ਮੇਜਰ ਸਿੰਘ ਮੱਟਰਾਂ

ਭਵਾਨੀਗੜ੍ਹ, 20 ਮਾਰਚ

ਅੱਜ ਗੁਰਦੁਆਰਾ ਨੌਵੀਂ ਪਾਤਸ਼ਾਹੀ ਪਿੰਡ ਫੱਗੂਵਾਲਾ ਵਿਖੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਬਲਾਕ ਭਵਾਨੀਗੜ੍ਹ ਦੀ ਮੀਟਿੰਗ ਅਜੈਬ ਸਿੰਘ ਲੱਖੇਵਾਲ ਦੀ ਅਗਵਾਈ ਹੇਠ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਸੂਬਾ ਆਗੂ ਜਗਤਾਰ ਸਿੰਘ ਕਾਲਾਝਾੜ, ਬਲਾਕ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਘਰਾਚੋਂ ਅਤੇ ਮੀਤ ਪ੍ਰਧਾਨ ਹਰਜੀਤ ਸਿੰਘ ਮਹਿਲਾਂ ਚੌਕ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਅਨੁਸਾਰ 23 ਮਾਰਚ ਨੂੰ ਅਨਾਜ ਮੰਡੀ ਬਰਨਾਲਾ ਵਿਖੇ ਭਰਾਤਰੀ ਕਿਸਾਨ ਜਥੇਬੰਦੀਆਂ ਵੱਲੋਂ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦਾ ਵੱਡੀ ਪੱਧਰ ’ਤੇ ਸ਼ਹੀਦੀ ਦਿਨ ਮਨਾਇਆ ਜਾਵੇਗਾ। ਆਗੂਆਂ ਨੇ ਕਿਹਾ ਕਿ ਪਿੰਡ ਜੌਲੀਆਂ ਦੇ ਪੀੜਤ ਕਿਸਾਨ ਅਵਤਾਰ ਸਿੰਘ ਦੀ ਮੌਤ ਦੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਪਰਚਾ ਦਰਜ ਹੋਣ ਦੇ ਬਾਵਜੂਦ ਉਨ੍ਹਾਂ ਨੂੰ ਗ੍ਰਿਫਤਾਰ ਕਰਵਾਉਣ ਲਈ 26 ਮਾਰਚ ਤੋਂ ਥਾਣਾ ਭਵਾਨੀਗੜ੍ਹ ਅੱਗੇ ਅਣਮਿਥੇ ਸਮੇਂ ਲਈ ਪੱਕਾ ਮੋਰਚਾ ਲਾਇਆ ਜਾਵੇਗਾ। ਇਸ ਤੋਂ ਇਲਾਵਾ 21 ਫਰਵਰੀ ਨੂੰ ਪਿੰਡ ਹਰਕਿਸ਼ਨਪੁਰਾ ਦੇ ਕਿਸਾਨ ਦੀ ਜ਼ਮੀਨ ਦੀ ਨਿਲਾਮੀ ਕਰਨ ਨੂੰ ਵੀ ਰੋਕਿਆ ਜਾਵੇਗਾ। ਇਸ ਮੌਕੇ ਬਲਾਕ ਆਗੂ ਹਰਜਿੰਦਰ ਸਿੰਘ ਘਰਾਚੋਂ, ਜਸਵੀਰ ਸਿੰਘ ਗਗੜਪੁਰ, ਰਘਵੀਰ ਸਿੰਘ ਘਰਾਚੋਂ, ਗੁਰਚੇਤ ਸਿੰਘ ਭੱਟੀਵਾਲ, ਕਸਮੀਰ ਸਿੰਘ ਆਲੋਅਰਖ ਅਤੇ ਗੁਰਦੇਵ ਸਿੰਘ ਆਲੋਅਰਖ ਸਮੇਤ ਸਾਰੀਆਂ ਪਿੰਡ ਇਕਾਈਆ ਦੇ ਨੁਮਾਇੰਦੇ ਮੌਜੂਦ ਸਨ।

LEAVE A REPLY

Please enter your comment!
Please enter your name here