ਆਤਿਸ਼ ਗੁਪਤਾ

ਚੰਡੀਗੜ੍ਹ, 15 ਫਰਵਰੀ

ਕਿਸਾਨੀ ਮੰਗਾਂ ਦੇ ਹੱਲ ਲਈ ਦਿੱਲੀ ਜਾ ਰਹੇ ਕਿਸਾਨਾਂ ਨੂੰ ਰੋਕਣ ਲਈ ਹਰਿਆਣਾ ਸਰਕਾਰ ਵੱਲੋਂ ਲਗਾਈਆਂ ਗਈਆਂ ਰੋਕਾਂ, ਅੱਥਰੂ ਗੈਸ ਦੇ ਗੋਲੇ ਸੁੱਟਣ ਤੇ ਕਿਸਾਨਾਂ ’ਤੇ ਤਸ਼ੱਦਦ ਕਰਨ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਅਤੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵੱਲੋਂ ਅੱਜ 14 ਥਾਵਾਂ ’ਤੇ ਰੇਲਾਂ ਰੋਕੀਆਂ ਗਈਆਂ। ਦੂਜੇ ਪਾਸੇ ਸੰਯੁਕਤ ਕਿਸਾਨ ਮੋਰਚਾ ਵੱਲੋਂ ਅੱਜ ਪੰਜਾਬ ਭਰ ਵਿੱਚ ਟੌਲ ਪਲਾਜ਼ਿਆਂ ’ਤੇ ਰੋਸ ਪ੍ਰਦਰਸ਼ਨ ਕਰਕੇ ਕਈ ਘੰਟਿਆਂ ਤੱਕ ਟੌਲ ਪਲਾਜ਼ੇ ਪਰਚੀ ਮੁਕਤ ਕਰਵਾਏ ਗਏ। ਕਿਸਾਨ ਆਗੂਆਂ ਨੇ ਸੰਯੁਕਤ ਕਿਸਾਨ ਮੋਰਚਾ ਵੱਲੋਂ ਭਲਕੇ 16 ਫਰਵਰੀ ਨੂੰ ‘ਭਾਰਤ ਬੰਦ’ ਦੇ ਸੱਦੇ ਨੂੰ ਕਾਮਯਾਬ ਕਰਨ ਲਈ ਜੋਰ-ਸ਼ੋਰ ਨਾਲ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ ਹੈ।

ਜਾਣਕਾਰੀ ਅਨੁਸਾਰ ਅੱਜ ਕਿਸਾਨ ਯੂਨੀਅਨਾਂ ਨੇ ਪੰਜਾਬ ਭਰ ਵਿੱਚ 14 ਥਾਵਾਂ ’ਤੇ ਤਿੰਨ ਘੰਟਿਆਂ ਲਈ 12 ਤੋਂ 3 ਵਜੇ ਤੱਕ ਰੇਲ ਮਾਰਗਾਂ ’ਤੇ ਧਰਨੇ ਦਿੱਤੇ। ਇਸ ਦੌਰਾਨ ਜੇਠੂਕੇ, ਬੁਢਲਾਡਾ, ਬਰਨਾਲਾ, ਸੁਨਾਮ, ਮਾਨਸਾ, ਸੰਗਰੂਰ, ਘੱਲ ਕਲਾਂ, ਮਲੋਟ, ਜਗਰਾਉਂ, ਭੁੱਚੋ ਮੰਡੀ, ਅੰਮ੍ਰਿਤਸਰ ਵੱਲਾਪੁਲ, ਰਾਜਪੁਰਾ, ਗੁਰੂਹਰਸਹਾਏ ਤੇ ਫਾਜ਼ਿਲਕਾ ’ਚ ਰੇਲ ਆਵਾਜਾਈ ਠੱਪ ਰਹੀ।

