ਦਰਸ਼ਨ ਸਿੰਘ ਸੋਢੀ

ਮੁਹਾਲੀ, 21 ਮਾਰਚ

ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਅੱਜ ਇਥੇ ਸੈਕਟਰ-89 ਵਿੱਚ ਪਾਰਟੀ ਵਰਕਰਾਂ ਨਾਲ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਵੱਖ ਵੱਖ ਸਿਆਸੀ ਪਾਰਟੀਆਂ ਦੇ ਇੰਡੀਆ ਗੱਠਜੋੜ ਨੂੰ ਮੌਕਾਪ੍ਰਸਤ ਸਾਂਝ ਕਰਾਰ ਦਿੱਤਾ। ਭਾਜਪਾ ਨਾਲ ਗੱਠਜੋੜ ਬਾਰੇ ਸ੍ਰੀ ਚੰਦੂਮਾਜਰਾ ਨੇ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾ ਪੰਜਾਬ ਦੇ ਵਿਕਾਸ ਅਤੇ ਤਰੱਕੀ ਨੂੰ ਤਰਜੀਹ ਦਿੱਤੀ ਹੈ। ਮਿਸ਼ਨ-2024 ਲਈ ਅਕਾਲੀ ਦਲ ਪੰਜਾਬ ਦੀ ਖੁਸ਼ਹਾਲੀ ਅਤੇ ਤਰੱਕੀ ਨੂੰ ਮੁੱਖ ਰੱਖ ਕੇ ਸਿਆਸੀ ਗੱਠਜੋੜ ਬਾਰੇ ਸੋਚ ਸਕਦਾ ਹੈ। ਭਾਜਪਾ ਅੱਗੇ ਸ਼ਰਤਾਂ ਰੱਖ ਕੇ ਸਮਝੌਤੇ ਦੀ ਗੱਲ ਤੋਰਨ ਬਾਰੇ ਉਨ੍ਹਾਂ ਕਿਹਾ ਕਿ ਕੇਂਦਰ ਨੂੰ ਸੂਬਿਆਂ ਦੇ ਅਧਿਕਾਰਾਂ ਵਿੱਚ ਦਖ਼ਲਅੰਦਾਜ਼ੀ ਨਹੀਂ ਕਰਨੀ ਚਾਹੀਦੀ। ਅਕਾਲੀ ਆਗੂ ਨੇ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਦੀ ਹਾਲਤ ਬਹੁਤ ਮਾੜੀ ਹੈ। ਕਤਲ ਅਤੇ ਫਿਰੌਤੀ ਮੰਗਣ ਦੇ ਮਾਮਲੇ ਲਗਾਤਾਰ ਵਧ ਰਹੇ ਹਨ ਅਤੇ ਆਏ ਦਿਨ ਗੋਲੀਬਾਰੀ ਦੀਆਂ ਘਟਨਾਵਾਂ ਹੋ ਰਹੀਆਂ ਹਨ।

ਅਕਾਲੀ ਦਲ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਸਿੱਧੂ ਮੂਸੇਵਾਲਾ ਦੇ ਪਰਿਵਾਰ ਦੀ ਖੁਸ਼ੀ ਵੀ ਬਰਦਾਸ਼ਤ ਨਹੀਂ ਹੋ ਰਹੀ। ਇਸ ਮੌਕੇ ਪਾਰਟੀ ਦੇ ਮੀਤ ਪ੍ਰਧਾਨ ਰਣਬੀਰ ਸਿੰਘ ਪੂਨੀਆ, ਸਰਕਲ ਪ੍ਰਧਾਨ ਬਲਵਿੰਦਰ ਸਿੰਘ ਲਖਨੌਰ, ਗੁਰਪ੍ਰਤਾਪ ਸਿੰਘ ਬੜੀ, ਕਰਮਜੀਤ ਸਿੰਘ ਬੜੀ, ਨੰਬਰਦਾਰ ਹਰਵਿੰਦਰ ਸਿੰਘ ਸੋਹਾਣਾ, ਸਿਮਰਨਜੀਤ ਸਿੰਘ ਚੰਦੂਮਾਜਰਾ, ਸੁਖਵਿੰਦਰ ਸਿੰਘ ਛਿੰਦੀ ਬੱਲੋਮਾਜਰਾ, ਸਾਬਕਾ ਚੇਅਰਮੈਨ ਜਸਬੀਰ ਸਿੰਘ ਜੱਸਾ, ਅਮਨ ਪੂਨੀਆ ਮੌਜੂਦ ਸਨ।

LEAVE A REPLY

Please enter your comment!
Please enter your name here