ਦਰਸ਼ਨ ਸਿੰਘ ਸੋਢੀ

ਐੱਸ.ਏ.ਐੱਸ. ਨਗਰ (ਮੁਹਾਲੀ), 29 ਅਪਰੈਲ

ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵੱਲੋਂ ਪਿਛਲੇ ਦੋ ਸਾਲਾਂ ਦੇ ਕਾਰਜਕਾਲ ਦੌਰਾਨ ਜਨਰਲ ਕੈਟਾਗਰੀ ਕਮਿਸ਼ਨ ਪੰਜਾਬ ਦਾ ਚੇਅਰਮੈਨ ਨਿਯੁਕਤ ਨਾ ਕੀਤੇ ਜਾਣ ਵਿਰੁੱਧ ਜਨਰਲ ਵਰਗ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਜਨਰਲ ਕੈਟਾਗਰੀ ਵਰਗ ਦੇ ਸਿਆਸੀ ਵਿੰਗ ਦੇ ਸੂਬਾ ਪ੍ਰਧਾਨ ਬਲਬੀਰ ਸਿੰਘ ਫੁੱਗਲਾਣਾ, ਮੀਤ ਪ੍ਰਧਾਨ ਜਸਵੀਰ ਸਿੰਘ ਗੜਾਂਗ ਅਤੇ ਜਨਰਲ ਸਕੱਤਰ ਜਗਦੀਸ਼ ਸਿੰਗਲਾ ਨੇ ਐਲਾਨ ਕੀਤਾ ਕਿ ਪੰਜਾਬ ਵਿੱਚ ਪਹਿਲੀ ਜੂਨ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੌਰਾਨ ਜਨਰਲ ਵਰਗ ਵੱਲੋਂ ‘ਆਪ’ ਉਮੀਦਵਾਰਾਂ ਦਾ ਤਿੱਖਾ ਵਿਰੋਧ ਕੀਤਾ ਜਾਵੇਗਾ।

ਅੱਜ ਇੱਥੇ ਜਨਰਲ ਕੈਟਾਗਰੀ ਵਰਗ ਦੇ ਆਗੂਆਂ ਨੇ ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਆਪਣੇ ਕਾਰਜਕਾਲ ਦੌਰਾਨ ਜਨਰਲ ਕੈਟਾਗਰੀ ਕਮਿਸ਼ਨ ਸਥਾਪਤ ਕੀਤਾ ਗਿਆ ਸੀ ਪਰ ‘ਆਪ’ ਸਰਕਾਰ ਨੇ ਕਮਿਸ਼ਨ ਦਾ ਚੇਅਰਮੈਨ ਤੇ ਬਾਕੀ ਮੈਂਬਰ ਨਾਮਜ਼ਦ ਨਹੀਂ ਕੀਤੇ ਅਤੇ ਨਾ ਹੀ ਕਮਿਸ਼ਨ ਦਫ਼ਤਰ ਦਾ ਅਮਲਾ ਫੈਲਾ ਤਾਇਨਾਤ ਕੀਤਾ ਗਿਆ ਹੈ। ਜਨਰਲ ਵਰਗ ਦੀਆਂ ਵੱਖ-ਵੱਖ ਜਥੇਬੰਦੀਆਂ ਵੱਲੋਂ ਬੀਤੀ 4 ਅਪਰੈਲ ਨੂੰ ਜਨਰਲ ਵਰਗ ਦੇ ਸਿਆਸੀ ਵਿੰਗ ਦਾ ਗਠਨ ਕੀਤਾ ਗਿਆ ਸੀ। ਅੱਜ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ ਕੀਤੀ ਗਈ ਹੈ। ਇਸ ਦੌਰਾਨ ਸਰਬਸੰਮਤੀ ਨਾਲ ਸੁਰਿੰਦਰਪਾਲ ਸਿੰਘ ਖੱਟੜਾ ਨੂੰ ਮੁਹਾਲੀ, ਦਿਲਬਾਗ ਸਿੰਘ ਹਿੰਦੂਪੁਰ ਨੂੰ ਫਤਹਿਗੜ੍ਹ ਸਾਹਿਬ, ਅਵਤਾਰ ਸਿੰਘ ਨੂੰ ਪਟਿਆਲਾ, ਵਰਿੰਦਰ ਸਿੰਘ ਭਿੰਡਰ ਨੂੰ ਹੁਸ਼ਿਆਰਪੁਰ ਅਤੇ ਕਰਨੈਲ ਸਿੰਘ ਨੂੰ ਬਠਿੰਡਾ ਦਾ ਜ਼ਿਲ੍ਹਾ ਪ੍ਰਧਾਨ ਥਾਪਿਆ ਗਿਆ ਹੈ। ਆਗੂਆਂ ਨੇ ਕਿਹਾ ਕਿ ਜੋ ਸਿਆਸੀ ਪਾਰਟੀ ਕੇਂਦਰ ਵਿੱਚ ਜਨਰਲ ਕੈਟਾਗਰੀ ਕਮਿਸ਼ਨ ਬਣਾਉਣ ਦਾ ਐਲਾਨ ਕਰੇਗੀ ਅਤੇ ਆਪਣੀ ਪਾਰਟੀ ਵਿੱਚ ਜਨਰਲ ਕੈਟਾਗਰੀ ਵਿੰਗ ਸਥਾਪਤ ਕਰੇਗੀ, ਉਸ ਦਾ ਖੁੱਲ੍ਹ ਕੇ ਸਮਰਥਨ ਕੀਤਾ ਜਾਵੇਗਾ।

 

LEAVE A REPLY

Please enter your comment!
Please enter your name here