ਖੇਤਰੀ ਪ੍ਰਤੀਨਿਧ/ਪੱਤਰ ਪ੍ਰੇਰਕ

ਪਟਿਆਲਾ/ਦੇਵੀਗੜ੍ਹ, 18 ਫਰਵਰੀ

ਆਮ ਆਦਮੀ ਪਾਰਟੀ ਦੇ ਸੂਬਾ ਸਕੱਤਰ ਤੇ ਪੀਆਰਟੀਸੀ ਦੇ ਚੇਅਰਮੈਨ ਰਣਜੋਧ ਸਿੰਘ ਹਡਾਣਾ ਨੇ ਕੇਂਦਰ ਸਰਕਾਰ ਦੇ ਕਿਸਾਨਾਂ ਪ੍ਰਤੀ ਮਾੜੇ ਵਿਹਾਰ ਦੀ ਨਿੰਦਾ ਕਰਦਿਆਂ ਕਿਹਾ ਕਿ ਦੇਸ਼ ਦੇ ਅੰਨਦਾਤਾ ਨਾਲ ਅਜਿਹਾ ਵਰਤਾਰਾ ਕਿਸੇ ਵੀ ਵਰਗ ਨੂੰ ਮਨਜ਼ੂਰ ਨਹੀਂ ਹੈ। ਉਹ ਇੱਥੇ ‘ਆਪ’ ਆਗੂਆਂ ਨਾਲ ਮੀਟਿੰਗ ਮਗਰੋਂ ਸੰਬੋਧਨ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸ਼ੰਭੂ ਬਾਰਡਰ ’ਤੇ ਬਣਾਏ ਮਾਹੌਲ ਨੇ ਕੇਂਦਰ ਸਰਕਾਰ ਦੇ ਅੜੀਅਲ ਵਤੀਰੇ ਦੀ ਪਛਾਣ ਕਰਵਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸ਼ਾਂਤਮਈ ਢੰਗ ਨਾਲ ਸੰਘਰਸ਼ ਕਰ ਰਹੇ ਕਿਸਾਨਾਂ ’ਤੇ ਹਰਿਆਣਾ ਪੁਲੀਸ ਵੱਲੋਂ ਅੱਥਰੂ ਗੈਸ ਦੇ ਗੋਲੇ ਦਾਗੇ ਜਾਣੇ ਅਤੇ ਉਨ੍ਹਾਂ ਨੂੰ ਜ਼ਖਮੀ ਕਰਨਾ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਕਿਸਾਨ ਅੱਜ ਆਪਣੀਆਂ ਹੱਕੀ ਮੰਗਾਂ ਲਈ ਹਰਿਆਣੇ ਦੀਆਂ ਸਰਹੱਦਾਂ ’ਤੇ ਬੈਠਾ ਹੈ, ਪਰ ਕੇਂਦਰ ਨਿਹੱਥੇ ਕਿਸਾਨਾਂ ’ਤੇ ਪਾਣੀ ਦੀਆਂ ਬੁਛਾੜਾ ਅਤੇ ਜ਼ਹਿਰੀਲੇ ਗੈਸ ਦੇ ਗੋਲੇ ਦਾਗ ਕੇ ਲੋਕਤੰਤਰ ਦਾ ਘਾਣ ਕਰ ਰਹੀ ਹੈ। ਇਸ ਮੌਕੇ ਬੁੱਧੀਜੀਵੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਡਾ. ਹਰਨੇਕ ਸਿੰਘ, ਹਰਪਿੰਦਰ ਚੀਮਾਂ, ਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਰਾਜਾ ਧੰਜੂ, ਹਰਪਾਲ ਸਿੰਘ, ਵਿਕਰਮ ਹਡਾਣਾ ਆਦਿ ਵੀ ਮੌਜੂਦ ਸਨ।

LEAVE A REPLY

Please enter your comment!
Please enter your name here