ਕਿਸਾਨ ਆਗੂ ਸੁਖਦੇਵ ਸਿੰਘ ਕੋਕਰੀ ਕਲਾਂ ਅਤੇ ਹਰਨੇਕ ਸਿੰਘ ਮਹਿਮਾ ਨੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਨੇ ਤਿੰਨ ਖੇਤੀ ਕਾਨੂੰਨ ਰੱਦ ਕਰਨ ਸਮੇਂ ਕਿਸਾਨਾਂ ਦੀਆਂ ਮੰਗਾਂ ਲਿਖ਼ਤੀ ਰੂਪ ਵਿੱਚ ਮੰਨੀਆਂ ਸਨ ਪਰ ਦੋ ਸਾਲ ਬੀਤਣ ਦੇ ਬਾਵਜੂਦ ਇਹ ਮੰਗਾਂ ਪੂਰੀਆਂ ਨਹੀਂ ਕੀਤੀਆਂ ਗਈਆਂ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਖੇਤੀ ਸੁਧਾਰਾਂ ਦੇ ਨਾਮ ’ਤੇ ਲਿਆਂਦੀਆਂ ਜਾ ਰਹੀਆਂ ਨੀਤੀਆਂ ਖੇਤੀ ਖੇਤਰ ਤੇ ਪੇਂਡੂ ਸੱਭਿਆਚਾਰ ਨੂੰ ਤਬਾਹ ਕਰ ਰਹੀਆਂ ਹਨ। ਇਸੇ ਤਰ੍ਹਾਂ ਜਨਤਕ ਖੇਤਰ ਦੇ ਸਿਹਤ, ਸਿੱਖਿਆ, ਰੇਲਵੇ, ਕੋਲਾ ਖਾਨਾਂ, ਬੈਂਕ, ਬੀਮਾ, ਊਰਜਾ, ਜਹਾਜ਼ਰਾਨੀ ਵਰਗੇ ਅਦਾਰੇ ਅਡਾਨੀ-ਅੰਬਾਨੀ ਨੂੰ ਕੌਡੀਆਂ ਦੇ ਭਾਅ ਵੇਚੇ ਰਹੇ ਹਨ।

ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ, ਮਨਜੀਤ ਸਿੰਘ ਧਨੇਰ, ਝੰਡਾ ਸਿੰਘ ਜੇਠੂਕੇ, ਸ਼ਿੰਗਾਰਾ ਸਿੰਘ ਮਾਨ, ਹਰਿੰਦਰ ਕੌਰ ਬਿੰਦੂ, ਗੁਰਦੀਪ ਸਿੰਘ ਰਾਮਪੁਰਾ, ਹਰੀਸ਼ ਨੱਢਾ ਤੇ ਅੰਮ੍ਰਿਤਪਾਲ ਕੌਰ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਿਸਾਨੀ ਮੰਗਾਂ ਨੂੰ ਪੂਰਾ ਨਾ ਕਰਕੇ ਅੰਨਦਾਤਾਂ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ, ਜੋ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਦੂਜੇ ਪਾਸੇ ਸੰਯੁਕਤ ਕਿਸਾਨ ਮੋਰਚਾ ਦੇ ਪੰਜਾਬ ਚੈਪਟਰ ਵੱਲੋਂ ਕੇਂਦਰ ਸਰਕਾਰ ਵਿਰੁੱਧ ਅੱਜ ਪੰਜਾਬ ਭਰ ਵਿੱਚ ਟੌਲ ਪਲਾਜ਼ੇ ਪਰਚੀ ਮੁਕਤ ਕਰਵਾਏ ਗਏ। ਸੰਯੁਕਤ ਕਿਸਾਨ ਮੋਰਚਾ ਦੇ ਆਗੂ ਤੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਪ੍ਰਧਾਨ ਡਾ. ਦਰਸ਼ਨ ਪਾਲ ਨੇ ਕਿਹਾ ਕਿ ਮੋਦੀ ਸਰਕਾਰ ਕਿਸਾਨਾਂ ਦਾ ਜਮਹੂਰੀ ਤੇ ਕਾਨੂੰਨੀ ਅਧਿਕਾਰ ਖੋਹ ਰਹੀ ਹੈ ਤੇ ਹਰਿਆਣਾ ਸਰਕਾਰ ਨੇ ਸ਼ੰਭੂ ਬੈਰੀਅਰ ’ਤੇ ਕਿਸਾਨਾਂ ਨੂੰ ਰੋਕ ਕੇ ਅੱਥਰੂ ਗੈਸ ਦੇ ਗੋਲੇ ਸੁੱਟੇ ਹਨ, ਜਿਸ ਕਾਰਨ ਲਗਪਗ 150 ਕਿਸਾਨ ਫੱਟੜ ਹੋ ਚੁੱਕੇ ਹਨ।

LEAVE A REPLY

Please enter your comment!
Please enter your name here