ਨਿੱਜੀ ਪੱਤਰ ਪ੍ਰੇਰਕ

ਸੰਗਰੂਰ, 24 ਮਾਰਚ

ਜ਼ਿਲ੍ਹਾ ਸੰਗਰੂਰ ਵਿੱਚ ਨਕਲੀ ਸ਼ਰਾਬ ਪੀਣ ਕਾਰਨ ਹੋਈਆਂ ਗੈਰ-ਕੁਦਰਤੀ ਮੌਤਾਂ ਸਬੰਧੀ ਸਿਹਤ ਵਿਭਾਗ ਵੱਲੋਂ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦਾ ਜਾਇਜ਼ਾ ਲੈਣ ਲਈ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਅਜੋਏ ਸ਼ਰਮਾ ਵੱਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਤੇ ਡਾਕਟਰੀ ਅਮਲੇ ਨਾਲ ਸਮੀਖਿਆ ਮੀਟਿੰਗ ਕੀਤੀ ਗਈ।

ਪ੍ਰਮੁੱਖ ਸਕੱਤਰ ਅਜੋਏ ਸ਼ਰਮਾ ਨੇ ਦੱਸਿਆ ਕਿ ਸਿਹਤ ਟੀਮਾਂ ਵੱਲੋਂ ਘਰ ਘਰ ਕੀਤੇ ਜਾ ਰਹੇ ਸਰਵੇ ਅਤੇ ਪਿੰਡਾਂ ਵਿੱਚ ਕੀਤੇ ਜਾ ਰਹੇ ਆਮ ਇਜਲਾਸ ਦਾ ਮੁੱਖ ਮਕਸਦ ਲੋਕਾਂ ਨੂੰ ਨਕਲੀ ਸ਼ਰਾਬ ਦੀ ਵਰਤੋਂ ਪ੍ਰਤੀ ਸੁਚੇਤ ਕਰ ਕੇ ਕੀਮਤੀ ਜਾਨਾਂ ਬਚਾਉਣਾ ਹੈ। ਉਨ੍ਹਾਂ ਹਦਾਇਤ ਕੀਤੀ ਕਿ ਆਮ ਇਜਲਾਸ ਤੇ ਘਰ ਘਰ ਸਰਵੇਖਣ ਦੌਰਾਨ ਮੁੱਢਲੀ ਸਹਾਇਤਾ ਲਈ ਸਾਰੀਆਂ ਦਵਾਈਆਂ ਹਰ ਟੀਮ ਕੋਲ ਮੌਜੂਦ ਹੋਣੀਆਂ ਲਾਜ਼ਮੀ ਹਨ।

ਪ੍ਰਮੁੱਖ ਸਕੱਤਰ ਅਜੋਏ ਸ਼ਰਮਾ ਨੇ ਨਕਲੀ ਸ਼ਰਾਬ ਨਾਲ ਪ੍ਰਭਾਵਿਤ ਪਿੰਡਾਂ, ਟਿੱਬੀ ਰਵਿਦਾਸਪੁਰਾ, ਜਖੇਪਲ ਆਦਿ ਦਾ ਦੌਰਾ ਵੀ ਕੀਤਾ। ਉਨ੍ਹਾਂ ਹਦਾਇਤ ਕੀਤੀ ਕਿ ਸ਼ੱਕੀ ਮਰੀਜ਼ਾਂ ਨੂੰ ਤੁਰੰਤ ਸਰਕਾਰੀ ਹਸਪਤਾਲ ਰੈਫਰ ਕੀਤਾ ਜਾਵੇ ਅਤੇ ਹੋਲੀ ਦੇ ਤਿਉਹਾਰ ਦੇ ਮੱਦੇਨਜ਼ਰ ਨਕਲੀ ਸ਼ਰਾਬ ਦੀ ਸੰਭਾਵੀ ਇਲਾਕਿਆਂ ’ਚ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾ ਕੇ ਲੋਕਾਂ ਨੂੰ ਨਸ਼ਿਆਂ ਖਿਲਾਫ ਜਾਗਰੂਕ ਕੀਤਾ ਜਾਵੇ। ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਘਰ ਘਰ ਜਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਵਿਭਾਗ ਦੀਆਂ ਟੀਮਾਂ 24 ਘੰਟੇ ਕਾਰਜ਼ਸ਼ੀਲ ਹਨ। ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਭਰੋਸਾ ਦਿੱਤਾ ਕਿ ਸੰਗਰੂਰ ਜ਼ਿਲ੍ਹਾ ਪ੍ਰਸ਼ਾਸਨ ਦਾ ਹਰ ਮਹਿਕਮਾ ਸਿਹਤ ਵਿਭਾਗ ਨੂੰ ਇਸ ਜਾਗਰੂਕਤਾ ਇਜਲਾਸ ਵਿੱਚ ਹਰ ਸੰਭਵ ਮਦਦ ਮੁਹੱਈਆ ਕਰਵਾਉਣੀ ਯਕੀਨੀ ਬਣਾਏਗਾ। ਉਨ੍ਹਾਂ ਦੱਸਿਆ ਕਿ ਹੁਣ ਤੱਕ ਨਕਲੀ ਸ਼ਰਾਬ ਸਪਲਾਈ ਕਰਨ ਵਾਲੇ ਤਸਕਰਾਂ ਨੂੰ ਕਾਬੂ ਕਰਨ ਦੇ ਨਾਲ-ਨਾਲ ਬਹੁਤ ਹੱਦ ਤੱਕ ਸਪਲਾਈ ਕੀਤੀ ਗਈ ਨਕਲੀ ਸ਼ਰਾਬ ਵੀ ਬਰਾਮਦ ਕੀਤੀ ਜਾ ਚੁੱਕੀ ਹੈ।

ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਵੱਲੋਂ ਗਲਤੀ ਨਾਲ ਨਕਲੀ ਸ਼ਰਾਬ ਦੀ ਵਰਤੋਂ ਕਰ ਲਈ ਜਾਂਦੀ ਹੈ ਤਾਂ ਤੁਰੰਤ 112 ਜਾਂ 104 ਉੱਤੇ ਇਸਦੀ ਸੂਚਨਾ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ। ਮੀਟਿੰਗ ’ਚ ਡਾਇਰੈਕਟਰ ਸਿਹਤ ਸੇਵਾਵਾਂ ਡਾ. ਅਮਰਜੀਤ ਸਿੰਘ, ਏਡੀਸੀ ਵਰਜੀਤ ਵਾਲੀਆ, ਮੁੱਖ ਮੰਤਰੀ ਫੀਲਡ ਅਫ਼ਸਰ ਜਸਵਿੰਦਰ ਸਿੰਘ, ਸਹਾਇਕ ਕਮਿਸ਼ਨਰ ਉਪਿੰਦਰਜੀਤ ਕੌਰ ਬਰਾੜ, ਐਸਡੀਐਮ ਚਰਨਜੋਤ ਸਿੰਘ ਵਾਲੀਆ, ਸਿਵਲ ਸਰਜਨ ਡਾ. ਕਿਰਪਾਲ ਸਿੰਘ ਆਦਿ ਅਧਿਕਾਰੀ ਮੌਜੂਦ ਸਨ।

LEAVE A REPLY

Please enter your comment!
Please enter your name here