ਪਰਸ਼ੋਤਮ ਬੱਲੀ

ਬਰਨਾਲਾ, 12 ਫਰਵਰੀ

ਪੰਜਾਬ ਦੇ ਵੱਖ-ਵੱਖ ਮਿਹਨਤਕਸ਼ ਤਬਕਿਆਂ ਦੀਆਂ ਸੰਘਰਸ਼ਸ਼ੀਲ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਭਾਕਿਯੂ ਏਕਤਾ-ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦੀ ਪ੍ਰਧਾਨਗੀ ਹੇਠ ਅੱਜ ਇੱਥੇ ਤਰਕਸ਼ੀਲ ਭਵਨ ਵਿੱਚ ਹੋਈ, ਜਿਸ ਵਿੱਚ ਸਮੂਹ ਵਰਗਾਂ ਦੀਆਂ ਅਹਿਮ ਤੇ ਸਾਂਝੀਆਂ ਮੰਗਾਂ ’ਤੇ ਸਾਂਝੀ ਸੰਘਰਸ਼ੀ ਆਵਾਜ਼ ਬੁਲੰਦ ਕਰਨ ਦਾ ਫੈਸਲਾ ਕੀਤਾ ਗਿਆ। ਮੀਟਿੰਗ ਦੌਰਾਨ ਪੰਜਾਬ ਅੰਦਰ ਕਿਸਾਨ-ਮਜ਼ਦੂਰ ਪੱਖੀ ਖੇਤੀ ਨੀਤੀ ਲਿਆਉਣ, ਪੁਰਾਣੀ ਪੈਨਸ਼ਨ ਦੀ ਬਹਾਲੀ, ਠੇਕਾ ਕਾਮਿਆਂ ਨੂੰ ਰੈਗੂਲਰ ਕਰਨ, ਸਭ ਸਰਕਾਰੀ ਅਦਾਰਿਆਂ ਦਾ ਨਿੱਜੀਕਰਨ ਰੋਕਣ, ਠੇਕਾ ਭਰਤੀ ਦੀ ਨੀਤੀ ਰੱਦ ਕਰਨ ਤੇ ਸਭ ਲੋੜਵੰਦਾਂ ਦੇ ਰੈਗੂਲਰ ਰੁਜ਼ਗਾਰ ਦਾ ਪ੍ਰਬੰਧ ਕਰਨ, ਨਿੱਜੀਕਰਨ ਦੀਆਂ ਨੀਤੀਆਂ ਮੁੱਢੋਂ ਰੱਦ ਕਰਨ ਅਤੇ ਸੰਸਾਰ ਵਪਾਰ ਸੰਸਥਾ ’ਚੋਂ ਬਾਹਰ ਆਉਣ ਵਰਗੇ ਮੁੱਦਿਆਂ ਸਮੇਤ ਸਾਂਝੀਆਂ ਅਹਿਮ ਮੰਗਾਂ ’ਤੇ ਸਾਂਝਾ ਸੰਘਰਸ਼ ਉਸਾਰਨ ਦੀ ਦਿਸ਼ਾ ਅਖਤਿਆਰ ਕਰਨ ਦਾ ਫੈਸਲਾ ਕੀਤਾ ਗਿਆ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੱਦੇ ’ਤੇ ਹੋਈ ਇਸ ਮੀਟਿੰਗ ਵਿੱਚ ਕਿਸਾਨਾਂ ਤੋਂ ਇਲਾਵਾ ਖੇਤ ਮਜ਼ਦੂਰ, ਸਨਅਤੀ ਮਜ਼ਦੂਰ, ਬਿਜਲੀ ਕਾਮੇ, ਵੱਖ-ਵੱਖ ਵੰਨਗੀਆਂ ਦੇ ਠੇਕਾ ਮੁਲਾਜ਼ਮ, ਅਧਿਆਪਕ ਤੇ ਵਿਦਿਆਰਥੀ ਵਰਗ ਦੀਆਂ ਜਥੇਬੰਦੀਆਂ ਦੇ ਨੁਮਾਇੰਦੇ ਸ਼ਾਮਲ ਹੋਏ। ਮੀਟਿੰਗ ’ਚ ਸ਼ਾਮਲ ਆਗੂਆਂ ਵੱਲੋਂ ਸਾਂਝੀ ਸੂਬਾਈ ਕਨਵੈਨਸ਼ਨ 19 ਫਰਵਰੀ ਨੂੰ ਬਰਨਾਲਾ ਵਿਖੇ ਕਰਨ ਦਾ ਫੈਸਲਾ ਵੀ ਲਿਆ ਗਿਆ। ਜਥੇਬੰਦੀਆਂ ਨੇ ਪੰਜਾਬ ਦੀਆਂ ਹੋਰ ਸੰਘਰਸ਼ਸ਼ੀਲ ਜਥੇਬੰਦੀਆਂ ਨੂੰ ਸੱਦਾ ਦਿੱਤਾ ਕਿ ਉਹ ਸਾਂਝੇ ਸੰਘਰਸ਼ ਉਸਾਰਨ ਦੇ ਯਤਨ ਦਾ ਹਿੱਸਾ ਬਣਨ। ਸ਼ਾਮਲ ਜਥੇਬੰਦੀਆਂ ਨੇ 16 ਫਰਵਰੀ ਦੇ ਭਾਰਤ ਬੰਦ ਦੇ ਐਕਸ਼ਨ ਵਿੱਚ ਵੀ ਵਧ ਚੜ੍ਹ ਕੇ ਸ਼ਾਮਲ ਹੋਣ ਦਾ ਐਲਾਨ ਕੀਤਾ। ਮੀਟਿੰਗ ਵਿੱਚ ਭਾਕਿਯੂ ਏਕਤਾ-ਉਗਰਾਹਾਂ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਲਛਮਣ ਸਿੰਘ ਸੇਵੇਵਾਲਾ, ਡੀਟੀਐੱਫ ਦੇ ਪ੍ਰਧਾਨ ਦਿਗਵਿਜੇਪਾਲ ਸ਼ਰਮਾ, ਮੋਲਡਰ ਐਂਡ ਸਟੀਲ ਵਰਕਰਜ਼ ਯੂਨੀਅਨ ਦੇ ਪ੍ਰਧਾਨ ਹਰਜਿੰਦਰ ਸਿੰਘ,ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਦੇ ਪ੍ਰਧਾਨ ਵਰਿੰਦਰ ਸਿੰਘ ਮੋਮੀ, ਵੇਰਕਾ ਕੈਟਲਫੀਡ ਤੇ ਮਿਲਕ ਪਲਾਂਟ ਯੂਨੀਅਨ ਪੰਜਾਬ ਦੇ ਜਸਵੀਰ ਸਿੰਘ,ਪੀਐੱਸਯੂ ਦੇ ਹੁਸ਼ਿਆਰ ਸਿੰਘ ਸਲੇਮਗੜ੍ਹ, ਆਊਟਸੋਰਸ ਮੀਟਰ ਰੀਡਰਜ਼ ਯੂਨੀਅਨ ਪੰਜਾਬ ਦੇ ਜਗਸੀਰ ਸਿੰਘ, ਟੈਕਨੀਕਲ ਸਰਵਿਸਿਜ਼ ਯੂਨੀਅਨ ਦੇ ਕ੍ਰਿਸ਼ਨ ਸਿੰਘ ਔਲਖ, ਪਾਵਰਕੌਮ ਐਂਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਦੇ ਪ੍ਰਧਾਨ ਬਲਹਾਰ ਸਿੰਘ, ਡਿਪਟੀ ਕਮਿਸ਼ਨਰ ਦਫ਼ਤਰ ਪੰਜਾਬ ਮੁਲਾਜ਼ਮ ਯੂਨੀਅਨ ਦੀ ਸੂਬਾ ਪ੍ਰਧਾਨ ਰਮਨਪ੍ਰੀਤ ਕੌਰ,ਪੀਐੱਸਪੀਸੀਐੱਲ ਆਊਟਸੋਰਸ ਮੁਲਾਜ਼ਮ ਯੂਨੀਅਨ ਪੰਜਾਬ ਦੇ ਗੁਰਵਿੰਦਰ ਸਿੰਘ ਪੰਨੂ, ਜੀਐੱਚਟੀਪੀ ਠੇਕਾ ਮੁਲਾਜ਼ਮ ਯੂਨੀਅਨ ਆਜ਼ਾਦ ਦੇ ਪ੍ਰਧਾਨ ਜਗਰੂਪ ਸਿੰਘ,ਬੀਬੀਐੱਮਬੀ ਮੁਲਾਜ਼ਮ ਯੂਨੀਅਨ ਨੰਗਲ ਦੇ ਮੰਗਤ ਰਾਮ,ਪੀਡਬਲਿਊਡੀ ਠੇਕਾ ਮੁਲਾਜ਼ਮ ਯੂਨੀਅਨ ਦੇ ਜਸਪ੍ਰੀਤ ਸਿੰਘ, ਸਿਹਤ ਵਿਭਾਗ ਠੇਕਾ ਮੁਲਾਜ਼ਮ ਯੂਨੀਅਨ ਦੇ ਸੁਰਿੰਦਰ ਕੁਮਾਰ, ਲਿਨਫੌਕਸ ਮਜ਼ਦੂਰ ਕਮੇਟੀ ਖੰਨਾ ਦੇ ਸੁਰਿੰਦਰ ਸਿੰਘ ਤੋਂ ਇਲਾਵਾ ਝੰਡਾ ਸਿੰਘ ਜੇਠੂਕੇ, ਜ਼ੋਰਾ ਸਿੰਘ ਨਸਰਾਲੀ ਤੇ ਇਕਬਾਲ ਸਿੰਘ ਹਾਜ਼ਰ ਸਨ।

ਫੋਟੋ: 12ਬੱਲੀ-5

LEAVE A REPLY

Please enter your comment!
Please enter your name here