ਪੱਤਰ ਪ੍ਰੇਰਕ

ਐਸਏਐਸ ਨਗਰ (ਮੁਹਾਲੀ), 2 ਮਈ

ਸਰਵ ਸਿੱਖਿਆ ਅਭਿਆਨ ਤੇ ਮਿਡ ਡੇਅ ਮੀਲ ਦਫ਼ਤਰੀ ਕਰਮਚਾਰੀ ਯੂਨੀਅਨ ਦੇ ਆਗੂ ਕੁਲਦੀਪ ਸਿੰਘ, ਪ੍ਰਵੀਨ ਸ਼ਰਮਾ, ਰਾਜਿੰਦਰ ਸਿੰਘ ਸੰਧਾ ਤੇ ਜਗਮੋਹਨ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਦੀ ‘ਆਪ’ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਮੰਨਣ ਦੀ ਥਾਂ ਸੰਘਰਸ਼ਸ਼ੀਲ ਮੁਲਾਜ਼ਮਾਂ ਨੂੰ ਘਰਾਂ ਵਿੱਚ ਨਜ਼ਰਬੰਦ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੱਤਾ ਵਿੱਚ ਆਉਣ ਸਮੇਂ ਭਗਵੰਤ ਮਾਨ ਨੇ ਵਾਅਦਾ ਕੀਤਾ ਸੀ ਕਿ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਪਹਿਲ ਦੇ ਅਧਾਰ ’ਤੇ ਹੱਲ ਕੀਤਾ ਜਾਵੇਗਾ ਪਰ ਸੱਤਾ ਵਿੱਚ ਆਉਣ ’ਤੇ ਮੁੱਖ ਮੰਤਰੀ ਮੁਲਾਜ਼ਮਾਂ ਨੂੰ ਭੁੱਲ ਗਏ। ਆਗੂਆਂ ਨੇ ਕਿਹਾ ਕਿ ਚੋਣਾਂ ਦੇ ਦਿਨਾਂ ਦੌਰਾਨ ਜਥੇਬੰਦੀ ਦੇ ਆਗੂਆਂ ਦੇ ਘਰਾਂ ਵਿੱਚ ਅੱਧੀ ਅੱਧੀ ਰਾਤ ਨੂੰ ਪੁਲੀਸ ਭੇਜ ਕੇ ਪਰਿਵਾਰਾਂ ਵਿੱਚ ਦਹਿਸ਼ਤ ਦਾ ਮਾਹੌਲ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦਹਿਸ਼ਤ ਦਾ ਮਾਹੌਲ ਬਣਾ ਕੇ ਚੋਣਾਂ ਨਹੀਂ ਜਿੱਤੀਆਂ ਜਾ ਸਕਦੀਆਂ।

ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਮੁਲਾਜ਼ਮਾਂ ਨੂੰ ਮਿਲਣ ਤੋਂ ਕਿਉਂ ਡਰ ਰਹੇ ਹਨ। ਉਨ੍ਹਾਂ ਐਲਾਨ ਕੀਤਾ ਕਿ ਮੰਗਾਂ ਮੰਨਣ ਦੀ ਬਜਾਏ ਦਫ਼ਤਰੀ ਮੁਲਾਜ਼ਮਾਂ ਦੇ ਘਰਾਂ ਵਿੱਚ ਪੁਲੀਸ ਭੇਜਣ ਦੀ ਸਰਕਾਰ ਦੀ ਕਾਰਵਾਈ ਦਾ ਮੁਲਾਜ਼ਮ ਡੱਟ ਕੇ ਵਿਰੋਧ ਕਰਨਗੇ ਅਤੇ ਆਉਣ ਵਾਲੇ ਦਿਨਾਂ ਵਿੱਚ ਸਰਕਾਰ ਵਿਰੁੱਧ ਲਾਮਬੰਦੀ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਬਾਕੀ ਮੰਤਰੀਆਂ ਨੂੰ ਘੇਰਿਆ ਜਾਵੇਗਾ।

LEAVE A REPLY

Please enter your comment!
Please enter your name here