ਜਸਬੀਰ ਸਿੰਘ ਚਾਨਾ

ਫਗਵਾੜਾ, 28 ਅਪਰੈਲ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਸ ਵਾਰ ਚੋਣਾਂ ’ਚ ਭਾਜਪਾ ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਵੇਗਾ ਕਿਉਂਕਿ ਪਾਰਟੀ ਦਾ ਆਪਣਾ ਆਧਾਰ ਮਜ਼ਬੂਤ ਨਹੀਂ ਹੈ।

ਹੁਸ਼ਿਆਰਪੁਰ ਲੋਕ ਸਭਾ ਹਲਕੇ ਦੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸੋਹਣ ਸਿੰਘ ਠੰਡਲ ਦੇ ਇੱਥੇ ਪੁੱਜਣ ’ਤੇ ਸੁਆਗਤੀ ਸਮਾਗਮ ’ਚ ਸ਼ਾਮਲ ਹੋਣ ਮੌਕੇ ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਕੇਂਦਰ ’ਚ ਸਿੱਖਾਂ ਦੇ ਸਹਿਯੋਗ ਨਾਲ ਬਣੀ ਸੀ ਪਰ ਸਿੱਖਾਂ ਦੇ ਧਾਰਮਿਕ ਮਸਲਿਆਂ ’ਚ ਦਖ਼ਲ ਦੇ ਕੇ ਪੰਥ ਨੂੰ ਖੇਰੂੰ-ਖੇਰੂੰ ਕਰਨ ’ਤੇ ਤੁਲੀ ਹੋਈ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਨਾਲ ਅਜਿਹਾ ਕਰਨ ਵਾਲੇ ਨੂੰ ਕਦੇ ਚੰਗੀ ਪ੍ਰਾਪਤੀ ਨਹੀਂ ਹੋਣੀ ਸਗੋਂ ਨਿਰਾਸ਼ਾ ਦਾ ਮੂੰਹ ਦੇਖਣਾ ਪਵੇਗਾ।

ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਸਮੱਸਿਆਵਾ ਹੱਲ ਕਰਨ, ਬੰਦੀ ਸਿੰਘਾਂ ਦੀ ਰਿਹਾਈ, ਹਰਿਆਣਾ ਸ਼੍ਰੋਮਣੀ ਕਮੇਟੀ ਸਥਾਪਿਤ ਕਰਨ ਤੇ ਤਖ਼ਤ ਹਜ਼ੂਰ ਸਾਹਿਬ ਦੇ ਪ੍ਰਬੰਧਾਂ ’ਚ ਤਬਦੀਲ ਕਰਨ ਦੇ ਮੁੱਦੇ ਮੁੱਖ ਤੌਰ ’ਤੇ ਸ਼ਾਮਲ ਹਨ ਜਿਸ ਦਾ ਭਾਜਪਾ ਨੇ ਕੋਈ ਹੱਲ ਨਾ ਕਰਨ ਕਰ ਕੇ ਸ਼੍ਰੋਮਣੀ ਅਕਾਲੀ ਆਪਣੇ ਪੱਧਰ ’ਤੇ ਚੋਣ ਲੜ ਰਿਹਾ ਹੈ।

ਇਸ ਮੌਕੇ ਰਣਜੀਤ ਸਿੰਘ ਖੁਰਾਣਾ, ਰਜਿੰਦਰ ਸਿੰਘ ਚੰਦੀ, ਜਸਵਿੰਦਰ ਸਿੰਘ ਭਗਤਪੁਰਾ, ਝਿਰਮਲ ਸਿੰਘ ਭਿੰਡਰ, ਸਰਬਜੀਤ ਕੌਰ, ਬਲਜਿੰਦਰ ਸਿੰਘ ਠੇਕੇਦਾਰ ਸਣੇ ਕਈ ਹੋਰ ਸ਼ਾਮਲ ਸਨ।

ਧਾਮੀ ਵੱਲੋਂ ਸੰਗਤ ਨੂੰ ਪ੍ਰਕਾਸ਼ ਪੁਰਬ ਦੀ ਵਧਾਈ

ਅੰਮ੍ਰਿਤਸਰ (ਟ੍ਰਿਬਿਉੂਨ ਨਿਉੂਜ਼ ਸਰਵਿਸ): ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਦਿਵਸ ਦੀ ਸੰਗਤ ਨੂੰ ਵਧਾਈ ਦਿੱਤੀ ਹੈ। 29 ਅਪਰੈਲ ਨੂੰ ਮਨਾਏ ਜਾ ਰਹੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਆਪਣੇ ਵਧਾਈ ਸੰਦੇਸ਼ ਵਿੱਚ ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦਾ ਸਮੁੱਚਾ ਜੀਵਨ ਹੱਕ ਸੱਚ ਲਈ ਆਵਾਜ਼ ਉਠਾਉਣ ਦੀ ਪ੍ਰੇਰਨਾ ਦਿੰਦਾ ਹੈ। ਗੁਰੂ ਸਾਹਿਬ ਨੇ ਧਰਮ ਦੀਆਂ ਕਦਰਾਂ-ਕੀਮਤਾਂ ਦੀ ਰੱਖਿਆ ਵਾਸਤੇ ਆਵਾਜ਼ ਬੁਲੰਦ ਕਰਦਿਆਂ ਧਰਮ ਦੀ ਰੱਖਿਆ ਲਈ ਸ਼ਹਾਦਤ ਪ੍ਰਾਪਤ ਕੀਤੀ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਉਹ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸਮਾਜਿਕ ਬੁਰਾਈਆਂ ਵਿਰੁੱਧ ਆਵਾਜ਼ ਬੁਲੰਦ ਕਰਨ ਦਾ ਪ੍ਰਣ ਕਰਨ ਅਤੇ ਗੁਰੂ ਸਾਹਿਬ ਦੇ ਜੀਵਨ ਤੇ ਉਪਦੇਸ਼ਾਂ ਉੱਤੇ ਚੱਲ ਕੇ ਆਪਣਾ ਜੀਵਨ ਬਤੀਤ ਕਰਨ।

LEAVE A REPLY

Please enter your comment!
Please enter your name here