ਬੀਰ ਇੰਦਰ ਸਿੰਘ ਬਨਭੌਰੀ

ਸੁਨਾਮ ਊਧਮ ਸਿੰਘ ਵਾਲਾ, 24 ਮਾਰਚ

ਇਸ ਸ਼ਹਿਰ ’ਚ ਪਿਛਲੇ ਦੋ ਦਿਨਾਂ ਤੋਂ ਜ਼ਹਿਰੀਲੀ ਸ਼ਰਾਬ ਨਾਲ ਹੋ ਰਹੀਆਂ ਮੌਤਾਂ ਦੇ ਮਾਮਲੇ ਵਿੱਚ ਅੱਜ ਵੱਖ-ਵੱਖ ਰਾਜਨੀਤਿਕ, ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਵੱਲੋਂ ਮੌਜੂਦਾ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤੇ ਗਏ। ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਨੇ ਸ਼ਰਾਬ ਕਾਂਡ ਨੂੰ ਮੌਜੂਦਾ ਸਰਕਾਰ ਦੀ ਨਾਕਾਮੀ ਕਰਾਰ ਦਿੱਤਾ। ਕਿਸਾਨ ਆਗੂ ਹੈਪੀ ਨਮੋਲ ਦੀ ਅਗਵਾਈ ਹੇਠ ਇਕੱਤਰ ਕਿਸਾਨਾਂ ਨੇ ਦੋਸ਼ ਲਾਇਆ ਕਿ ਨਸ਼ਿਆਂ ਨੂੰ ਖ਼ਤਮ ਕਰਨ ਦੇ ਮੁੱਦੇ ’ਤੇ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਨਸ਼ਿਆਂ ਦਾ ਹੜ੍ਹ ਰੋਕਣ ’ਚ ਨਾਕਾਮ ਸਾਬਤ ਹੋਈ ਹੈ। ਉਨ੍ਹਾਂ ਦੋਸ਼ ਲਾਇਆ ਕਿ ਪਿੰਡਾਂ-ਸ਼ਹਿਰਾਂ ਵਿੱਚ ਨਸ਼ਾ ਤਸਕਰਾਂ ਵੱਲੋਂ ਨਸ਼ਾ ਵੇਚਿਆ ਜਾ ਰਿਹਾ ਹੈ ਅਤੇ ਨਸ਼ੇੜੀ ਨੌਜਵਾਨਾਂ ਵੱਲੋਂ ਲੁੱਟਾਂ-ਖੋਹਾਂ ਕੀਤੀਆਂ ਜਾ ਰਹੀਆਂ ਹਨ ਪਰ ਸਰਕਾਰ ਇਸ ਸਭ ਨੂੰ ਲੈ ਕੇ ਚਿੰਤਤ ਦਿਖਾਈ ਨਹੀਂ ਦਿੰਦੀ। ਉਨ੍ਹਾਂ ਮੰਗ ਰੱਖੀ ਕਿ ਸ਼ਰਾਬ ਕਾਂਡ ਦੇ ਪੀੜਤ ਪਰਿਵਾਰਾਂ ਨੂੰ ਯੋਗ ਮੁਆਵਜ਼ਾ ਦਿੱਤਾ ਜਾਵੇ ਅਤੇ ਪਰਿਵਾਰ ਦੇ ਇੱਕ-ਇੱਕ ਜੀਅ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ।

ਉਧਰ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਵੀ ਅੱਜ ਰਵਿਦਾਸਪੁਰਾ ਟਿੱਬੀ ਵਿੱਚ ਪਹੁੰਚ ਕੇ ਜ਼ਹਿਰੀਲੀ ਸ਼ਰਾਬ ਕਾਰਨ ਜਾਨ ਗਵਾ ਚੁੱਕੇ ਵਿਅਕਤੀਆਂ ਪਰਿਵਾਰਾਂ ਨਾਲ ਦੁੱਖ ਵੰਡਾਇਆ। ਸ੍ਰੀ ਢੀਂਡਸਾ ਨੇ ਸਬੰਧਿਤ ਇਲਾਕੇ ਦੇ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਅਤੇ ਇਸ ਸ਼ਰਾਬ ਦੀ ਜੁਡੀਸ਼ਲ ਜਾਂਚ ਦੀ ਮੰਗ ਕਰਦਿਆਂ ਕਿਹਾ ਕਿ ਇਹ ਪ੍ਰਸਾਸ਼ਨ ਦੀ ਅਣਗਹਿਲੀ ਕਾਰਨ ਹੋਇਆ ਹੈ। ਉਨ੍ਹਾਂ ਪੰਜਾਬ ਸਰਕਾਰ ਵੱਲੋਂ ਐਲਾਨੀ ਗਈ ਮੁਆਵਜ਼ਾ ਰਾਸ਼ੀ ਨੂੰ ਬਹੁਤ ਹੀ ਘੱਟ ਦੱਸਦਿਆਂ ਪੀੜਤ ਪਰਿਵਾਰਾਂ ਲਈ ਇਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਅਤੇ ਪਰਿਵਾਰ ਦੇ ਇੱਕ ਜੀਅ ਨੂੰ ਸਰਕਾਰੀ ਦੇਣ ਦੀ ਮੰਗ ਕੀਤੀ।

LEAVE A REPLY

Please enter your comment!
Please enter your name here