ਆਤਿਸ਼ ਗੁਪਤਾ

ਚੰਡੀਗੜ੍ਹ, 27 ਮਾਰਚ

ਪੰਜਾਬੀ ਵਿੱਚ ਹਾੜ੍ਹੀ ਦੀ ਫ਼ਸਲ ਕਣਕ ਦੀ ਸਰਕਾਰੀ ਖਰੀਦ ਪਹਿਲੀ ਅਪਰੈਲ ਤੋਂ ਸ਼ੁਰੂ ਹੋਣ ਜਾ ਰਹੀ ਹੈ। ਕਣਕ ਦੀ ਖਰੀਦ ਦੇ ਸੀਜ਼ਨ ਨੂੰ ਲੈ ਕੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਵੀ ਸਾਰੇ ਖਰੀਦ ਪ੍ਰਬੰਧ ਮੁਕੰਮਲ ਕਰ ਲਏ ਹਨ। ਇਸ ਸਾਲ ਪੰਜਾਬ ਵਿੱਚ ਕਣਕ ਦੀ ਫ਼ਸਲ ਦੀ ਬੰਪਰ ਪੈਦਾਵਾਰ ਹੋਣ ਦੀ ਉਮੀਦ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੂਬੇ ਵਿੱਚ 35.07 ਲੱਖ ਹੈਕਟੇਅਰ ਰਕਬੇ ਵਿੱਚ ਕਣਕ ਦੀ ਬਿਜਾਈ ਕੀਤੀ ਗਈ ਹੈ, ਜਿੱਥੋਂ 161.30 ਲੱਖ ਮੀਟਰਿਕ ਟਨ ਕਣਕ ਦੀ ਪੈਦਾਵਾਰ ਹੋਣ ਦੀ ਉਮੀਦ ਹੈ। ਪੰਜਾਬ ਮੰਡੀ ਬੋਰਡ ਵੱਲੋਂ ਸੂਬੇ ਵਿੱਚ ਕਣਕ ਦੀ ਖਰੀਦ ਲਈ 1908 ਰੈਗੂਲਰ ਖਰੀਦ ਕੇਂਦਰ ਬਣਾਏ ਗਏ ਹਨ। ਜਿਨ੍ਹਾਂ ਨੂੰ ਖਰੀਦ ਏਜੰਸੀਆਂ ਦੀ ਤਜਵੀਜ਼ ਅਨੁਸਾਰ ਵੱਖ-ਵੱਖ ਏਜੰਸੀਆਂ ਨੂੰ ਅਲਾਟਮੈਂਟ ਕਰ ਦਿੱਤੀ ਜਾਵੇਗੀ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਵਰ੍ਹੇ ਕਣਕ ਦੀ ਖਰੀਦ ਲਈ 30,776.36 ਕਰੋੜ ਰੁਪਏ ਨਗਦ ਕਰਜ਼ਾ ਹੱਦ (ਸੀ.ਸੀ.ਐਲ.) ਦੀ ਲੋੜ ਹੈ। ਇਸ ਵਿੱਚੋਂ ਪੰਜਾਬ ਸਰਕਾਰ ਨੂੰ 27077.91 ਕਰੋੜ ਰੁਪਏ ਅਪਰੈਲ ਮਹੀਨੇ ਲਈ ਮਿਲ ਗਏ ਹਨ ਅਤੇ ਬਾਕੀ ਬਚਦੀ ਰਕਮ ਮਈ ਮਹੀਨੇ ਵਿੱਚ ਮਿਲ ਜਾਵੇਗੀ। ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਕਣਕ ਦੀ ਖਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਸਬੰਧਤ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਨਾਲ ਲੈ ਕੇ ਵੀਡੀਓ ਕਾਨਫਰੰਸਿੰਗ ਰਾਹੀਂ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ ਕਣਕ ਦੀ ਖਰੀਦ ਲਈ ਮੰਡੀਆਂ ਵਿੱਚ ਲੋੜੀਂਦੇ ਪ੍ਰਬੰਧਾਂ ਨੂੰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।

ਇਸ ਵਾਰ ਪੰਜਾਬ ਸਰਕਾਰ ਕੋਲ ਕਣਕ ਦੀ ਸੰਭਾਲ ਲਈ ਲੋੜੀਂਦੀ ਥਾਂ ਨਾ ਹੋਣ ਕਰਕੇ ਸਰਕਾਰ ਨੂੰ ਹੱਥਾਂ-ਪੈਰਾਂ ਦੀ ਪੈ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਰਕਾਰ ਕੋਲ 60-65 ਲੱਖ ਮੀਟਰਿਕ ਟਨ ਕਣਕ ਦੀ ਸੰਭਾਲ ਲਈ ਥਾਂ ਪਈ ਹੈ, ਜਦੋਂ ਕਿ ਹੋਰ 70-75 ਲੱਖ ਮੀਟਰਿਕ ਟਣਕ ਕਣਕ ਦੀ ਸੰਭਾਲ ਲਈ ਥਾਂ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ।

LEAVE A REPLY

Please enter your comment!
Please enter your name here