ਦਰਸ਼ਨ ਸਿੰਘ ਸੋਢੀ

ਐਸ.ਏ.ਐਸ. ਨਗਰ (ਮੁਹਾਲੀ), 26 ਮਾਰਚ

ਬੰਦੀ ਸਿੰਘਾਂ ਦੀ ਰਿਹਾਈ, ਬੇਅਦਬੀ ਦੀਆਂ ਘਟਨਾਵਾਂ ਅਤੇ ਬਹਿਬਲ ਕਲਾਂ ਗੋਲੀਕਾਂਡ ਸਮੇਤ ਹੋਰ ਸਿੱਖ ਮਸਲਿਆਂ ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ ਉੱਤੇ ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਅਤੇ ਪੰਥਕ ਕਮੇਟੀ ਸਮੇਤ ਹੋਰ ਸਿੱਖ ਜਥੇਬੰਦੀਆਂ ਦਾ ਪੱਕਾ ਮੋਰਚਾ ਜਾਰੀ ਹੈ। ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਨੇ ਕੇਂਦਰ ਅਤੇ ਸਰਕਾਰ ’ਤੇ ਵਾਅਦਾਖ਼ਿਲਾਫ਼ੀ ਦਾ ਦੋਸ਼ ਲਗਾਉਂਦੇ ਹੋਏ ਹੁਕਮਰਾਨਾਂ ਨੂੰ ਰੱਜ ਕੇ ਕੋਸਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸਿੱਖ ਆਗੂਆਂ ਪਾਲ ਸਿੰਘ ਫਰਾਂਸ, ਭਾਈ ਜਸਵਿੰਦਰ ਸਿੰਘ ਰਾਜਪੁਰਾ, ਵਕੀਲ ਗੁਰਸ਼ਰਨ ਸਿੰਘ ਅਤੇ ਹੋਰਨਾਂ ਆਗੂਆਂ ਨੇ ‘ਆਪ’ ਵਾਲੰਟੀਅਰਾਂ ਅਤੇ ਵਿਧਾਇਕਾਂ ਨੂੰ ਜ਼ੋਰ ਦੇ ਕੇ ਆਖਿਆ ਕਿ ਉਹ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਰਿਹਾਈ ਦੀ ਥਾਂ ਵੱਖ-ਵੱਖ ਜੇਲ੍ਹਾਂ ਵਿੱਚ ਬੰਦ ਸਿੱਖ ਕੈਦੀਆਂ ਦੀ ਰਿਹਾਈ ਲਈ ਧਰਨੇ ਲਗਾਉਣ। ਉਨ੍ਹਾਂ ਕਿਹਾ ਕਿ ਬੜੀ ਹੈਰਾਨੀ ਦੀ ਗੱਲ ਹੈ ਕਿ ਕੇਜਰੀਵਾਲ ਦੀ ਰਿਹਾਈ ਲਈ ਤਾਂ ‘ਆਪ’ ਵਾਲੰਟੀਅਰ ਦਿੱਲੀ ਪਹੁੰਚ ਗਏ ਪ੍ਰੰਤੂ ਉਨ੍ਹਾਂ ਕਦੇ ਵੀ ਬੰਦੀ ਸਿੰਘਾਂ ਦੀ ਰਿਹਾਈ ਦੀ ਗੱਲ ਨਹੀਂ ਕੀਤੀ। ਆਗੂਆਂ ਨੇ ਦੱਸਿਆ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਪਹਿਲੀ ਅਪਰੈਲ ਨੂੰ ਪਿੰਡ ਚਪੜ (ਪਟਿਆਲਾ) ਤੋਂ ਇਨਸਾਫ਼ਪਸੰਦ ਲੋਕਾਂ ਵੱਲੋਂ ਮੁਹਾਲੀ ਸਥਿਤ ਪੱਕੇ ਮੋਰਚੇ ਤੱਕ ਰੋਸ ਮਾਰਚ ਕੀਤਾ ਜਾਵੇਗਾ। ਉਨ੍ਹਾਂ ਸਿੱਖ ਸੰਗਤ ਅਤੇ ਨੌਜਵਾਨ ਵਰਗ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰਾਂ ਸਮੇਤ ਇਸ ਮਾਰਚ ਵਿੱਚ ਸ਼ਮੂਲੀਅਤ ਕਰਨ ਤਾਂ ਜੋ ਸਰਕਾਰਾਂ ’ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਦਬਾਅ ਬਣਾਇਆ ਜਾ ਸਕੇ। ਅਕਾਲੀ ਦਲ ਤੇ ਭਾਜਪਾ ਦਾ ਸਿਆਸੀ ਗੱਠਜੋੜ ਨਾ ਹੋਣ ਬਾਰੇ ਆਗੂਆਂ ਨੇ ਕਿਹਾ ਕਿ ਇਨ੍ਹਾਂ ਦੋਵੇਂ ਪਾਰਟੀਆਂ ਨੇ ਪੰਜਾਬ ਨੂੰ ਬਰਬਾਦੀ ਦੇ ਕੰਢੇ ’ਤੇ ਲਿਆ ਖੜ੍ਹਾ ਕੀਤਾ ਹੈ। ਪੰਜਾਬ ਦੇ ਲੋਕਾਂ ਨੂੰ ਇਨ੍ਹਾਂ ਪਾਰਟੀਆਂ ਦੇ ਆਗੂਆਂ ਤੋਂ ਸੁਚੇਤ ਰਹਿਣ ਦੀ ਲੋੜ ਹੈ। ਇਸ ਮੌਕੇ ਬਾਬਾ ਕਰਮ ਸਿੰਘ, ਬਲਜੀਤ ਸਿੰਘ ਭਾਊ, ਭਾਈ ਦਵਿੰਦਰ ਸਿੰਘ, ਭਾਈ ਅਮਰੀਕ ਸਿੰਘ ਮਟੌਰ ਅਤੇ ਹੋਰ ਪਤਵੰਤੇ ਹਾਜ਼ਰ ਸਨ।

LEAVE A REPLY

Please enter your comment!
Please enter your name here