ਨਿੱਜੀ ਪੱਤਰ ਪ੍ਰੇਰਕ

ਫ਼ਤਹਿਗੜ੍ਹ ਸਾਹਿਬ, 27 ਅਪਰੈਲ

ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ ਫ਼ਤਹਿਗੜ੍ਹ ਸਾਹਿਬ ਦੇ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਸਬੰਧੀ ਕਾਲਜ ਮੈਨੇਜਮੈਂਟ ਖ਼ਿਲਾਫ਼ ਰੋਸ ਮੁਜ਼ਾਹਰਾ ਕਰਕੇ ਸੰਘਰਸ਼ ਦਾ ਬਿਗੁਲ ਵਜਾਇਆ। ਐਸੋਸੀਏਸ਼ਨ ਦੇ ਪ੍ਰਧਾਨ ਬਿਕਰਮਜੀਤ ਸਿੰਘ ਨੇ ਦੋਸ਼ ਲਾਇਆ ਕਿ ਉਹ ਪਿਛਲੇ 2 ਮਹੀਨਿਆਂ ਤੋਂ ਆਪਣੀਆਂ ਮੰਗਾਂ ਲਈ ਕਾਲਜ ਪ੍ਰਿੰਸੀਪਲ ਅਤੇ ਮੈਨੇਜਮੈਂਟ ਤੱਕ ਕਈ ਵਾਰ ਪਹੁੰਚ ਕਰਕੇ ਬੇਨਤੀ ਕਰ ਚੁੱਕੇ ਹਨ ਪਰ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋਈ ਜਿਸ ਕਾਰਨ ਦੁਖੀ ਹੋ ਕੇ ਉਨ੍ਹਾਂ ਨੇ ਆਪਣਾ ਮਾਮਲਾ ਜਨਤਾ ਦੀ ਕਚਹਿਰੀ ਵਿੱਚ ਲਿਜਾਣ ਦਾ ਫ਼ੈਸਲਾ ਕੀਤਾ ਹੈ। ਐਸੋਸੀਏਸ਼ਨ ਦੇ ਜਨਰਲ ਸਕੱਤਰ ਹਰਬੰਸ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਇਸ ਕਾਲਜ ਦੇ ਮੁਲਾਜ਼ਮਾਂ ਨੂੰ ਬਣਦੀਆਂ ਤਨਖਾਹਾਂ ਤੇ ਬਕਾਏ ਆਦਿ ਨਾ ਦੇਣਾ ਵੱਡਾ ਵਿਤਕਰਾ ਹੈ ਜਿਸ ਕਾਰਨ ਹੁਣ ਇਹ ਲੜਾਈ ਆਰ-ਪਾਰ ਦੀ ਹੋਵੇਗੀ ਕਿਉਂਕਿ ਕਾਲਜ ਅਧਿਕਾਰੀ ਅਤੇ ਮੈਨੇਜਮੈਂਟ ਨੇ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਅਗਲੇ ਦਿਨਾਂ ਵਿਚ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਸਨਪ੍ਰੀਤ ਸਿੰਘ, ਅਮਰਜੀਤ ਸਿੰਘ, ਅਜਮੇਰ ਸਿੰਘ, ਸੁਖਵਿੰਦਰ ਸਿੰਘ, ਹਰਪ੍ਰੀਤ ਸਿੰਘ, ਸਰਬਜੀਤ ਕੌਰ ਚੱਠਾ ਅਤੇ ਰਾਮ ਦਾਸ ਆਦਿ ਹਾਜ਼ਰ ਸਨ। ਇਸ ਸਬੰਧੀ ਜਦੋਂ ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ.ਲਖਵੀਰ ਸਿੰਘ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਕਿਹਾ ਕਿ ਕੁਝ ਦੇਰ ਪਹਿਲਾਂ ਮੈਨੇਜਮੈਂਟ ਨੇ ਮੀਟਿੰਗ ਵਿਚ ਇਨ੍ਹਾਂ ਦੀਆਂ ਕੁਝ ਮੰਗਾਂ ਪ੍ਰਵਾਨ ਕਰ ਲਈਆਂ ਸਨ ਅਤੇ ਰਹਿੰਦੀਆਂ ਮੰਗਾਂ ਵੀ ਉਨ੍ਹਾਂ ਦੇ ਧਿਆਨ ਵਿਚ ਲਿਆਦੀਆਂ ਗਈਆਂ ਹਨ, ਜਿਸ ਉਪਰ ਜਲਦ ਫ਼ੈਸਲਾ ਲਿਆ ਜਾਵੇਗਾ।

LEAVE A REPLY

Please enter your comment!
Please enter your name here