ਦਰਸ਼ਨ ਸਿੰਘ ਸੋਢੀ

ਐਸ.ਏ.ਐਸ. ਨਗਰ (ਮੁਹਾਲੀ), 28 ਫਰਵਰੀ

ਇੱਥੋਂ ਦੇ ਇਤਿਹਾਸਕ ਨਗਰ ਚੱਪੜਚਿੜੀ ਨੇੜੇ ਬੁੱਧਵਾਰ ਦੇਰ ਸ਼ਾਮ ਨੂੰ ਪੁਲੀਸ ਮੁਕਾਬਲੇ ਦੌਰਾਨ ਇੱਕ ਗੈਂਗਸਟਰ ਨੂੰ ਕਾਬੂ ਕੀਤਾ ਗਿਆ ਹੈ। ਮੁਲਜ਼ਮ ਦੀ ਪਛਾਣ ਬਨਵਾਰੀ ਲਾਲ ਵਾਸੀ ਆਗਰਾ (ਯੂਪੀ) ਵਜੋ ਹੋਈ ਹੈ। ਜਦੋਂਕਿ ਉਸ ਦਾ ਇੱਕ ਸਾਥੀ ਮੌਕੇ ਤੋਂ ਭੱਜਣ ਵਿੱਚ ਸਫਲ ਹੋ ਗਿਆ। ਇਸ ਕਾਰਵਾਈ ਨੂੰ ਡੀਐਸਪੀ (ਸਪੈਸ਼ਲ ਸੈੱਲ) ਗੁਰਸ਼ੇਰ ਸਿੰਘ ਸੰਧੂ ਦੀ ਅਗਵਾਈ ਵਾਲੀ ਟੀਮ ਨੇ ਅੰਜਾਮ ਦਿੱਤਾ। ਸੂਚਨਾ ਮਿਲਦੇ ਹੀ ਮੁਹਾਲੀ ਦੇ ਐੱਸਐੱਸਪੀ ਸੰਦੀਪ ਗਰਗ ਅਤੇ ਐਸਪੀ (ਡੀ) ਜਯੋਤੀ ਯਾਦਵ ਵੀ ਮੌਕੇ ’ਤੇ ਪਹੁੰਚ ਗਏ ਅਤੇ ਘਟਨਾ ਦਾ ਜਾਇਜ਼ਾ ਲਿਆ। ਪੁਲੀਸ ਨੇ ਮੌਕੇ ’ਤੇ ਇੱਕ ਪਿਸਤੌਲ ਅਤੇ ਮੈਗਜ਼ੀਨ ਵੀ ਬਰਾਮਦ ਕੀਤੀ ਹੈ।

ਐੱਸਐੱਸਪੀ ਸੰਦੀਪ ਗਰਗ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਮੁਹਾਲੀ ਪੁਲੀਸ ਨੂੰ ਇਤਲਾਹ ਮਿਲੀ ਸੀ ਕਿ ਇੱਕ ਪੰਜਾਬੀ ਗਾਇਕ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਸੂਚਨਾ ਮਿਲਦੇ ਹੀ ਪੁਲੀਸ ਨੇ ਵਿਸ਼ੇਸ਼ ਨਾਕਾਬੰਦੀ ਕਰਕੇ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ। ਇਸ ਦੌਰਾਨ ਪੁਲੀਸ ਨੇ ਚੱਪੜਚਿੜੀ ਨੇੜੇ ਇੱਕ ਬਿਨਾਂ ਨੰਬਰੀ ਸ਼ੱਕੀ ਮੋਟਰ ਸਾਈਕਲ ਨੂੰ ਰੁਕਣ ਦਾ ਇਸ਼ਾਰਾ ਕੀਤਾਲੇਕਿਨ ਨੌਜਵਾਨਾਂ ਨੇ ਮੋਟਰ ਸਾਈਕਲ ਦੀ ਰਫ਼ਤਾਰ ਤੇਜ਼ ਕਰਕੇ ਮੌਕੇ ਤੋਂ ਭੱਜਣ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਨੇ ਪੁਲੀਸ ’ਤੇ ਫਾਇਰਿੰਗ ਕਰ ਦਿੱਤੀ। ਜਦੋਂ ਆਪਣੇ ਬਚਾਅ ਲਈ ਪੁਲੀਸ ਨੇ ਗੋਲੀ ਚਲਾਈ ਤਾਂ ਇੱਕ ਗੋਲੀ ਇੱਕ ਵਿਅਕਤੀ ਦੀ ਲੱਤ ਵਿੱਚ ਜਾ ਵੱਜੀ ਜਿਸ ਕਾਰਨ ਉਹ ਮੋਟਰ ਸਾਈਕਲ ਸਣੇ ਸੜਕ ’ਤੇ ਡਿੱਗ ਗਿਆ ਜਦੋਂਕਿ ਉਸ ਦਾ ਦੂਜਾ ਸਾਥੀ ਹਨੇਰੇ ਦਾ ਫਾਈਦਾ ਉਠਾ ਕੇ ਮੌਕੇ ਤੋਂ ਫ਼ਰਾਰ ਹੋ ਗਿਆ। ਉਨ੍ਹਾਂ ਦੱਸਿਆ ਕਿ ਫ਼ਰਾਰ ਮੁਲਜ਼ਮ ਨੂੰ ਵੀ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਐਸਪੀ (ਡੀ) ਸ੍ਰੀਮਤੀ ਜਯੋਤੀ ਯਾਦਵ ਨੇ ਦੱਸਿਆ ਕਿ ਜ਼ਖ਼ਮੀ ਵਿਅਕਤੀ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਦੀ ਪਛਾਣ ਬਨਵਾਰੀ ਲਾਲ ਵਾਸੀ ਆਗਰਾ ਵਜੋਂ ਹੋਈ ਹੈ। ਉਹ ਗੈਂਗਸਟਰ ਕੌਸ਼ਲ ਗਰੁੱਪ ਦਾ ਸਰਗਰਮ ਮੈਂਬਰ ਹੈ। ਉਨ੍ਹਾਂ ਦੱਸਿਆ ਕਿ ਕੁੱਝ ਦਿਨ ਪਹਿਲਾਂ ਹੀ ਮਾਹਿਲਪੁਰ ਵਿੱਚ ਹੋਈ ਗੋਲੀਬਾਰੀ ਦੀ ਘਟਨਾ ਵਿੱਚ ਬਨਵਾਰੀ ਲਾਲ ਪੁਲੀਸ ਨੂੰ ਲੋੜੀਂਦਾ ਸੀ। ਉਨ੍ਹਾਂ ਕਿਹਾ ਕਿ ਪੁਲੀਸ ਮਾਮਲੇ ਦੀ ਵੱਖ-ਵੱਖ ਪਹਿਲੂਆਂ ’ਤੇ ਜਾਂਚ ਕਰ ਰਹੀ ਹੈ ਅਤੇ ਪੁੱਛਗਿੱਛ ਦੌਰਾਨ ਹੋਰ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।

LEAVE A REPLY

Please enter your comment!
Please enter your name here