ਮੇਜਰ ਸਿੰਘ ਮੱਟਰਾਂ

ਭਵਾਨੀਗੜ੍ਹ, 25 ਫਰਵਰੀ

ਇੱਥੋਂ ਦੇ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਵਿਖੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੀ ਬਲਾਕ ਪੱਧਰੀ ਮੀਟਿੰਗ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ 26 ਫਰਵਰੀ ਨੂੰ ਮੁੱਖ ਮਾਰਗਾਂ ’ਤੇ ਟਰੈਕਟਰ ਖੜ੍ਹੇ ਕਰਕੇ ਰੋਸ ਪ੍ਰਦਰਸ਼ਨ ਕਰਨ ਸਬੰਧੀ ਰਣਨੀਤੀ ਘੜੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ, ਜ਼ਿਲ੍ਹਾ ਪ੍ਰਧਾਨ ਕਰਮ ਸਿੰਘ ਬਲਿਆਲ ਅਤੇ ਬਲਾਕ ਪ੍ਰਧਾਨ ਚਮਕੌਰ ਸਿੰਘ ਭੱਟੀਵਾਲ ਨੇ ਕਿਹਾ ਕਿ ਫਸਲਾਂ ’ਤੇ ਐੱਮਐੱਸਪੀ ਦੀ ਗਾਰੰਟੀ ਅਤੇ ਹੋਰ ਮੰਗਾਂ ਲਈ ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਸ਼ਾਂਤਮਈ ਸੰਘਰਸ਼ ਕਰ ਰਹੇ ਕਿਸਾਨਾਂ ਉਪਰ ਬੇਰਹਿਮੀ ਨਾਲ ਢਾਹੇ ਜਬਰ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਲਈ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਅਨੁਸਾਰ ਜਥੇਬੰਦੀ ਵੱਲੋਂ ਭਵਾਨੀਗੜ੍ਹ ਕੌਮੀ ਮਾਰਗ ਦੇ ਕਿਨਾਰੇ ’ਤੇ ਟਰੈਕਟਰ ਖੜ੍ਹੇ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਆਵਾਜਾਈ ਵਿੱਚ ਕੋਈ ਵਿਘਨ ਨਹੀਂ ਪਾਇਆ ਜਾਵੇਗਾ। ਯੂਨੀਅਨ ਵੱਲੋਂ ਸੰਯੁਕਤ ਕਿਸਾਨ ਮੋਰਚੇ ਦੇ ਉਲੀਕੇ ਗਏ ਅਗਲੇ ਪ੍ਰੋਗਰਾਮ ਵਿੱਚ ਵੀ ਵਧ ਚੜ੍ਹ ਕੇ ਸ਼ਮੂਲੀਅਤ ਕੀਤੀ ਜਾਵੇਗੀ। ਮੀਟਿੰਗ ਵਿੱਚ ਖਨੌਰੀ ਬਾਰਡਰ ’ਤੇ ਸ਼ਹੀਦ ਹੋਏ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਮੀਟਿੰਗ ਵਿੱਚ ਬੁੱਧ ਸਿੰਘ ਬਾਲਦ, ਸੁਖਵੀਰ ਸਿੰਘ, ਮੁਖਤਿਆਰ ਸਿੰਘ, ਲਖਵਿੰਦਰ ਸਿੰਘ, ਕੁਲਵਿੰਦਰ ਸਿੰਘ ਚਹਿਲ, ਬਿੰਦਰ ਸਿੰਘ, ਗੁਰਦੇਵ ਸਿੰਘ ਝਨੇੜੀ, ਗੁਰਜੀਤ ਸਿੰਘ, ਟਹਿਲ ਸਿੰਘ ਅਤੇ ਕੇਵਲ ਸਿੰਘ ਆਦਿ ਹਾਜ਼ਰ ਸਨ।

 

LEAVE A REPLY

Please enter your comment!
Please enter your name here