ਨਿੱਜੀ ਪੱਤਰ ਪ੍ਰੇਰਕ

ਸੰਗਰੂਰ, 24 ਮਾਰਚ

ਪੀਜੀਆਈ ਘਾਬਦਾਂ ਵਿੱਚ ਨੌਕਰੀ ਤੋਂ ਫਾਰਗ ਕੀਤੀਆਂ ਨਰਸਾਂ ਵੱਲੋਂ ਭਰਾਤਰੀ ਕਿਸਾਨ ਜਥੇਬੰਦੀਆਂ ਸਮੇਤ ਇੱਥੇ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਅਰਵਿੰਦ ਖੰਨਾ ਦੀ ਕੋਠੀ ਅੱਗੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫ਼ੂਕਿਆ ਗਿਆ। ਇਸ ਦੇ ਨਾਲ ਹੀ ਉਨ੍ਹਾਂ ਕੇਂਦਰ, ਪੀਜੀਆਈ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਨਰਸਾਂ ਐਲਾਨ ਕੀਤਾ ਕਿ ਲੋਕ ਸਭਾ ਚੋਣਾਂ ਦੌਰਾਨ ਵੋਟਾਂ ਬਟੋਰੂ ਲੀਡਰਾਂ ਦਾ ਕਾਲੀਆਂ ਝੰਡੀਆਂ ਨਾਲ ਵਿਰੋਧ ਕੀਤਾ ਜਾਵੇਗਾ।

ਸੰਘਰਸ਼ਕਾਰੀ ਨਰਸਾਂ ਦੀ ਅਗਵਾਈ ਕਰ ਰਹੀ ਨਿੰਦਰਜੀਤ ਕੌਰ ਨੇ ਕਿਹਾ ਕਿ ਉਹ ਪਿਛਲੇ ਕਰੀਬ ਦੋ ਸਾਲ ਤੋਂ ਪੀਜੀਆਈ ਘਾਬਦਾਂ ਵਿੱਚ ਸੇਵਾਵਾਂ ਨਿਭਾਅ ਰਹੀਆਂ ਸਨ ਪਰ ਉਨ੍ਹਾਂ ਨੂੰ ਨੌਕਰੀ ਤੋਂ ਫਾਰਗ ਕਰਕੇ ਬਾਹਰਲੇ ਰਾਜਾਂ ਨਾਲ ਸਬੰਧਤ ਨਰਸਾਂ ਦੀ ਭਰਤੀ ਕੀਤੀ ਗਈ ਹੈ ਜੋ ਉਨ੍ਹਾਂ ਨਾਲ ਸਰਾਸਰ ਬੇਇਨਸਾਫ਼ੀ ਹੈ। ਉਨ੍ਹਾਂ ਦੱਸਿਆ ਕਿ ਉਹ ਪਿਛਲੇ ਕਰੀਬ ਸੱਤ ਮਹੀਨਿਆਂ ਤੋਂ ਪੀਜੀਆਈ ਘਾਬਦਾਂ ਦੇ ਮੁੱਖ ਗੇਟ ਅੱਗੇ ਪੱਕੇ ਰੋਸ ਧਰਨੇ ’ਤੇ ਬੈਠੀਆਂ ਹਨ ਪਰੰਤੂ ਕੋਈ ਸੁਣਵਾਈ ਨਹੀਂ ਹੋ ਰਹੀ। ਸ੍ਰੀ ਅਰਵਿੰਦ ਖੰਨਾ ਵਲੋਂ ਉਨ੍ਹਾਂ ਨੂੰ ਕੇਂਦਰੀ ਸਿਹਤ ਮੰਤਰਾਲਾ ਕੋਲ ਮਾਮਲਾ ਉਠਾ ਕੇ ਹੱਲ ਕਰਾਉਣ ਦਾ ਭਰੋਸਾ ਦਿੱਤਾ ਸੀ ਪਰ ਅਜੇ ਤੱਕ ਕੋਈ ਕਾਰਵਾਈ ਨਹੀਂ ਹੋਈ। ਉਨ੍ਹਾਂ ਐਲਾਨ ਕੀਤਾ ਕਿ ਜਦੋਂ ਤੱਕ ਨੌਕਰੀ ’ਤੇ ਮੁੜ ਬਹਾਲ ਨਹੀਂ ਕੀਤਾ ਜਾਂਦਾ ਉਦੋਂ ਤੱਕ ਸੰਘਰਸ਼ ਲਗਾਤਾਰ ਜਾਰੀ ਰਹੇਗਾ। ਇਸ ਮੌਕੇ ਕਮਲਜੀਤ ਕੌਰ, ਗੁਰਦੀਪ ਸਿੰਘ, ਹਰਪ੍ਰੀਤ ਕੌਰ, ਅਮਨਦੀਪ ਕੌਰ, ਮਨਦੀਪ ਸਿੰਘ, ਭਾਕਿਯੂ ਏਕਤਾ ਉਗਰਾਹਾਂ ਦੇ ਬਲਾਕ ਆਗੂ ਹਰਜੀਤ ਸਿੰਘ ਮਹਿਲਾਂ, ਕਰਮਜੀਤ ਕੌਰ ਭਿੰਡਰਾਂ, ਸੁਖਵੀਰ ਸਿੰਘ ਮਹਿਲਾਂ, ਸਾਬਕਾ ਸੈਨਿਕ ਕ੍ਰਾਂਤੀਕਾਰੀ ਯੂਨੀਅਨ ਦੇ ਪ੍ਰਧਾਨ ਪ੍ਰਗਟ ਸਿੰਘ, ਮਲੂਕ ਸਿੰਘ, ਜਗਤਾਰ ਸਿੰਘ ਨਾਭਾ ਤੇ ਗੁਰਦਰਸ਼ਨ ਸਿੰਘ ਆਦਿ ਸ਼ਾਮਲ ਸਨ।

LEAVE A REPLY

Please enter your comment!
Please enter your name here