ਜਗਤਾਰ ਸਿੰਘ ਲਾਂਬਾ

ਅੰਮ੍ਰਿਤਸਰ, 10 ਮਈ

ਵਿਦੇਸ਼ ਮੰਤਰੀ ਡਾਕਟਰ ਐੱਸ ਜੈਸ਼ੰਕਰ ਨੇ ਕਿਹਾ ਕਿ ਭਾਜਪਾ ਦਾ ਮੁੱਖ ਟੀਚਾ ਭਾਰਤ ਨੂੰ ਵਿਕਸਿਤ ਦੇਸ਼ ਬਣਾਉਣਾ ਹੈ ਅਤੇ ਉਸ ਲਈ ਮੋਦੀ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਪੂਰੀ ਤਨਦੇਹੀ ਨਾਲ ਕੰਮ ਕੀਤਾ ਹੈ ਤੇ ਭਵਿੱਖ ਵਿੱਚ ਵੀ ਇਸੇ ਟੀਚੇ ਨੂੰ ਪੂਰਾ ਕਰਨ ਲਈ ਯਤਨ ਕੀਤਾ ਜਾਵੇਗਾ। ਉਹ ਅੱਜ ਇੱਥੇ ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਦੇ ਨਾਮਜ਼ਦਗੀ ਪੱਤਰ ਦਾਖਲ ਕਰਨ ਸਮੇਂ ਪੁੱਜੇ ਸਨ।

ਨਾਮਜ਼ਦਗੀ ਪੱਤਰ ਦਾਖਲ ਕਰਨ ਸਮੇਂ ਰੋਡ ਸ਼ੋਅ ਵਿੱਚ ਸ਼ਾਮਿਲ ਹੋਣ ਮਗਰੋਂ ਸ਼ਾਮ ਨੂੰ ਉਨ੍ਹਾਂ ਇੱਥੇ ਬੁੱਧੀਜੀਵੀਆਂ ਦੇ ਸੰਮੇਲਨ ਵਿੱਚ ਵੀ ਸ਼ਮੂਲੀਅਤ ਕੀਤੀ। ਇਸ ਮੌਕੇ ਉਨ੍ਹਾਂ ਸੰਬੋਧਨ ਵੀ ਕੀਤਾ ਅਤੇ ਲੋਕਾਂ ਦੇ ਸਵਾਲਾਂ ਦੇ ਜਵਾਬ ਵੀ ਦਿੱਤੇ। ਉਨ੍ਹਾਂ ਕਿਹਾ ਕਿ ਭਾਰਤ ਉਸ ਵੇਲੇ ਤੱਕ ਵਿਕਸਿਤ ਭਾਰਤ ਨਹੀਂ ਬਣ ਸਕਦਾ ਜਦੋਂ ਤੱਕ ਇਸ ਦਾ ਹਰ ਸੂਬਾ, ਸ਼ਹਿਰ ਤੇ ਪਿੰਡ ਵਿਕਸਿਤ ਨਾ ਬਣ ਜਾਵੇ। ਇਸ ਲਈ ਜ਼ਰੂਰੀ ਹੈ ਕਿ ਹਲਕੇ ਵਿੱਚ ਇੱਕ ਸੁਲਝਿਆ ਹੋਇਆ ਨੁਮਾਇੰਦਾ ਹੋਵੇ ਜੋ ਲੋਕਾਂ ਦੀ ਗੱਲ ਸੰਸਦ ਤੱਕ ਲੈ ਕੇ ਜਾ ਸਕੇ ।ਚੀਨ ਸਬੰਧੀ ਸਵਾਲ ਦੇ ਜਵਾਬ ਵਿੱਚ ਵਿਦੇਸ਼ ਮੰਤਰੀ ਨੇ ਕਿਹਾ ਕਿ ਚੀਨ ਅਤੇ ਪਾਕਿਸਤਾਨ ਵੱਲੋਂ ਭਾਰਤ ਦੀ ਸਰਹੱਦ ’ਤੇ ਗੜਬੜ ਪੈਦਾ ਕੀਤੀ ਜਾ ਰਹੀ ਹੈ ਪਰ ਕੇਂਦਰ ਦੀ ਭਾਜਪਾ ਸਰਕਾਰ ਨੇ ਦੋਵਾਂ ਦੇਸ਼ਾਂ ਦੀਆਂ ਅਜਿਹੀਆਂ ਨੀਤੀਆਂ ਦਾ ਸਖ਼ਤ ਵਿਰੋਧ ਕੀਤਾ ।ਅੰਮ੍ਰਿਤਸਰ ਵਿੱਚ ਅਮਰੀਕੀ ਕੌਂਸੁਲੇਟ ਖੋਲ੍ਹਣ ਦੀ ਮੰਗ ਸਬੰਧੀ ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਦੇ ਲੋਕਾਂ ਨੇ ਇਸ ’ਚ ਪੂਰੀ ਦਿਲਚਸਪੀ ਦਿਖਾਈ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਕਦੇ ਅਜਿਹੀ ਮੰਗ ਨਹੀਂ ਆਈ ਪਰ ਭਾਜਪਾ ਉਮੀਦਵਾਰ ਅਤੇ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਨੇ ਇਹ ਮੰਗ ਰੱਖੀ। ਇਸ ਮੌਕੇ ਸ੍ਰੀ ਸੰਧੂ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਭਾਜਪਾ ਦੇ ਸ਼ਵੇਤ ਮਲਿਕ, ਡਾਕਟਰ ਜਸਵਿੰਦਰ ਸਿੰਘ ਢਿੱਲੋਂ ,ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਸੰਧੂ, ਸੁਰੇਸ਼ ਚੰਦੇਲ ਤੇ ਹੋਰ ਹਾਜ਼ਰ ਸਨ।

LEAVE A REPLY

Please enter your comment!
Please enter your name here