ਲਖਵੀਰ ਸਿੰਘ ਚੀਮਾ

ਟੱਲੇਵਾਲ(ਬਰਨਾਲਾ), 22 ਫਰਵਰੀ

ਕਿਸਾਨ ਅੰਦੋਲਨ ਦੌਰਾਨ ਨੌਜਵਾਨ ਕਿਸਾਨ ਦੀ ਮੌਤ ਕਾਰਨ ਪੰਜਾਬ ਦੇ ਕਿਸਾਨਾਂ ਵਿੱਚ ਕੇਂਦਰ ਸਰਕਾਰ ਵਿਰੁੱਧ ਰੋਹ ਹੈ। ਰੋਸ ਵਜੋਂ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ ਅੱਜ ਵੱਖ-ਵੱਖ ਥਾਵਾਂ ਤੇ ਰੋਡ ਜਾਮ ਕਰਕੇ ਕੇਂਦਰ ਅਤੇ ਸੂਬਾ ਸਰਕਾਰ ਵਿਰੁੱਧ ਪ੍ਰਦਰਸ਼ਨ ਕੀਤੇ ਗਏ। ਬਰਨਾਲਾ ਜ਼ਿਲ੍ਹੇ ਵਿੱਚ ਬਠਿੰਡਾ, ਮੋਗਾ, ਮਾਨਸਾ ਅਤੇ ਲੁਧਿਆਣਾ ਰੋਡ ਜਾਮ ਕਰਕੇ ਧਰਨੇ ਲਗਾਏ ਗਏ। ਪ੍ਰਦਰਸ਼ਨਕਾਰੀ ਕਿਸਾਨਾਂ ਜਗਸੀਰ ਸਿੰਘ ਛੀਨੀਵਾਲ, ਜਸਮੇਲ ਸਿੰਘ, ਬਲਦੇਵ ਸਿੰਘ ਅਤੇ ਨਿਰਮਲ ਸਿੰਘ ਨੇ ਕਿਹਾ ਕਿ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਇਕੱਠੇ ਹੋ ਕੇ ਪ੍ਰਦਰਸ਼ਨ ਕਰ ਰਹੇ ਹਨ ਅਤੇ ਦਿੱਲੀ ਜਾਣ ਦੀ ਮੰਗ ਕਰ ਰਹੇ ਹਨ ਪਰ ਕੇਂਦਰ ਅਤੇ ਹਰਿਆਣਾ ਸਰਕਾਰਾਂ ਕਿਸਾਨਾਂ ਦੀ ਗੱਲ ਸੁਣਨ ਦੀ ਬਜਾਏ ਦਿੱਲੀ ਜਾਣ ਦਾ ਹੱਕ ਖੋਹ ਰਹੀਆਂ ਹਨ। ਖਨੌਰੀ ਸਰਹੱਦ ’ਤੇ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਖ਼ਿਲਾਫ਼ ਅੱਜ ਪੰਜਾਬ ਭਰ ਵਿੱਚ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵੱਲੋਂ ਸੜਕ ਆਵਾਜਾਈ ਨੂੰ ਬੰਦ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜੇ ਕੇਂਦਰ ਸਰਕਾਰ ਦਾ ਰਵੱਈਆ ਕਿਸਾਨਾਂ ਦੇ ਮਾਮਲੇ ਵਿੱਚ ਇਸੇ ਤਰ੍ਹਾਂ ਰਿਹਾ ਤਾਂ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਹੋਰ ਤਿੱਖਾ ਹੋ ਜਾਵੇਗਾ।

LEAVE A REPLY

Please enter your comment!
Please enter your name here