ਲਾਹੌਰ, 26 ਅਪਰੈਲ

ਪਾਕਿਸਤਾਨ ਦੀ ਪੰਜਾਬ ਸਰਕਾਰ ਨੇ ਇੱਥੋਂ ਦੇ ਸ਼ਾਦਮਾਨ ਚੌਕ ਦਾ ਨਾਂ ਆਜ਼ਾਦੀ ਘੁਲਾਟੀਏ ਭਗਤ ਸਿੰਘ ਦੇ ਨਾਂ ’ਤੇ ਰੱਖਣ ਦੇ ਮੁੱਦੇ ’ਤੇ ਸ਼ੁੱਕਰਵਾਰ ਨੂੰ ਹਾਈ ਕੋਰਟ ਤੋਂ ਸਮਾਂ ਮੰਗਿਆ ਹੈ। ਲਾਹੌਰ ਹਾਈ ਕੋਰਟ ਦੇ ਜਸਟਿਸ ਸ਼ਮਸ ਮਹਿਮੂਦ ਮਿਰਜ਼ਾ ਭਗਤ ਸਿੰਘ ਮੈਮੋਰੀਅਲ ਫਾਊਂਡੇਸ਼ਨ ਪਾਕਿਸਤਾਨ ਦੀ ਪਟੀਸ਼ਨ ’ਤੇ ਸੁਣਵਾਈ ਕਰ ਰਹੇ ਸਨ, ਜਿਸ ‘ਚ ਸ਼ਾਦਮਾਨ ਚੌਕ ਦਾ ਨਾਂ ਭਗਤ ਸਿੰਘ ਦੇ ਨਾਂ ‘ਤੇ ਰੱਖਣ ਬਾਰੇ ਅਦਾਲਤ ਦੇ ਹੁਕਮਾਂ ਦੀ ਪਾਲਣਾ ਨਾ ਕਰਨ ’ਤੇ ਸੂਬਾਈ ਅਤੇ ਜ਼ਿਲਾ ਸਰਕਾਰਾਂ ਦੇ ਤਿੰਨ ਉੱਚ ਅਧਿਕਾਰੀਆਂ ਖਿਲਾਫ ਮਾਣਹਾਨੀ ਦੀ ਕਾਰਵਾਈ ਦੀ ਮੰਗ ਕੀਤੀ ਗਈ ਸੀ। 2018 ਵਿੱਚ ਅਦਾਲਤ ਨੇ ਸਰਕਾਰ ਨੂੰ ਲਾਹੌਰ ਦੇ ਸ਼ਾਦਮਾਨ ਚੌਕ ਦਾ ਨਾਮ ਭਗਤ ਸਿੰਘ ਦੇ ਨਾਮ ‘ਤੇ ਰੱਖਣ ਦਾ ਆਦੇਸ਼ ਦਿੱਤਾ, ਜਿੱਥੇ ਉਸ ਨੂੰ 93 ਸਾਲ ਪਹਿਲਾਂ ਫਾਂਸੀ ਦਿੱਤੀ ਗਈ ਸੀ। ਸੁਣਵਾਈ ਦੌਰਾਨ ਪੰਜਾਬ ਸਰਕਾਰ ਦੇ ਸਹਾਇਕ ਐਡਵੋਕੇਟ ਜਨਰਲ ਇਮਰਾਨ ਖਾਨ ਨੇ ਅਦਾਲਤ ਨੂੰ ਕਿਹਾ ਕਿ ਸ਼ਾਦਮਾਨ ਚੌਕ ਦਾ ਨਾਂ ਸੁਤੰਤਰਤਾ ਸੈਨਾਨੀ ਦੇ ਨਾਂ ‘ਤੇ ਰੱਖਣ ਲਈ ਨੋਟੀਫਿਕੇਸ਼ਨ ਜਾਰੀ ਕਰਨ ਲਈ ਸਰਕਾਰ ਨੂੰ ਹੋਰ ਸਮਾਂ ਦਿੱਤਾ ਜਾਣਾ ਚਾਹੀਦਾ ਹੈ। ਪਟੀਸ਼ਨਰ ਦੇ ਵਕੀਲ ਐਡਵੋਕੇਟ ਖਾਲਿਦ ਜ਼ਮਾ ਕੱਕੜ ਨੇ ਦਲੀਲ ਦਿੱਤੀ ਕਿ ਇਸ ਮਾਮਲੇ ਵਿੱਚ ਪਹਿਲਾਂ ਹੀ ਕਾਫੀ ਦੇਰੀ ਹੋ ਚੁੱਕੀ ਹੈ। ਅਦਾਲਤ ਨੇ ਸਰਕਾਰੀ ਕਾਨੂੰਨ ਅਧਿਕਾਰੀ ਦੀ ਬੇਨਤੀ ਨੂੰ ਸਵੀਕਾਰ ਕਰ ਲਿਆ ਅਤੇ ਸੁਣਵਾਈ 7 ਜੂਨ ਤੱਕ ਮੁਲਤਵੀ ਕਰ ਦਿੱਤੀ।

LEAVE A REPLY

Please enter your comment!
Please enter your name here