਕਰੀਬ ਵੋਟਰ ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ ਕਰਨਗੇ।

ਬਸਪਾ ਉਮੀਦਵਾਰ ਮਹਿਤੋ ਨੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ

ਫ਼ਤਹਿਗੜ੍ਹ ਸਾਹਿਬ (ਨਿੱਜੀ ਪੱਤਰ ਪ੍ਰੇਰਕ): ਬਸਪਾ ਦੇ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਉਮੀਦਵਾਰ ਕੁਲਵੰਤ ਸਿੰਘ ਮਹਿਤੋ ਨੇ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸਨਰ ਪਰਨੀਤ ਸ਼ੇਰਗਿੱਲ ਕੋਲ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ। ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਈਸ਼ਾ ਸਿੰਗਲ ਵੀ ਮੌਜੂਦ ਸਨ। ਇਸ ਤੋਂ ਪਹਿਲਾ ਸ੍ਰੀ ਮਹਿਤੋ ਨੇ ਬਸੀ ਰੋਡ ਉੱਪਰ ਐਚਡੀਐਫਸੀ ਬੈਂਕ ਸਾਹਮਣੇ ਚੋਣ ਦਫ਼ਤਰ ਖੋਲ੍ਹਿਆ ਜਿੱਥੇ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ। ਬਾਅਦ ਵਿਚ ਉਹ ਖੁੱਲ੍ਹੀ ਗੱਡੀ ਵਿਚ ਸਵਾਰ ਹੋ ਕੇ ਆਪਣੇ ਸਮਰਥੱਕਾਂ ਸਣੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਨਤਮਸਤਕ ਹੋਣ ਉਪਰੰਤ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਗਏ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਲੋਕਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ।

LEAVE A REPLY

Please enter your comment!
Please enter your name here